ਜ਼ੀਰਕਪੁਰ (ਮੋਹਾਲੀ), 12 ਅਗਸਤ- ਆਜ਼ਾਦੀ ਦਿਵਸ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਜ਼ੀਰਕਪੁਰ ਪੁਲਿਸ ਵਲੋਂ ਉੱਚ ਅਧਿਕਾਰੀਆਂ ਦੇ ਨਿਰਦੇਸ਼ਾਂ ’ਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਸਥਿਤ ਹੋਟਲਾਂ ਅਤੇ ਗੈਸਟ ਹਾਊਸਾਂ ਵਿਚ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਦੌਰਾਨ ਪੁਲਿਸ ਟੀਮਾਂ ਨੇ ਹੋਟਲਾਂ ਦੇ ਰਿਕਾਰਡ, ਉੱਥੇ ਠਹਿਰੇ ਮਹਿਮਾਨਾਂ ਦੇ ਪਛਾਣ ਸਬੰਧੀ ਦਸਤਾਵੇਜ਼ਾਂ ਅਤੇ ਸੁਰੱਖਿਆ ਪ੍ਰਬੰਧਾਂ ਦੀ ਜਾਂਚ ਕੀਤੀ।
ਪੁਲਿਸ ਅਧਿਕਾਰੀਆਂ ਨੇ ਹੋਟਲ ਅਤੇ ਗੈਸਟ ਹਾਊਸ ਸੰਚਾਲਕਾਂ ਨੂੰ ਹਦਾਇਤ ਕੀਤੀ ਕਿ ਬਿਨ੍ਹਾਂ ਵੈਧ ਪਛਾਣ ਪੱਤਰ ਦੇ ਕਿਸੇ ਵੀ ਵਿਅਕਤੀ ਨੂੰ ਕਮਰਾ ਨਾ ਦਿੱਤਾ ਜਾਵੇ। ਇਸ ਦੇ ਨਾਲ ਹੀ ਕਿਸੇ ਸ਼ੱਕੀ ਵਿਅਕਤੀ, ਵਸਤੂ ਜਾਂ ਗਤੀਵਿਧੀ ਬਾਰੇ ਪਤਾ ਲੱਗਣ ’ਤੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ ਲਈ ਕਿਹਾ ਗਿਆ। ਹੋਟਲ ਕਰਮਚਾਰੀਆਂ ਨੂੰ ਵੀ ਸੁਰੱਖਿਆ ਸਬੰਧੀ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ ਗਏ।
ਥਾਣਾ ਇੰਚਾਰਜ ਜ਼ੀਰਕਪੁਰ ਜਸਵੀਰ ਸਿੰਘ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ 15 ਅਗਸਤ ਦੇ ਮੱਦੇਨਜ਼ਰ ਸਾਵਧਾਨ ਰਹਿਣ ਅਤੇ ਆਪਣੇ ਆਲੇ-ਦੁਆਲੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਜਾਣਕਾਰੀ ਤੁਰੰਤ ਪੁਲਿਸ ਨੂੰ ਦੇਣ।
ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਆਜ਼ਾਦੀ ਦਿਵਸ ਨੂੰ ਲੈ ਕੇ ਸੁਰੱਖਿਆ ਪ੍ਰਬੰਧਾਂ ਵਿਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਨਿਗਰਾਨੀ ਅਤੇ ਚੈਕਿੰਗ ਮੁਹਿੰਮ ਲਗਾਤਾਰ ਜਾਰੀ ਰਹੇਗੀ।