ਦਿੱਲੀ, 24 ਅਗਸਤ- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ’ਤੇ ਨਾਂਦੇੜ ਸਾਹਿਬ ਸ੍ਰੀ ਹਜ਼ੂਰ ਸਾਹਿਬ ਵਿਖੇ ਹੋਏ ਕਾਤਲਾਨਾ ਹਮਲੇ ਤੋਂ ਬਾਅਦ ਉਨ੍ਹਾਂ ਦਾ ਹਾਲਚਾਲ ਜਾਣਨ ਲਈ ਸ਼੍ਰੋਮਣੀ ਅਕਾਲੀ ਦਲ (ਬ) ਦੇ ਬੁਲਾਰੇ ਸੁਖਮਿੰਦਰ ਸਿੰਘ ਰਾਜਪਾਲ ਅਤੇ ਲੱਕੀ ਮਲੋਤਰਾ ਅੱਜ ਦਿੱਲੀ ਵਿਖੇ ਸਰਦਾਰ ਸੁਖਬੀਰ ਸਿੰਘ ਬਾਦਲ ਦੇ ਫਾਰਮ ਹਾਊਸ ਵਿਖੇ ਪਹੁੰਚੇ।
ਇਸ ਮੌਕੇ ਅਕਾਲੀ ਆਗੂਆਂ ਨੇ ਸਰਦਾਰ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਸਿਹਤ ਅਤੇ ਹਾਲਚਾਲ ਬਾਰੇ ਜਾਣਕਾਰੀ ਲਈ ਅਤੇ ਹਮਦਰਦੀ ਦਾ ਪ੍ਰਗਟਾਵਾ ਕੀਤਾ। ਮੁਲਾਕਾਤ ਦੌਰਾਨ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ, ਪਾਰਟੀ ਦੀਆਂ ਗਤੀਵਿਧੀਆਂ ਅਤੇ ਆਉਣ ਵਾਲੇ ਸਮੇਂ ਦੀ ਰਾਜਨੀਤਕ ਰਣਨੀਤੀ ਸਮੇਤ ਵੱਖ-ਵੱਖ ਅਹਿਮ ਮੁੱਦਿਆਂ ’ਤੇ ਲੰਮਾ ਸਮਾਂ ਵਿਚਾਰ-ਵਟਾਂਦਰਾ ਵੀ ਹੋਇਆ।
ਸੁੱਖਮਿੰਦਰ ਸਿੰਘ ਰਾਜਪਾਲ ਨੇ ਕਿਹਾ ਕਿ ਸਰਦਾਰ ਸੁਖਬੀਰ ਸਿੰਘ ਬਾਦਲ ’ਤੇ ਹੋਇਆ ਹਮਲਾ ਬੇਹੱਦ ਗੰਭੀਰ ਅਤੇ ਨਿੰਦਣਯੋਗ ਘਟਨਾ ਸੀ। ਉਨ੍ਹਾਂ ਕਿਹਾ ਕਿ ਗੁਰੂ ਘਰ ਦੀ ਪਵਿੱਤਰ ਧਰਤੀ ’ਤੇ ਅਜਿਹੀ ਹਿੰਸਕ ਘਟਨਾ ਵਾਪਰਨਾ ਹੋਰ ਵੀ ਚਿੰਤਾਜਨਕ ਹੈ। ਉਨ੍ਹਾਂ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਚੜ੍ਹਦੀ ਕਲਾ ਅਤੇ ਤੰਦਰੁਸਤੀ ਲਈ ਅਰਦਾਸ ਕਰਦਿਆਂ ਕਿਹਾ ਕਿ ਉਹ ਪੂਰੀ ਮਜ਼ਬੂਤੀ ਨਾਲ ਪੰਥ ਅਤੇ ਪੰਜਾਬ ਦੀ ਸੇਵਾ ਲਈ ਡਟੇ ਹੋਏ ਹਨ। ਮੁਲਾਕਾਤ ਦੌਰਾਨ ਪਾਰਟੀ ਨੂੰ ਹੋਰ ਮਜ਼ਬੂਤ ਕਰਨ, ਵਰਕਰਾਂ ਨਾਲ ਸੰਪਰਕ ਵਧਾਉਣ ਅਤੇ ਪੰਜਾਬ ਦੇ ਲੋਕਾਂ ਨਾਲ ਜੁੜੇ ਅਹਿਮ ਮੁੱਦਿਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਸਬੰਧੀ ਵੀ ਵਿਚਾਰ-ਚਰਚਾ ਹੋਈ।
ਸੁਖਮਿੰਦਰ ਸਿੰਘ ਰਾਜਪਾਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਦਾ ਹਰ ਵਰਕਰ ਅਤੇ ਆਗੂ ਸਰਦਾਰ ਸੁਖਬੀਰ ਸਿੰਘ ਬਾਦਲ ਦੇ ਨਾਲ ਚੱਟਾਨ ਵਾਂਗ ਖੜ੍ਹਾ ਹੈ ਅਤੇ ਪਾਰਟੀ ਪੰਜਾਬ ਦੇ ਹਿੱਤਾਂ ਅਤੇ ਪੰਥਕ ਮਸਲਿਆਂ ਲਈ ਆਪਣੀ ਆਵਾਜ਼ ਹੋਰ ਮਜ਼ਬੂਤੀ ਨਾਲ ਬੁਲੰਦ ਕਰਦੀ ਰਹੇਗੀ।