ਚੰਡੀਗੜ੍ਹ, 25 ਅਗਸਤ - ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਯੂਥ ਵਿੰਗ ਦੇ ਪ੍ਰਧਾਨ ਗੁਰਜੀਤ ਸਿੰਘ ਤਲਵੰਡੀ ਨੇ ਕਿਹਾ ਕਿ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ 17ਵੀਂ ਵਾਰ ਪੈਰੋਲ ਮਿਲੀ ਪਰ ਭਾਈ ਜਗਤਾਰ ਸਿੰਘ ਹਵਾਰਾ ਅਤੇ ਹੋਰ ਬੰਦੀ ਸਿੰਘਾਂ ਨੂੰ ਉਹੀ ਰਾਹਤ ਦੇਣ ਤੋਂ ਇਨਕਾਰ ਕੀਤਾ ਜਾ ਰਿਹਾ ਹੈ! ਕੀ ਇਹ ਕੁਦਰਤੀ ਨਿਆਂ ਅਤੇ ਕਾਨੂੰਨ ਦੇ ਬਰਾਬਰੀ ਦੇ ਸਿਧਾਂਤ ਦੀ ਹੱਤਿਆ ਨਹੀਂ? ਪੰਜਾਬ ਅਤੇ ਪੰਜਾਬ ਦੇ ਬੰਦੀ ਸਿੰਘਾਂ ਨਾਲ ਇਹ ਵਿਤਕਰੇ ਵਾਲਾ ਰਵੱਈਆ ਕਿਉਂ? ਇਸ ਮਾਮਲੇ ਵਿਚ ਐਸ.ਜੀ.ਪੀ.ਸੀ. ਵੀ ਆਪਣੀ ਜ਼ਿੰਮੇਵਾਰੀ ਤੋਂ ਨਹੀਂ ਭੱਜ ਸਕਦੀ। ਬੰਦੀ ਸਿੰਘਾਂ ਦੇ ਮਾਮਲਿਆਂ ਨੂੰ ਲਗਾਤਾਰ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਨਾ ਵਧਾਉਣਾ ਅਤੇ ਰਾਮ ਰਹੀਮ ਨੂੰ ਵਾਰ-ਵਾਰ ਦਿੱਤੀ ਜਾ ਰਹੀ ਪੈਰੋਲ ਦਾ ਢੁੱਕਵਾਂ ਵਿਰੋਧ ਨਾ ਕਰਨਾ ਵੀ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਕਾਨੂੰਨ ਸਭ ਲਈ ਬਰਾਬਰ ਹੋਣਾ ਚਾਹੀਦਾ ਹੈ। ਨਿਆਂ ਵਿਚ ਕਿਸੇ ਨਾਲ ਵਿਤਕਰਾ ਨਹੀਂ ਹੋਣਾ ਚਾਹੀਦਾ।