ਚੋਗਾਵਾਂ (ਅੰਮ੍ਰਿਤਸਰ), 3 ਸਤੰਬਰ (ਗੁਰਵਿੰਦਰ ਸਿੰਘ ਕਲਸੀ)- ਮਾਨਯੋਗ ਮੁੱਖ ਮੰਤਰੀ ਪੰਜਾਬ, ਡੀ.ਜੀ.ਪੀ. ਪੰਜਾਬ ਅਤੇ ਐਸ.ਐਸ.ਪੀ. ਦਿਹਾਤੀ ਅੰਮ੍ਰਿਤਸਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਗਈ ਮੁਹਿੰਮ ਤਹਿਤ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ, ਜਦੋਂ ਲੋਪੋਕੇ ਪੁਲਿਸ ਵਲੋਂ ਇਕ ਵਿਸ਼ੇਸ਼ ਨਾਕਾਬੰਦੀ ਦੌਰਾਨ 2 ਨਸ਼ਾ ਤਸਕਰਾਂ ਨੂੰ 2 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਗਿਆ।
ਇਸ ਸਬੰਧੀ ਡੀ.ਐਸ.ਪੀ. ਰਾਜਾਸਾਂਸੀ ਜਗਬੀਰ ਸਿੰਘ ਔਲਖ ਨੇ ਕਿਹਾ ਕਿ ਗੁਪਤ ਸੂਚਨਾ ਮਿਲੀ ਸੀ ਕਿ ਇਲਾਕੇ ਵਿਚ ਨਸ਼ੇ ਦੀ ਇਕ ਵੱਡੀ ਖੇਪ ਸਪਲਾਈ ਹੋਣ ਜਾ ਰਹੀ ਹੈ। ਇਸ ਇਤਲਾਹ ਦੇ ਆਧਾਰ 'ਤੇ ਐਸ.ਐਚ.ਓ ਲੋਪੋਕੇ ਜਸਦੀਪ ਸਿੰਘ ਤੇ ਪੁਲਿਸ ਪਾਰਟੀ ਵਲੋਂ ਤੁਰੰਤ ਮੁਸਤੈਦੀ ਦਿਖਾਉਂਦੇ ਹੋਏ ਵਿਸ਼ੇਸ਼ ਨਾਕਾਬੰਦੀ ਕੀਤੀ ਗਈ। ਪਿੰਡ ਬਹਿੜਵਾਲ ਵਿਖੇ ਚੈਕਿੰਗ ਦੌਰਾਨ ਸ਼ੱਕੀ ਹਾਲਤ ਵਿਚ ਆ ਰਹੇ ਦੋ ਵਿਅਕਤੀਆਂ ਨੂੰ ਰੋਕ ਕੇ ਜਦੋਂ ਕਾਨੂੰਨ ਮੁਤਾਬਕ ਤਲਾਸ਼ੀ ਲਈ ਗਈ, ਤਾਂ ਉਨ੍ਹਾਂ ਦੇ ਕਬਜ਼ੇ ਵਿਚੋਂ 2 ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ।
ਪੁਲਿਸ ਨੇ ਮੌਕੇ 'ਤੇ ਹੀ ਅਰਸ਼ਦੀਪ ਮਸੀਹ ਪੁੱਤਰ ਤਰਸੇਮ ਮਸੀਹ ਅਤੇ ਸਰਬਜੀਤ ਸਿੰਘ ਪੁੱਤਰ ਜਗੀਰ ਸਿੰਘ ਪਿੰਡ ਸ਼ਹੂਰਾ ਨੂੰ ਗ੍ਰਿਫ਼ਤਾਰ ਕਰ ਲਿਆ। ਡੀ.ਐਸ.ਪੀ. ਜਗਬੀਰ ਸਿੰਘ ਔਲਖ ਨੇ ਦੱਸਿਆ ਕਿ ਫੜੇ ਕਥਿਤ ਦੋਸ਼ੀਆਂ ਖਿਲਾਫ਼ ਪੁਲਿਸ ਥਾਣਾ ਲੋਪੋਕੇ ਵਿਖੇ 21 ਸੀ, 29-61-85 ਐਨ.ਡੀ.ਪੀ.ਐਸ. ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ।
ਰਿਮਾਂਡ ਦੌਰਾਨ ਇਨ੍ਹਾਂ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਹ ਨਸ਼ੇ ਦੀ ਖੇਪ ਕਿੱਥੋਂ ਲੈ ਕੇ ਆਏ ਸਨ ਅਤੇ ਅੱਗੇ ਕਿਹੜੇ-ਕਿਹੜੇ ਲੋਕਾਂ ਨੂੰ ਸਪਲਾਈ ਕੀਤੀ ਜਾਣੀ ਸੀ। ਪੁਲਿਸ ਮੁਤਾਬਕ ਇਸ ਮਾਮਲੇ ਵਿਚ ਹੋਰ ਵੀ ਕਈ ਅਹਿਮ ਖੁਲਾਸੇ ਅਤੇ ਗ੍ਰਿਫਤਾਰੀਆਂ ਹੋਣ ਦੀ ਉਮੀਦ ਹੈ। ਡੀ.ਐਸ.ਪੀ. ਔਲਖ ਨੇ ਅਖੀਰ ਵਿਚ ਕਿਹਾ ਕਿ ਇਲਾਕੇ ਵਿਚ ਕਿਸੇ ਵੀ ਮਾੜੇ ਅਨਸਰ ਜਾਂ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਪੁਲਿਸ ਦੀ ਇਹ ਮੁਹਿੰਮ ਇਸੇ ਤਰ੍ਹਾਂ ਸਖ਼ਤੀ ਨਾਲ ਜਾਰੀ ਰਹੇਗੀ।