ਚੰਡੀਗੜ੍ਹ, 8 ਸਤੰਬਰ- ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਨੇ ਸੂਬਾ ਸਰਕਾਰ ਖ਼ਿਲਾਫ਼ ਜ਼ਬਰਦਸਤ ਸ਼ਕਤੀ ਪ੍ਰਦਰਸ਼ਨ ਕਰਦਿਆਂ ਵੱਡਾ ਮੋਰਚਾ ਖੋਲ੍ਹ ਦਿੱਤਾ ਹੈ। ਚੰਡੀਗੜ੍ਹ ਦੇ ਸੈਕਟਰ-15 ਸਥਿਤ ਪੰਜਾਬ ਕਾਂਗਰਸ ਭਵਨ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਇਕੱਠੇ ਹੋਏ ਪਾਰਟੀ ਵਰਕਰਾਂ ਅਤੇ ਸਮਰਥਕਾਂ ਨੇ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਮੁੱਖ ਮੰਤਰੀ ਰਿਹਾਇਸ਼ ਵੱਲ ਕੂਚ ਕੀਤਾ।
ਸੂਬੇ ਭਰ ਤੋਂ ਪਹੁੰਚੇ ਹਜ਼ਾਰਾਂ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ। ਕਾਂਗਰਸ ਨੇ ਸੂਬੇ ਵਿੱਚ ਵਿਗੜ ਰਹੀ ਕਾਨੂੰਨ ਵਿਵਸਥਾ, ਮਹਿੰਗਾਈ ਭੱਤੇ ਦੀ ਬਕਾਇਆ ਰਾਸ਼ੀ, ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਅਤੇ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ ਵਰਗੇ ਅਹਿਮ ਮੁੱਦਿਆਂ 'ਤੇ ਸਰਕਾਰ ਨੂੰ ਘੇਰਿਆ।
ਪ੍ਰਦਰਸ਼ਨ ਦੌਰਾਨ ਰਾਜਾ ਵੜਿੰਗ ਦੇ ਨਾਲ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਹੋਰ ਸੀਨੀਅਰ ਕਾਂਗਰਸੀ ਆਗੂ ਵੀ ਮੌਜੂਦ ਰਹੇ। ਕਾਂਗਰਸ ਭਵਨ ਦੇ ਬਾਹਰ ਚੰਡੀਗੜ੍ਹ ਪੁਲਿਸ ਵਲੋਂ ਭਾਰੀ ਬੈਰੀਕੇਡਿੰਗ ਕੀਤੀ ਗਈ ਸੀ ਤਾਂ ਜੋ ਪ੍ਰਦਰਸ਼ਨਕਾਰੀਆਂ ਨੂੰ ਅੱਗੇ ਵਧਣ ਤੋਂ ਰੋਕਿਆ ਜਾ ਸਕੇ, ਜਿਸ ਨਾਲ ਇਲਾਕੇ ਵਿੱਚ ਕਾਫੀ ਤਣਾਅਪੂਰਨ ਮਾਹੌਲ ਬਣ ਗਿਆ।
ਸੂਬਾ ਪ੍ਰਧਾਨ ਰਾਜਾ ਵੜਿੰਗ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਹਰ ਮੋਰਚੇ 'ਤੇ ਨਾਕਾਮ ਸਾਬਤ ਹੋਈ ਹੈ ਅਤੇ ਆਮ ਜਨਤਾ ਦੇ ਨਾਲ-ਨਾਲ ਮੁਲਾਜ਼ਮ ਵਰਗ ਵੀ ਸੜਕਾਂ 'ਤੇ ਆਉਣ ਲਈ ਮਜ਼ਬੂਰ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕਾਂਗਰਸ ਪਾਰਟੀ ਜਨਤਾ ਦੇ ਹੱਕਾਂ ਲਈ ਇਹ ਸੰਘਰਸ਼ ਲਗਾਤਾਰ ਜਾਰੀ ਰੱਖੇਗੀ।