ਅਜਨਾਲਾ (ਅੰਮ੍ਰਿਤਸਰ), 10 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਤੋਂ ਥੋੜ੍ਹੀ ਦੂਰ ਸਥਿਤ ਪਿੰਡ ਚੱਕ ਔਲ ਵਿਖੇ ਅੱਜ ਉਸ ਵੇਲੇ ਮਾਹੌਲ ਗਮਗੀਨ ਹੋ ਗਿਆ, ਜਦੋਂ ਇਕ ਨੌਜਵਾਨ ਦੀ ਅਚਾਨਕ ਕਰੰਟ ਲੱਗਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਅੰਮ੍ਰਿਤਪਾਲ ਸਿੰਘ (26) ਪੁੱਤਰ ਗੱਜਣ ਵਜੋਂ ਹੋਈ ਹੈ। ਉਸ ਦੀ ਮੌਤ ਨਾਲ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਅੰਮ੍ਰਿਤਪਾਲ ਸਿੰਘ ਦੇ ਕਰੀਬੀ ਦੋਸਤ ਸਰਪੰਚ ਗੁਰਨਾਮ ਸਿੰਘ ਕਮੀਰਪੁਰਾ ਨੇ 'ਅਜੀਤ' ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਅੱਜ ਸਵੇਰੇ ਕਰੀਬ 10 ਵਜੇ ਅੰਮ੍ਰਿਤਪਾਲ ਸਿੰਘ ਨੂੰ ਅਚਾਨਕ ਕਰੰਟ ਲੱਗ ਗਿਆ, ਘਟਨਾ ਤੋਂ ਤੁਰੰਤ ਬਾਅਦ ਪਰਿਵਾਰਕ ਮੈਂਬਰਾਂ ਵਲੋਂ ਉਸਨੂੰ ਇਲਾਜ ਲਈ ਸਿਵਲ ਹਸਪਤਾਲ ਅਜਨਾਲਾ ਲਿਜਾਇਆ ਗਿਆ।
ਉਸ ਦੀ ਹਾਲਤ ਗੰਭੀਰ ਹੋਣ ਕਾਰਨ ਡਾਕਟਰਾਂ ਨੇ ਉਸਨੂੰ ਅੰਮ੍ਰਿਤਸਰ ਰੈਫ਼ਰ ਕਰ ਦਿੱਤਾ, ਪਰ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ਪਹਿਲਾਂ ਹੀ ਵੱਡੇ ਦੁੱਖ ਵਿਚੋਂ ਲੰਘ ਰਿਹਾ ਸੀ ਕਿਉਂਕਿ ਅੰਮ੍ਰਿਤਪਾਲ ਸਿੰਘ ਦੇ ਭਰਾ ਦੀ ਵੀ ਕੁਝ ਸਾਲ ਪਹਿਲਾਂ ਸਕੂਲ ਜਾਂਦੇ ਸਮੇਂ ਪਿੰਡ ਕਮੀਰਪੁਰਾ ਨੇੜੇ ਸੱਕੀ ਨਾਲੇ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਸੀ। ਹੁਣ ਅੰਮ੍ਰਿਤਪਾਲ ਸਿੰਘ ਦੀ ਅਚਾਨਕ ਮੌਤ ਨੇ ਪਰਿਵਾਰ ਨੂੰ ਮੁੜ ਗਹਿਰੇ ਸਦਮੇ ਵਿਚ ਪਾ ਦਿੱਤਾ ਹੈ।
ਸਰਪੰਚ ਗੁਰਨਾਮ ਸਿੰਘ ਕਮੀਰਪੁਰਾ ਨੇ ਅੱਗੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਪਰਿਵਾਰ ਲਈ ਬਹੁਤ ਵੱਡਾ ਸਹਾਰਾ ਸੀ। ਪਹਿਲਾਂ ਭਰਾ ਦੀ ਮੌਤ ਅਤੇ ਹੁਣ ਅੰਮ੍ਰਿਤਪਾਲ ਦੇ ਵਿਛੋੜੇ ਨੇ ਪਰਿਵਾਰ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਦਾ ਕਰੀਬ 6 ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ I ਉਧਰ ਦੇਰ ਸ਼ਾਮ ਬੇਹੱਦ ਗਮਗੀਨ ਮਾਹੌਲ ਵਿਚ ਅੰਮ੍ਰਿਤਪਾਲ ਸਿੰਘ ਦਾ ਪਿੰਡ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ, ਸੈਂਕੜੇ ਨਮ ਅੱਖਾਂ ਨੇ ਉਸ ਨੂੰ ਹੰਝੂਆਂ ਭਰੀ ਅੰਤਿਮ ਵਿਦਾਇਗੀ ਦਿੱਤੀ।