ਚੰਡੀਗੜ੍ਹ, 15 ਸਤੰਬਰ- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਹਲਕਾ ਖਡੂਰ ਸਾਹਿਬ ਦੇ ਪਾਰਟੀ ਆਗੂ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਕਥਿਤ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ਾਂ ਤਹਿਤ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਹੈ।
ਪਾਰਟੀ ਵਲੋਂ ਜਾਰੀ ਜਾਣਕਾਰੀ ਮੁਤਾਬਕ, ਹਲਕਾ ਖਡੂਰ ਸਾਹਿਬ ਦੇ ਵਰਕਰਾਂ ਵਲੋਂ ਰਵਿੰਦਰ ਸਿੰਘ ਬ੍ਰਹਮਪੁਰਾ ਖ਼ਿਲਾਫ਼ ਲਿਖਤੀ ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ। ਇਸ ਤੋਂ ਇਲਾਵਾ, 13 ਸਤੰਬਰ ਨੂੰ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਹੋਈ ‘ਪੰਜਾਬ ਬਚਾਓ ਰੈਲੀ’ ਦੌਰਾਨ ਸਥਾਨਕ ਲੀਡਰਸ਼ਿਪ ਨੇ ਵੀ ਉਨ੍ਹਾਂ ਵਲੋਂ ਪਾਰਟੀ ਖ਼ਿਲਾਫ਼ ਕੀਤੀਆਂ ਜਾ ਰਹੀਆਂ ਕਥਿਤ ਗਤੀਵਿਧੀਆਂ ਬਾਰੇ ਪਾਰਟੀ ਪ੍ਰਧਾਨ ਨੂੰ ਜਾਣੂੰ ਕਰਵਾਇਆ ਸੀ।
ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਾਰਟੀ ਅੰਦਰ ਅਨੁਸ਼ਾਸਨ ਨੂੰ ਹਰ ਹਾਲਤ ਵਿਚ ਕਾਇਮ ਰੱਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪਾਰਟੀ ਵਿਰੋਧੀ ਕਾਰਵਾਈਆਂ ਦੇ ਚਲਦਿਆਂ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰਨ ਦਾ ਫ਼ੈਸਲਾ ਲਿਆ ਗਿਆ ਹੈ।