ਅਜਨਾਲਾ, ਜਗਦੇਵ ਕਲਾਂ 21 ਸਤੰਬਰ ( ਗੁਰਪ੍ਰੀਤ ਸਿੰਘ ਢਿੱਲੋਂ/ਸ਼ਰਨਜੀਤ ਸਿੰਘ ਗਿੱਲ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਹਲਕਾ ਅਜਨਾਲਾ ਦੇ ਪਿੰਡ ਸੈਂਸਰਾ ਕਲਾਂ ਵਿਖੇ ਪਹੁੰਚ ਕੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਹਲਕਾ ਅਜਨਾਲਾ ਵਾਸੀਆਂ ਨਾਲ ਰੂਬਰੂ ਹੋਣਗੇ। ਇਹ ਲੋਕ ਮਿਲਣੀ ਪ੍ਰੋਗਰਾਮ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਕਰਵਾਇਆ ਜਾ ਰਿਹਾ ਹੈ।
ਲੋਕ ਮਿਲਣੀ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਹਲਕਾ ਅਜਨਾਲਾ ਦੇ ਲੋਕਾਂ ਨਾਲ ਸਿੱਧਾ ਸੰਵਾਦ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਬਾਰੇ ਜਾਣਕਾਰੀ ਹਾਸਲ ਕੀਤੀ ਜਾਵੇਗੀ। ਮੁੱਖ ਮੰਤਰੀ ਮਾਨ ਦੀ ਆਮਦ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਵਲੋਂ ਵੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਪ੍ਰੋਗਰਾਮ ਵਾਲੇ ਸਥਾਨ ਦੇ ਆਲੇ-ਦੁਆਲੇ ਸੁਰੱਖਿਆ ਪ੍ਰਬੰਧਾਂ ਦੇ ਨਾਲ-ਨਾਲ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵੀ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ।