ਸ੍ਰੀ ਮੁਕਤਸਰ ਸਾਹਿਬ, 5 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸਾਬਕਾ ਕੇਂਦਰੀ ਮੰਤਰੀ ਤੇ ਮੈਂਬਰ ਪਾਰਲੀਮੈਂਟ ਬੀਬੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ’ਚ ਭ੍ਰਿਸ਼ਟਾਚਾਰ ਸਬੰਧੀ ਮਾਮਲਿਆਂ ਦੀ ਸੀ.ਬੀ.ਆਈ. ਜਾਂਚ ਹੋਣ ਨਾਲ ਸੂਬੇ ’ਚ ਚੱਲ ਰਹੇ ਕਥਿਤ ਭ੍ਰਿਸ਼ਟਾਚਾਰ ਦੀ ਸੱਚਾਈ ਸਾਹਮਣੇ ਆਵੇਗੀ। ਉਹ ਸ੍ਰੀ ਮੁਕਤਸਰ ਸਾਹਿਬ ਵਿਖੇ ‘ਮਾਵਾਂ-ਧੀਆਂ ਦੀ ਲਲਕਾਰ, ਬੰਦ ਕਰਾਵਾਂਗੇ ਨਸ਼ੇ ਦਾ ਵਪਾਰ’ ਮੁਹਿੰਮ ਤਹਿਤ ਔਰਤਾਂ ਦੇ ਇਕੱਠ ਨੂੰ ਸੰਬੋਧਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਬੀਬੀ ਬਾਦਲ ਨੇ ਕਿਹਾ ਕਿ ਈ.ਡੀ. ਵਲੋਂ ਭ੍ਰਿਸ਼ਟਾਚਾਰ ਸਬੰਧੀ ਡੀ.ਜੀ.ਪੀ. ਨੂੰ ਵਾਰ-ਵਾਰ ਸ਼ਿਕਾਇਤਾਂ ਦਿੱਤੇ ਜਾਣ ਦੇ ਬਾਵਜੂਦ ਕਾਰਵਾਈ ਨਾ ਹੋਣ ਮਗਰੋਂ ਮਾਨਯੋਗ ਅਦਾਲਤ ਵਲੋਂ ਜਾਂਚ ਸੀ.ਬੀ.ਆਈ. ਨੂੰ ਸੌਂਪੀ ਗਈ ਹੈ।
ਨਸ਼ਿਆਂ ਦੇ ਮੁੱਦੇ ’ਤੇ ਬੋਲਦਿਆਂ ਬੀਬੀ ਬਾਦਲ ਨੇ ਕਿਹਾ ਕਿ ਉਹ ਹੁਣ ਤੱਕ ਪੰਜਾਬ ਦੇ 13 ਵਿਧਾਨ ਸਭਾ ਹਲਕਿਆਂ ’ਚ ਨਸ਼ਿਆਂ ਵਿਰੁੱਧ ਰੈਲੀਆਂ ਕਰ ਚੁੱਕੇ ਹਨ ਅਤੇ ਪੰਜਾਬ ਦੀਆਂ ਮਾਵਾਂ-ਧੀਆਂ ’ਚ ਨਸ਼ਿਆਂ ਨੂੰ ਲੈ ਕੇ ਭਾਰੀ ਰੋਸ ਹੈ। ਇਸ ਮੌਕੇ ਇਸਤਰੀ ਵਿੰਗ ਦੀ ਕੌਮੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ, ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਆਦਿ ਹਾਜ਼ਰ ਸਨ।