12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਫਾਜ਼ਿਲਕਾ ਦੀ ਦਾਣਾ ਮੰਡੀ ਵਿਚ ਮੀਂਹ ਕਾਰਨ ਝੋਨੇ ਦੇ ਨੁਕਸਾਨ ਦਾ ਬੀ.ਕੇ.ਯੂ. ਕਾਦੀਆਂ ਨੇ ਲਿਆ ਜਾਇਜ਼ਾ, ਕਿਸਾਨਾਂ ਲਈ ਮੁਆਵਜ਼ੇ ਦੀ ਮੰਗ

ਫਾਜ਼ਿਲਕਾ, 12 ਅਕਤੂਬਰ (ਬਲਜੀਤ ਸਿੰਘ)- ਫਾਜ਼ਿਲਕਾ ਦੀ ਦਾਣਾ ਮੰਡੀ ਵਿਚ ਬੀਤੇ ਦਿਨੀਂ ਹੋਈ ਬੇਮੌਸਮੀ ਬਰਸਾਤ ਕਾਰਨ ਝੋਨੇ ਦੀ ਫ਼ਸਲ ਨੂੰ ਹੋਏ ਭਾਰੀ ਨੁਕਸਾਨ ਤੋਂ ਬਾਅਦ ਕਿਸਾਨ ਜਥੇਬੰਦੀਆਂ ਵਲੋਂ ਸਰਕਾਰ ਤੋਂ ਕਿਸਾਨਾਂ ਦੀ ਫ਼ਸਲ ਦੀ ਸਾਂਭ-ਸੰਭਾਲ ਲਈ ਮੰਡੀਆਂ ਵਿਚ ਪੁਖ਼ਤਾ ਪ੍ਰਬੰਧ ਕਰਨ ਅਤੇ ਨੁਕਸਾਨੀ ਗਈ ਫ਼ਸਲ ਦਾ ਮੁਆਵਜ਼ਾ ਦੇਣ ਦੀ ਮੰਗ ਕੀਤੀ ਜਾ ਰਹੀ ਹੈ।

ਅਜੀਤ ਡੈਸਕ 12-10-2026

ਫਾਜ਼ਿਲਕਾ, 12 ਅਕਤੂਬਰ (ਬਲਜੀਤ ਸਿੰਘ)- ਫਾਜ਼ਿਲਕਾ ਦੀ ਦਾਣਾ ਮੰਡੀ ਵਿਚ ਬੀਤੇ ਦਿਨੀਂ ਹੋਈ ਬੇਮੌਸਮੀ ਬਰਸਾਤ ਕਾਰਨ ਝੋਨੇ ਦੀ ਫ਼ਸਲ ਨੂੰ ਹੋਏ ਭਾਰੀ ਨੁਕਸਾਨ ਤੋਂ ਬਾਅਦ ਕਿਸਾਨ ਜਥੇਬੰਦੀਆਂ ਵਲੋਂ ਸਰਕਾਰ ਤੋਂ ਕਿਸਾਨਾਂ ਦੀ ਫ਼ਸਲ ਦੀ ਸਾਂਭ-ਸੰਭਾਲ ਲਈ ਮੰਡੀਆਂ ਵਿਚ ਪੁਖ਼ਤਾ ਪ੍ਰਬੰਧ ਕਰਨ ਅਤੇ ਨੁਕਸਾਨੀ ਗਈ ਫ਼ਸਲ ਦਾ ਮੁਆਵਜ਼ਾ ਦੇਣ ਦੀ ਮੰਗ ਕੀਤੀ ਜਾ ਰਹੀ ਹੈ। ਇਸੇ ਤਹਿਤ ਅੱਜ ਫਾਜ਼ਿਲਕਾ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਫਾਜ਼ਿਲਕਾ ਇਕਾਈ ਵਲੋਂ ਦਾਣਾ ਮੰਡੀ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਕਿਸਾਨ ਜਥੇਬੰਦੀ ਦੇ ਆਗੂਆਂ ਨੇ ਮੰਡੀ ਵਿਚ ਪਹੁੰਚ ਕੇ ਬਰਸਾਤ ਕਾਰਨ ਨੁਕਸਾਨੀ ਗਈ ਝੋਨੇ ਦੀ ਫ਼ਸਲ ਦਾ ਜਾਇਜ਼ਾ ਲਿਆ ਅਤੇ ਪ੍ਰਭਾਵਿਤ ਕਿਸਾਨਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ।

ਜ਼ਿਕਰਯੋਗ ਹੈ ਕਿ ਫਾਜ਼ਿਲਕਾ ਦੀ ਦਾਣਾ ਮੰਡੀ ਵਿਚ ਬੇ-ਮੌਸਮੀ ਬਰਸਾਤ ਕਾਰਨ ਵੱਡੀ ਮਾਤਰਾ ਵਿਚ ਝੋਨੇ ਦੀ ਫ਼ਸਲ ਪਾਣੀ ਦੀ ਲਪੇਟ ਵਿਚ ਆ ਗਈ ਸੀ। ਮੰਡੀ ਵਿਚ ਪਾਣੀ ਭਰ ਜਾਣ ਕਾਰਨ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਕਈ ਥਾਵਾਂ 'ਤੇ ਝੋਨੇ ਦੀਆਂ ਢੇਰੀਆਂ ਪਾਣੀ ਵਿਚ ਭਿੱਜ ਗਈਆਂ, ਜਿਸ ਕਾਰਨ ਫ਼ਸਲ ਦੇ ਖ਼ਰਾਬ ਹੋਣ ਦਾ ਖ਼ਦਸ਼ਾ ਬਣਿਆ ਹੋਇਆ ਹੈ। ਇਸ ਘਟਨਾ ਤੋਂ ਬਾਅਦ ਕਿਸਾਨਾਂ ਅਤੇ ਆੜ੍ਹਤੀਆਂ ਵਲੋਂ ਮੰਡੀ ਵਿਚ ਪਾਣੀ ਦੀ ਨਿਕਾਸੀ ਅਤੇ ਫ਼ਸਲ ਦੀ ਸਾਂਭ-ਸੰਭਾਲ ਲਈ ਢੁੱਕਵੇਂ ਪ੍ਰਬੰਧ ਨਾ ਹੋਣ 'ਤੇ ਸਵਾਲ ਚੁੱਕੇ ਜਾ ਰਹੇ ਹਨ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਹਰ ਸਾਲ ਕਿਸਾਨ ਆਪਣੀ ਫ਼ਸਲ ਲੈ ਕੇ ਮੰਡੀਆਂ ਵਿਚ ਪਹੁੰਚਦੇ ਹਨ, ਪਰ ਬੇ-ਮੌਸਮੀ ਬਰਸਾਤ ਦੌਰਾਨ ਫ਼ਸਲ ਨੂੰ ਬਚਾਉਣ ਲਈ ਪੁਖ਼ਤਾ ਪ੍ਰਬੰਧ ਹੋਣੇ ਬੇਹੱਦ ਜ਼ਰੂਰੀ ਹਨ।

ਮੰਡੀਆਂ ਵਿਚ ਪਾਣੀ ਦੀ ਨਿਕਾਸੀ ਦੇ ਪੱਕੇ ਪ੍ਰਬੰਧ ਕੀਤੇ ਜਾਣ ਅਤੇ ਬਾਰਿਸ਼ ਕਾਰਨ ਨੁਕਸਾਨੀ ਗਈ ਝੋਨੇ ਦੀ ਫ਼ਸਲ ਦੀ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਪ੍ਰਭਾਵਿਤ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ। ਕਿਸਾਨਾਂ ਦਾ ਕਹਿਣਾ ਹੈ ਕਿ ਫ਼ਸਲ ਤਿਆਰ ਕਰਨ ਲਈ ਕਿਸਾਨਾਂ ਨੂੰ ਪਹਿਲਾਂ ਹੀ ਭਾਰੀ ਖ਼ਰਚਾ ਕਰਨਾ ਪੈਂਦਾ ਹੈ। ਅਜਿਹੇ ਵਿਚ ਜੇਕਰ ਮੰਡੀ ਵਿਚ ਪਹੁੰਚਣ ਤੋਂ ਬਾਅਦ ਬਰਸਾਤ ਕਾਰਨ ਫ਼ਸਲ ਖ਼ਰਾਬ ਹੋ ਜਾਂਦੀ ਹੈ ਤਾਂ ਕਿਸਾਨਾਂ ਨੂੰ ਆਰਥਿਕ ਨੁਕਸਾਨ ਝੱਲਣਾ ਪੈਂਦਾ ਹੈ। ਇਸ ਲਈ ਸਰਕਾਰ ਨੂੰ ਕਿਸਾਨਾਂ ਦੀ ਫ਼ਸਲ ਦੀ ਸੁਰੱਖਿਆ ਲਈ ਸਮੇਂ ਸਿਰ ਪ੍ਰਬੰਧ ਕਰਨੇ ਚਾਹੀਦੇ ਹਨ। ਇਸ ਦੇ ਨਾਲ ਹੀ ਕਿਸਾਨ ਜਥੇਬੰਦੀ ਦੇ ਆਗੂਆਂ ਨੇ ਮੰਗ ਕੀਤੀ ਕਿ ਜਿਨ੍ਹਾਂ ਕਿਸਾਨਾਂ ਦੀਆਂ ਖੇਤਾਂ ਵਿੱਚ ਖੜ੍ਹੀਆਂ ਬਾਸਮਤੀ ਅਤੇ ਝੋਨੇ ਦੀਆਂ ਫ਼ਸਲਾਂ ਬੇਮੌਸਮੀ ਬਰਸਾਤ ਅਤੇ ਤੇਜ਼ ਹਵਾਵਾਂ ਕਾਰਨ ਡਿੱਗ ਗਈਆਂ ਹਨ ਅਤੇ ਜਿਨ੍ਹਾਂ ਦੀ ਫ਼ਸਲ ਦਾ ਪੂਰੀ ਤਰ੍ਹਾਂ ਨੁਕਸਾਨ ਹੋ ਚੁੱਕਾ ਹੈ, ਉਨ੍ਹਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਕਿਸਾਨਾਂ ਨੂੰ ਹੋਏ ਨੁਕਸਾਨ ਦੇ ਮੁਤਾਬਕ ਬਣਦਾ ਮੁਆਵਜ਼ਾ ਸਰਕਾਰ ਵਲੋਂ ਸਮੇਂ ਸਿਰ ਜਾਰੀ ਕੀਤਾ ਜਾਵੇ, ਤਾਂ ਜੋ ਕਿਸਾਨਾਂ ਨੂੰ ਆਰਥਿਕ ਨੁਕਸਾਨ ਤੋਂ ਕੁਝ ਰਾਹਤ ਮਿਲ ਸਕੇ।ਇਸ ਮੌਕੇ ਕਸ਼ਮੀਰ ਸਿੰਘ ਰਾਣਾ, ਲਖਵਿੰਦਰ ਸਿੰਘ ਬਲਾਕ ਪ੍ਰਧਾਨ ਅਰਾਣੀਵਾਲਾ, ਬਾਜ ਸਿੰਘ, ਜੁਗਿੰਦਰ ਸਿੰਘ ਬੰਨਾਵਾਲੀ, ਗੁਰਲਾਲ ਸਿੰਘ ਘਟਿਆਵਾਲੀ, ਫੌਜਾ ਸਿੰਘ, ਚਾਨਣ ਸਿੰਘ ਕਮਾਲਵਾਲਾ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।

ਪਿਛਲੀ ਖ਼ਬਰ ਕੇਰਲਮ ਵਿਧਾਨ ਸਭਾ ਵਲੋਂ ਪਹਿਲੀ ਵਾਰ, ਮੁੱਖ ਚੋਣ ਕਮਿਸ਼ਨਰ ਨੂੰ ਹਟਾਉਣ ਦੀ ਮੰਗ ਕਰਨ ਵਾਲਾ ਇਕ ਮਤਾ ਪਾਸ ਅਗਲੀ ਖ਼ਬਰ ਮੁੱਖ ਚੋਣ ਕਮਿਸ਼ਨਰ ਕੋਲ ਅਹੁਦੇ 'ਤੇ ਬਣੇ ਰਹਿਣ ਦਾ ਕੋਈ ਹੱਕ ਨਹੀਂ - ਸਚਿਨ ਪਾਇਲਟ