ਅੰਮ੍ਰਿਤਸਰ, 17 ਅਕਤੂਬਰ- ਸ਼੍ਰੋਮਣੀ ਅਕਾਲੀ ਦਲ (ਬ) ਨੇ ਪੰਜਾਬ ਵਿਚ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰਦਿਆਂ 10 ਨਵੰਬਰ ਤੋਂ ਸੂਬਾ ਪੱਧਰੀ ਯਾਤਰਾ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼ੁਰੂ ਹੋਣ ਵਾਲੀ ਇਹ ਯਾਤਰਾ ਤਲਵੰਡੀ ਸਾਬੋ ਸਥਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਆਰੰਭ ਹੋਵੇਗੀ ਅਤੇ ਸੂਬੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਤੱਕ ਪਹੁੰਚੇਗੀ।
ਪਾਰਟੀ ਵਲੋਂ ਜਾਰੀ ਜਾਣਕਾਰੀ ਮੁਤਾਬਕ, ਇਸ ਯਾਤਰਾ ਨੂੰ ਤਿੰਨ ਪੜਾਵਾਂ ਵਿਚ ਪੂਰਾ ਕੀਤਾ ਜਾਵੇਗਾ। ਪਹਿਲਾ ਪੜਾਅ 10 ਨਵੰਬਰ ਤੋਂ 22 ਨਵੰਬਰ ਤੱਕ ਚੱਲੇਗਾ। ਇਸ ਤੋਂ ਬਾਅਦ ਦੂਜੇ ਪੜਾਅ ਦੀ ਸ਼ੁਰੂਆਤ ਸ੍ਰੀ ਆਨੰਦਪੁਰ ਸਾਹਿਬ ਤੋਂ ਕੀਤੀ ਜਾਵੇਗੀ, ਜਦਕਿ ਤੀਜਾ ਪੜਾਅ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ੁਰੂ ਹੋਵੇਗਾ।
ਪੰਜਾਬ ਦੇ ਸਾਰੇ ਵਿਧਾਨ ਸਭਾ ਹਲਕਿਆਂ ਨੂੰ ਕਵਰ ਕਰਨ ਦੇ ਉਦੇਸ਼ ਨਾਲ ਕੱਢੀ ਜਾ ਰਹੀ ਇਸ ਯਾਤਰਾ ਰਾਹੀਂ ਸ਼੍ਰੋਮਣੀ ਅਕਾਲੀ ਦਲ (ਬ) ਸੂਬੇ ਭਰ ਵਿਚ ਆਪਣੀ ਸਿਆਸੀ ਸਰਗਰਮੀ ਨੂੰ ਹੋਰ ਤੇਜ਼ ਕਰੇਗਾ।