ਪਟਨਾ, 25 ਅਕਤੂਬਰ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪਿਤਾ ਬਾਰੇ ਕੀਤੀ ਗਈ ਟਿੱਪਣੀ ਨੂੰ ਲੈ ਕੇ ਸਿਆਸੀ ਵਿਵਾਦ ਖੜ੍ਹਾ ਹੋ ਗਿਆ ਹੈ। ਖੜਗੇ ਨੇ ਐਤਵਾਰ ਨੂੰ ਬਿਹਾਰ ਦੇ ਪਹਿਲੇ ਮੁੱਖ ਮੰਤਰੀ ਸ੍ਰੀਕ੍ਰਿਸ਼ਨ ਸਿੰਘ ਦੀ 139ਵੀਂ ਜਨਮ ਵਰ੍ਹੇਗੰਢ ਮੌਕੇ ਪਟਨਾ ਵਿਚ ਕਰਵਾਏ ਗਏ ਸਮਾਗਮ ਦੌਰਾਨ ਇਹ ਬਿਆਨ ਦਿੱਤਾ।
ਬਿਹਾਰ ਦੇ ਮੁੱਖ ਮੰਤਰੀ ਸਮਰਾਟ ਚੌਧਰੀ ਨੇ ਖੜਗੇ ਦੇ ਬਿਆਨ ਦੀ ਸਖ਼ਤ ਨਿੰਦਾ ਕਰਦਿਆਂ ਕਾਂਗਰਸ ਪਾਰਟੀ ਤੋਂ ਮੁਆਫ਼ੀ ਮੰਗਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੇ ਪਿਤਾ ਬਾਰੇ ਅਜਿਹੀ ਟਿੱਪਣੀ ਕਰਨਾ ਬੇਹੱਦ ਮੰਦਭਾਗਾ ਹੈ ਅਤੇ ਇਹ ਕਾਂਗਰਸ ਦੀ ਪ੍ਰਧਾਨ ਮੰਤਰੀ ਦੇ ਪਰਿਵਾਰ ਪ੍ਰਤੀ ਮਾੜੀ ਸੋਚ ਨੂੰ ਦਰਸਾਉਂਦਾ ਹੈ।
ਚੌਧਰੀ ਨੇ ਕਿਹਾ ਕਿ ਮਲਿਕਾਰਜੁਨ ਖੜਗੇ ਅਤੇ ਕਾਂਗਰਸੀ ਆਗੂ ਰਾਹੁਲ ਗਾਂਧੀ ਨੂੰ ਪ੍ਰਧਾਨ ਮੰਤਰੀ ਦੇ ਪਿਤਾ ਬਾਰੇ ਵਰਤੀ ਗਈ ਇਤਰਾਜ਼ਯੋਗ ਭਾਸ਼ਾ ਲਈ ਮੁਆਫ਼ੀ ਮੰਗਣੀ ਚਾਹੀਦੀ ਹੈ। ਉਨ੍ਹਾਂ ਇਸ ਟਿੱਪਣੀ ਨੂੰ ਗ਼ਲਤ ਕਰਾਰ ਦਿੰਦਿਆਂ ਕਾਂਗਰਸ ਦੇ ਰਵੱਈਏ ’ਤੇ ਸਵਾਲ ਚੁੱਕੇ।
ਇਸ ਮਾਮਲੇ ਨੂੰ ਲੈ ਕੇ ਭਾਜਪਾ ਦੇ ਹੋਰ ਆਗੂਆਂ ਨੇ ਵੀ ਇਤਰਾਜ਼ ਜਤਾਇਆ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਵੀ ਸੋਸ਼ਲ ਮੀਡੀਆ ’ਤੇ ਪੋਸਟਾਂ ਸਾਂਝੀਆਂ ਕਰਦਿਆਂ ਖੜਗੇ ਦੇ ਬਿਆਨ ਦਾ ਵਿਰੋਧ ਕੀਤਾ ਹੈ।
ਖੜਗੇ ਦੀ ਟਿੱਪਣੀ ਤੋਂ ਬਾਅਦ ਭਾਜਪਾ ਅਤੇ ਕਾਂਗਰਸ ਵਿਚਾਲੇ ਸਿਆਸੀ ਤਕਰਾਰ ਤੇਜ਼ ਹੋ ਗਈ ਹੈ।