29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਵੱਲ ਵਧ ਰਹੀ ਸਰਕਾਰ- ਮੁੱਖ ਮੰਤਰੀ ਭਗਵੰਤ ਮਾਨ

ਜਗਰਾਉਂ (ਲੁਧਿਆਣਾ), 29 ਅਕਤੂਬਰ (ਕੁਲਦੀਪ ਸਿੰਘ ਲੋਹਟ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ‘ਲੋਕ ਮਿਲਣੀ’ ਪ੍ਰੋਗਰਾਮ ਤਹਿਤ ਜਗਰਾਉਂ ਇਲਾਕੇ ਦੇ...

ਅਜੀਤ ਡੈਸਕ 29-10-2026

ਜਗਰਾਉਂ (ਲੁਧਿਆਣਾ), 29 ਅਕਤੂਬਰ (ਕੁਲਦੀਪ ਸਿੰਘ ਲੋਹਟ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ‘ਲੋਕ ਮਿਲਣੀ’ ਪ੍ਰੋਗਰਾਮ ਤਹਿਤ ਜਗਰਾਉਂ ਇਲਾਕੇ ਦੇ ਪਿੰਡ ਕਮਾਲਪੁਰਾ ਵਿਖੇ ਪਹੁੰਚ ਕੇ ਵਿਰੋਧੀ ਧਿਰਾਂ ਨੂੰ ਨਿਸ਼ਾਨੇ ’ਤੇ ਲਿਆ। ਆਪਣੇ ਵਿਅੰਗਮਈ ਅੰਦਾਜ਼ ਵਿਚ ਸਿਆਸੀ ਵਿਰੋਧੀਆਂ ’ਤੇ ਤਿੱਖੇ ਤਨਜ਼ ਕੱਸਦਿਆਂ ਉਨ੍ਹਾਂ ਨੇ ਹਾਜ਼ਰ ਲੋਕਾਂ ਨੂੰ ਕਈ ਵਾਰ ਤਾੜੀਆਂ ਮਾਰਨ ਲਈ ਮਜ਼ਬੂਰ ਕਰ ਦਿੱਤਾ।

ਮੁੱਖ ਮੰਤਰੀ ਭਗਵੰਤ ਮਾਨ ਲਗਭਗ ਸਾਢੇ ਤਿੰਨ ਵਜੇ ਹਵਾਈ ਜਹਾਜ਼ ਰਾਹੀਂ ਪਿੰਡ ਕਮਾਲਪੁਰਾ ਪਹੁੰਚੇ। ਇਸ ਮੌਕੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਟੀਮ ਦੇ ਕੋਆਰਡੀਨੇਟਰ ਬਿਕਰਮਜੀਤ ਸਿੰਘ ਥਿੰਦ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਮੁੜ ਖੁਸ਼ਹਾਲ ਬਣਾਉਣ ਅਤੇ ਪੰਜਾਬ ਦੀ ਪੁਰਾਣੀ ਸ਼ਾਨ ਬਹਾਲ ਕਰਨ ਲਈ ਯਤਨਸ਼ੀਲ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਹੁਣ ‘ਰੰਗਲਾ ਪੰਜਾਬ’ ਬਣਨ ਵੱਲ ਵਧ ਰਿਹਾ ਹੈ ਅਤੇ ਸੂਬੇ ਵਿਚੋਂ ਨਸ਼ਿਆਂ ਦੇ ਖ਼ਾਤਮੇ ਲਈ ਸਰਕਾਰ ਪੂਰੀ ਤਰ੍ਹਾਂ ਗੰਭੀਰ ਹੈ। ਮੁੱਖ ਮੰਤਰੀ ਨੇ ਨਸ਼ਾ ਤਸਕਰਾਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਵਿਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਅਤੇ ਪੰਜਾਬ ਦੀ ਜਵਾਨੀ ਨੂੰ ਸਹੀ ਦਿਸ਼ਾ ਦੇਣਾ ਸਰਕਾਰ ਦੀ ਤਰਜੀਹ ਹੈ। ਸਿਆਸੀ ਵਿਰੋਧੀਆਂ ’ਤੇ ਹਮਲਾ ਕਰਦਿਆਂ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂ ਬਿਕਰਮ ਸਿੰਘ ਮਜੀਠੀਆ ਦਾ ਜ਼ਿਕਰ ਵੀ ਕੀਤਾ।

ਉਨ੍ਹਾਂ ਦਾਅਵਾ ਕੀਤਾ ਕਿ ਮਜੀਠੀਆ ਵਿਰੁੱਧ 51 ਹਜ਼ਾਰ ਪੰਨਿਆਂ ਦਾ ਚਲਾਨ ਪੇਸ਼ ਕੀਤਾ ਗਿਆ ਹੈ। ਇਸ ਦੌਰਾਨ ਉਨ੍ਹਾਂ ਆਪਣੇ ਖ਼ਾਸ ਹਾਸ-ਵਿਅੰਗ ਵਾਲੇ ਅੰਦਾਜ਼ ਵਿਚ ਮਜੀਠੀਆ ਬਾਰੇ ਟਿੱਪਣੀ ਕਰਦਿਆਂ ਕਿਹਾ ਕਿ ‘ਮਾਝੇ ਦੇ ਜਰਨੈਲ’ ਦਾ ਜੇਲ੍ਹ ਵਿਚ ਤਰੀ ਵਾਲੇ ਬੈਂਗਣ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਮੁੱਖ ਮੰਤਰੀ ਦੀ ਇਸ ਟਿੱਪਣੀ ’ਤੇ ਸਮਾਗਮ ਵਿਚ ਮੌਜੂਦ ਲੋਕਾਂ ਨੇ ਤਾੜੀਆਂ ਮਾਰੀਆਂ।

ਪਿੰਡ ਕਮਾਲਪੁਰਾ ਵਿਚ ਹੋਏ ਇਸ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਨੇ ਨਸ਼ਿਆਂ ਵਿਰੁੱਧ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਨੂੰ ਨਸ਼ਾ-ਮੁਕਤ ਅਤੇ ਖੁਸ਼ਹਾਲ ਸੂਬਾ ਬਣਾਉਣ ਦਾ ਸੰਕਲਪ ਪ੍ਰਗਟਾਇਆ। ਇਸ ਮੌਕੇ ਮੁੱਖ ਮੰਤਰੀ ਵਲੋਂ ਲੋਕ ਮਿਲਣੀ 'ਚ ਆਏ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਲੋਕਾਂ ਨਾਲ ਗੰਭੀਰ ਸੰਵਾਦ ਰਚਾਇਆ। ਇਸ ਮੌਕੇ ਮੁੱਖ ਮੰਤਰੀ ਮਾਨ ਵਲੋਂ ਪਿੰਡ ਕਮਾਲਪੁਰਾ ਦੇ ਵਿਕਾਸ ਲਈ 51 ਲੱਖ ਰੁਪਏ ਦਾ ਚੈੱਕ ਭੇਂਟ ਕੀਤਾ।

ਪਿਛਲੀ ਖ਼ਬਰ ਪੰਜਾਬ ਪੁਲਿਸ ਵਿਚ 16 ਨਵੰਬਰ ਤੋਂ ਲਾਗੂ ਹੋਵੇਗੀ ਸਰਦੀਆਂ ਦੀ ਵਰਦੀ ਅਗਲੀ ਖ਼ਬਰ ਗੁਰਾਇਆ ਦੇ ਵਪਾਰੀ ਵਰਗ ਨਾਲ ਸਬੰਧਤ ਕਈ ਆਗੂ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਸ਼ਾਮਲ ਹੋਏ