ਨਵੀਂ ਦਿੱਲੀ, 31 ਅਕਤੂਬਰ (ਪੀ.ਟੀ.ਆਈ.)-ਭਾਰਤੀ ਮੌਸਮ ਵਿਭਾਗ (ਆਈ.ਐਮ.ਡੀ.) ਨੇ ਆਪਣੀ ਮਹੀਨਾਵਾਰ ਮੌਸਮ ਭਵਿੱਖਬਾਣੀ ’ਚ ਦੱਸਿਆ ਕਿ ਨਵੰਬਰ ਮਹੀਨੇ ਦੌਰਾਨ ਭਾਰਤ ਦੇ ਜ਼ਿਆਦਾਤਰ ਹਿੱਸਿਆਂ ’ਚ ਦਿਨ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਜ਼ਿਆਦਾ ਰਹਿਣ ਦੀ ਸੰਭਾਵਨਾ ਹੈ। ਹਾਲਾਂਕਿ, ਹਿਮਾਲਿਆ ਦੀਆਂ ਪਹਾੜੀਆਂ ਦੇ ਨੇੜੇ ਕੁਝ ਇਲਾਕਿਆਂ ’ਚ ਤਾਪਮਾਨ ਆਮ ਜਾਂ ਆਮ ਨਾਲੋਂ ਘੱਟ ਰਹਿ ਸਕਦਾ ਹੈ।
ਮੌਸਮ ਵਿਭਾਗ ਮੁਤਾਬਕ ਨਵੰਬਰ ’ਚ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿਚ ਰਾਤ ਦਾ ਘੱਟੋ-ਘੱਟ ਤਾਪਮਾਨ ਵੀ ਆਮ ਨਾਲੋਂ ਵੱਧ ਰਹਿਣ ਦੀ ਉਮੀਦ ਹੈ। ਪਰ ਮੱਧ ਤੇ ਪੂਰਬੀ ਭਾਰਤ ਦੇ ਕਈ ਇਲਾਕਿਆਂ ਵਿਚ ਰਾਤ ਦਾ ਤਾਪਮਾਨ ਆਮ ਜਾਂ ਆਮ ਨਾਲੋਂ ਘੱਟ ਰਹਿ ਸਕਦਾ ਹੈ। ਵਿਭਾਗ ਨੇ ਦੱਸਿਆ ਕਿ ਨਵੰਬਰ ’ਚ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿਚ ਆਮ ਨਾਲੋਂ ਘੱਟ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ, ਮੱਧ, ਉੱਤਰ-ਪੱਛਮੀ ਤੇ ਉੱਤਰ-ਪੂਰਬੀ ਭਾਰਤ ਦੇ ਕੁਝ ਇਲਾਕਿਆਂ ’ਚ ਆਮ ਜਾਂ ਆਮ ਨਾਲੋਂ ਵੱਧ ਮੀਂਹ ਪੈ ਸਕਦਾ ਹੈ।