ਐੱਸ. ਏ. ਐੱਸ (ਮੋਹਾਲੀ), 5 ਨਵੰਬਰ (ਕਪਿਲ ਵਧਵਾ)- ਪੰਜਾਬ ਵਿਜੀਲੈਂਸ ਬਿਊਰੋ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਹਵਾਲਾ ਰਾਸ਼ੀ ਦੇ ਮਾਮਲੇ ਦੀ ਜਾਂਚ ਲਈ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਪੱਤਰ ਭੇਜਿਆ ਹੈ। ਵਿਜੀਲੈਂਸ ਨੇ ਈ.ਡੀ. ਨੂੰ ਪ੍ਰੀਵੈਂਸ਼ਨ ਆਫ ਮਨੀ ਲਾਂਡਰਿੰਗ ਐਕਟ (ਪੀਐਮਐਲਏ) ਤਹਿਤ ਮਾਮਲਾ ਦਰਜ ਕਰਕੇ ਹਵਾਲਾ ਰਾਸ਼ੀ ਦੇ ਲੈਣ-ਦੇਣ ਦੀ ਜਾਂਚ ਕਰਨ ਦੀ ਅਪੀਲ ਕੀਤੀ ਹੈ।
ਇਹ ਪੱਤਰ ਵਿਜੀਲੈਂਸ ਬਿਊਰੋ ਵਲੋਂ ਜੂਨ 2025 ਵਿਚ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਕੀਤੇ ਗਏ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਮੁਹਾਲੀ ਦੀ ਅਦਾਲਤ ਵਿਚ ਅੰਤਿਮ ਚਾਰਜਸ਼ੀਟ ਦਾਖ਼ਲ ਕਰਨ ਤੋਂ ਬਾਅਦ ਭੇਜਿਆ ਗਿਆ ਹੈ। ਇਸ ਮਾਮਲੇ ਵਿਚ 736.96 ਕਰੋੜ ਰੁਪਏ ਦੀ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਦੀ ਜਾਂਚ ਕੀਤੀ ਗਈ ਹੈ।
ਸੂਤਰਾਂ ਅਨੁਸਾਰ, ਵਿਜੀਲੈਂਸ ਅਧਿਕਾਰੀਆਂ ਦੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਮਜੀਠੀਆ ਨੇ ਆਪਣੇ ਮੰਤਰੀ ਕਾਰਜਕਾਲ ਦੌਰਾਨ ਆਪਣੀ ਘੋਸ਼ਿਤ ਆਮਦਨ ਦੇ ਮੁਕਾਬਲੇ ਕਰੀਬ 1400 ਫ਼ੀਸਦੀ ਵੱਧ ਜਾਇਦਾਦ ਇਕੱਠੀ ਕੀਤੀ। ਵਿਜੀਲੈਂਸ ਵਲੋਂ ਜਾਂਚ ਦੌਰਾਨ ਹਵਾਲਾ ਰਾਸ਼ੀ ਦੇ ਲੈਣ-ਦੇਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ ਅਤੇ ਇਸ ਦੀ ਡੂੰਘਾਈ ਨਾਲ ਜਾਂਚ ਈਡੀ ਤੋਂ ਕਰਵਾਉਣ ਦੀ ਲੋੜ ਦੱਸੀ ਗਈ ਹੈ।
ਇਸ ਸਬੰਧੀ ਵਿਜੀਲੈਂਸ ਬਿਊਰੋ ਵਲੋਂ ਈ.ਡੀ. ਦੇ ਦਿੱਲੀ ਅਤੇ ਚੰਡੀਗੜ੍ਹ ਸਥਿਤ ਦਫ਼ਤਰਾਂ ਨੂੰ ਪੱਤਰ ਭੇਜ ਕੇ ਪੀ.ਐਮ.ਐਲ.ਏ. ਤਹਿਤ ਬਿਕਰਮ ਸਿੰਘ ਮਜੀਠੀਆ ਤੇ ਉਸ ਦੇ ਸਾਥੀਆਂ ਖਿਲਾਫ ਕਾਰਵਾਈ ਕਰਨ ਦੀ ਅਪੀਲ ਕੀਤੀ ਗਈ ਹੈ। ਹਾਲਾਂਕਿ, ਫਿਲਹਾਲ ਈ.ਡੀ. ਦੇ ਅਧਿਕਾਰੀਆਂ ਵਲੋਂ ਇਸ ਪੱਤਰ ਦੀ ਪ੍ਰਾਪਤੀ ਸਬੰਧੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ।