ਚੰਡੀਗੜ੍ਹ, 17 ਨਵੰਬਰ- ਪੰਜਾਬ ਅਤੇ ਚੰਡੀਗੜ੍ਹ ਵਿਚ ਅੱਜ ਤੋਂ ਚਾਰ ਦਿਨਾਂ ਲਈ ਸੰਘਣੀ ਧੁੰਦ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਦੇ ਅਨੁਸਾਰ 20 ਨਵੰਬਰ ਤੱਕ ਰਾਤ ਅਤੇ ਸਵੇਰ ਦੇ ਸਮੇਂ ਰਾਜ ਦੇ ਕੁਝ ਸਥਾਨਾਂ 'ਤੇ ਸੰਘਣੀ ਧੁੰਦ ਰਹਿਣ ਦੀ ਸੰਭਾਵਨਾ ਹੈ। ਰਾਜ ਵਿਚ ਘੱਟੋ-ਘੱਟ ਤਾਪਮਾਨ 3.1 ਡਿਗਰੀ ਸੈਲਸੀਅਸ ਘੱਟ ਗਿਆ ਹੈ।
ਤਾਪਮਾਨ ਇਸ ਸਮੇਂ ਆਮ ਦੇ ਨੇੜੇ ਹੈ। ਬਠਿੰਡਾ ਵਿਚ ਸਭ ਤੋਂ ਘੱਟ ਘੱਟੋ-ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਦੇ ਅਨੁਸਾਰ ਅਗਲੇ ਤਿੰਨ ਤੋਂ ਚਾਰ ਦਿਨਾਂ ਵਿਚ ਘੱਟੋ-ਘੱਟ ਤਾਪਮਾਨ ਵਿਚ 2 ਡਿਗਰੀ ਸੈਲਸੀਅਸ ਹੋਰ ਗਿਰਾਵਟ ਆ ਸਕਦੀ ਹੈ। ਫਿਲਹਾਲ ਮੀਂਹ ਪੈਣ ਦੀ ਕੋਈ ਭਵਿੱਖਬਾਣੀ ਨਹੀਂ ਹੈ। ਮੌਸਮ ਵਿਭਾਗ ਦੇ ਅਨੁਸਾਰ 17 ਨਵੰਬਰ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਅਤੇ ਅੰਮ੍ਰਿਤਸਰ ਵਿਚ ਕੁਝ ਥਾਵਾਂ 'ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪੱਛਮੀ ਗੜਬੜ ਦਾ ਪ੍ਰਭਾਵ ਹੁਣ ਘੱਟ ਗਿਆ ਹੈ।
ਇਸ ਤੋਂ ਬਾਅਦ ਪੰਜਾਬ ਅਤੇ ਚੰਡੀਗੜ੍ਹ ਵਿਚ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ। ਅਸਮਾਨ ਮੁੱਖ ਤੌਰ 'ਤੇ ਸਾਫ਼ ਰਹਿਣ ਦੀ ਉਮੀਦ ਹੈ। ਨਤੀਜੇ ਵਜੋਂ ਅਗਲੇ ਕੁਝ ਦਿਨਾਂ ਵਿਚ ਰਾਤ ਦੇ ਤਾਪਮਾਨ ਵਿਚ ਗਿਰਾਵਟ ਦੇ ਨਾਲ ਠੰਢ ਵੱਧ ਸਕਦੀ ਹੈ।