19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਆਂਗਣਵਾੜੀ ਸੈਂਟਰਾਂ ’ਚ ਸਪਲਾਈ ਹੋ ਰਹੇ ਰਾਸ਼ਨ ਦੀ ਮਾੜੀ ਗੁਣਵੱਤਾ ਖ਼ਿਲਾਫ਼ ਵਰਕਰਾਂ ਵਲੋਂ ਰੋਸ ਪ੍ਰਦਰਸ਼ਨ

ਗੁਰੂ ਹਰਸਹਾਏ (ਫ਼ਿਰੋਜ਼ਪੁਰ), 19 ਨਵੰਬਰ (ਕਪਿਲ ਕੰਧਾਰੀ) - ਆਂਗਣਵਾੜੀ ਸੈਂਟਰਾਂ ਰਾਹੀਂ ਬੱਚਿਆਂ ਅਤੇ ਲਾਭਪਾਤਰੀਆਂ ਨੂੰ ਵੰਡੇ ਜਾ ਰਹੇ ਰਾਸ਼ਨ...

ਅਜੀਤ ਡੈਸਕ 19-11-2026

ਗੁਰੂ ਹਰਸਹਾਏ (ਫ਼ਿਰੋਜ਼ਪੁਰ), 19 ਨਵੰਬਰ (ਕਪਿਲ ਕੰਧਾਰੀ) - ਆਂਗਣਵਾੜੀ ਸੈਂਟਰਾਂ ਰਾਹੀਂ ਬੱਚਿਆਂ ਅਤੇ ਲਾਭਪਾਤਰੀਆਂ ਨੂੰ ਵੰਡੇ ਜਾ ਰਹੇ ਰਾਸ਼ਨ ਦੀ ਕਥਿਤ ਮਾੜੀ ਗੁਣਵੱਤਾ ਨੂੰ ਲੈ ਕੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਬਲਾਕ ਪ੍ਰਧਾਨ ਕੁਲਜੀਤ ਕੌਰ ਦੀ ਅਗਵਾਈ ਹੇਠ ਆਂਗਣਵਾੜੀ ਵਰਕਰਾਂ ਅਤੇ ਲੋਕਾਂ ਨੇ ਰਿਸ਼ੀ ਵਾਲਮੀਕ ਸਕੂਲ ਵਿਖੇ ਇਕੱਠੇ ਹੋ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਸਪਲਾਈ ਕੀਤੇ ਜਾ ਰਹੇ ਰਾਸ਼ਨ ਦੀ ਗੁਣਵੱਤਾ ਵਿਚ ਸੁਧਾਰ ਕਰਨ ਦੀ ਮੰਗ ਉਠਾਈ।
ਇਸ ਮੌਕੇ ਜਾਣਕਾਰੀ ਦਿੰਦਿਆਂ ਬਲਾਕ ਪ੍ਰਧਾਨ ਕੁਲਜੀਤ ਕੌਰ ਨੇ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਆਂਗਣਵਾੜੀ ਸੈਂਟਰਾਂ ਵਿਚ ਜਿਹੜਾ ਰਾਸ਼ਨ ਲਾਭਪਾਤਰੀਆਂ ਨੂੰ ਵੰਡਣ ਲਈ ਭੇਜਿਆ ਜਾ ਰਿਹਾ ਹੈ, ਉਸ ਦੀ ਗੁਣਵੱਤਾ ਬੇਹੱਦ ਮਾੜੀ ਹੈ ਅਤੇ ਇਹ ਰਾਸ਼ਨ ਖਾਣਯੋਗ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਗੰਭੀਰ ਸਮੱਸਿਆ ਸੰਬੰਧੀ ਯੂਨੀਅਨ ਵਲੋਂ ਕਈ ਵਾਰ ਆਪਣੇ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਧਿਆਨ ਵਿਚ ਮਾਮਲਾ ਲਿਆਂਦਾ ਜਾ ਚੁੱਕਾ ਹੈ, ਪਰ ਇਸ ਦੇ ਬਾਵਜੂਦ ਹਾਲੇ ਤੱਕ ਕੋਈ ਠੋਸ ਹੱਲ ਨਹੀਂ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਅੱਜ ਜਦੋਂ ਆਂਗਣਵਾੜੀ ਵਰਕਰਾਂ ਵਲੋਂ ਇਹ ਰਾਸ਼ਨ ਲਾਭਪਾਤਰੀਆਂ ਦੇ ਘਰਾਂ ਤੱਕ ਪਹੁੰਚਾ ਕੇ ਵੰਡਣ ਦੀ ਕੋਸ਼ਿਸ਼ ਕੀਤੀ ਗਈ ਤਾਂ ਲੋਕਾਂ ਨੇ ਰਾਸ਼ਨ ਲੈਣ ਤੋਂ ਇਨਕਾਰ ਕਰਦਿਆਂ ਇਸ ਨੂੰ ਵਾਪਸ ਕਰ ਦਿੱਤਾ। ਬਲਵੀਰ ਸਿੰਘ,ਮਹਿੰਦਰ ਸਿੰਘ ਦਾ ਕਹਿਣਾ ਸੀ ਕਿ ਜੇਕਰ ਸਰਕਾਰ ਵਲੋਂ ਸਾਫ਼-ਸੁਥਰਾ ਅਤੇ ਖਾਣਯੋਗ ਰਾਸ਼ਨ ਮੁਹੱਈਆ ਨਹੀਂ ਕਰਵਾਇਆ ਜਾ ਸਕਦਾ ਤਾਂ ਅਜਿਹਾ ਮਾੜੀ ਗੁਣਵੱਤਾ ਵਾਲਾ ਰਾਸ਼ਨ ਦੇਣ ਦੀ ਬਜਾਏ ਨਾ ਹੀ ਦਿੱਤਾ ਜਾਵੇ।
ਇਸ ਮੌਕੇ ਮੌਜੂਦ ਲੋਕਾਂ ਨੇ ਵੀ ਆਪਣਾ ਰੋਸ ਜ਼ਾਹਰ ਕਰਦਿਆਂ ਕਿਹਾ ਕਿ ਪਹਿਲਾਂ ਆਂਗਣਵਾੜੀ ਸੈਂਟਰਾਂ ਰਾਹੀਂ ਮਿਲਣ ਵਾਲਾ ਰਾਸ਼ਨ ਸਾਫ਼-ਸੁਥਰਾ ਅਤੇ ਵਧੀਆ ਗੁਣਵੱਤਾ ਵਾਲਾ ਹੁੰਦਾ ਸੀ, ਪਰ ਪਿਛਲੇ ਲੰਬੇ ਸਮੇਂ ਤੋਂ ਮਿਲ ਰਹੇ ਰਾਸ਼ਨ ਦੀ ਹਾਲਤ ਬਹੁਤ ਮਾੜੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਹ ਰਾਸ਼ਨ ਖਾਣ ਦੇ ਯੋਗ ਨਹੀਂ ਹੈ ਅਤੇ ਇਸ ਦੀ ਵਰਤੋਂ ਨਾਲ ਬੱਚਿਆਂ ਸਮੇਤ ਪਰਿਵਾਰਾਂ ਦੀ ਸਿਹਤ ’ਤੇ ਵੀ ਮਾੜਾ ਅਸਰ ਪੈਣ ਦਾ ਖ਼ਦਸ਼ਾ ਹੈ।
ਲੋਕਾਂ ਅਤੇ ਆਂਗਣਵਾੜੀ ਵਰਕਰਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਰਾਸ਼ਨ ਦੀ ਗੁਣਵੱਤਾ ਦੀ ਜਾਂਚ ਕਰਵਾਈ ਜਾਵੇ ਅਤੇ ਲਾਭਪਾਤਰੀਆਂ ਨੂੰ ਸਾਫ਼-ਸੁਥਰਾ, ਮਿਆਰੀ ਅਤੇ ਖਾਣਯੋਗ ਰਾਸ਼ਨ ਮੁਹੱਈਆ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਆਂਗਣਵਾੜੀ ਸੈਂਟਰਾਂ ਰਾਹੀਂ ਛੋਟੇ ਬੱਚਿਆਂ ਅਤੇ ਹੋਰ ਲਾਭਪਾਤਰੀਆਂ ਨੂੰ ਦਿੱਤਾ ਜਾਣ ਵਾਲਾ ਰਾਸ਼ਨ ਉਨ੍ਹਾਂ ਦੀ ਸਿਹਤ ਨਾਲ ਜੁੜਿਆ ਮਾਮਲਾ ਹੈ, ਇਸ ਲਈ ਇਸ ਵਿਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ।

ਪਿਛਲੀ ਖ਼ਬਰ ਤਾਮਿਲਨਾਡੂ - ਕਿਸਾਨਾਂ ਵਲੋਂ ਕਾਵੇਰੀ ਨਦੀ ਦੀ ਰੇਤ ਚ ਅਰਧ-ਸਮਾਧੀ ਕਰਕੇ ਵਿਲੱਖਣ ਵਿਰੋਧ ਪ੍ਰਦਰਸ਼ਨ ਅਗਲੀ ਖ਼ਬਰ ਕਾਲਜ ਦੇ ਬਾਹਰ ਵਾਪਰਿਆ ਹਾਦਸਾ, ਵਿਧਾਇਕ ਸੰਦੀਪ ਜਾਖੜ ਬਣੇ ਮਦਦਗਾਰ