ਨਵੀਂ ਦਿੱਲੀ, 22 ਨਵੰਬਰ- ਨੇਪਾਲ ਦੇ ਪ੍ਰਧਾਨ ਮੰਤਰੀ ਮਾਣਯੋਗ ਬਲੇਂਦਰ ਸ਼ਾਹ 22 ਅਤੇ 23 ਨਵੰਬਰ ਨੂੰ ਭਾਰਤ ਦੇ ਸਰਕਾਰੀ ਦੌਰੇ ’ਤੇ ਆ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ ’ਤੇ ਹੋਣ ਵਾਲਾ ਇਹ ਦੌਰਾ ਮਾਰਚ 2026 ਵਿੱਚ ਅਹੁਦਾ ਸੰਭਾਲਣ ਤੋਂ ਬਾਅਦ ਬਲੇਂਦਰ ਸ਼ਾਹ ਦਾ ਪਹਿਲਾ ਭਾਰਤ ਦੌਰਾ ਹੋਵੇਗਾ।
ਦੌਰੇ ਦੌਰਾਨ ਨੇਪਾਲ ਦੇ ਪ੍ਰਧਾਨ ਮੰਤਰੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕਰਨਗੇ। ਇਸ ਤੋਂ ਇਲਾਵਾ 23 ਨਵੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਉਨ੍ਹਾਂ ਦੀ ਦੁਵੱਲੀ ਗੱਲਬਾਤ ਹੋਵੇਗੀ। ਇਸ ਮੀਟਿੰਗ ਵਿਚ ਦੋਵੇਂ ਆਗੂ ਭਾਰਤ ਅਤੇ ਨੇਪਾਲ ਦੇ ਸਬੰਧਾਂ ਦੇ ਵੱਖ-ਵੱਖ ਪਹਿਲੂਆਂ ਦੀ ਸਮੀਖਿਆ ਕਰਨਗੇ ਅਤੇ ਆਪਸੀ ਹਿੱਤਾਂ ਨਾਲ ਜੁੜੇ ਖੇਤਰੀ ਤੇ ਅੰਤਰਰਾਸ਼ਟਰੀ ਮੁੱਦਿਆਂ ’ਤੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕਰਨਗੇ।
ਭਾਰਤ ਅਤੇ ਨੇਪਾਲ ਵਿਚਾਲੇ ਇਤਿਹਾਸਕ, ਸੱਭਿਆਚਾਰਕ ਅਤੇ ਸੱਭਿਅਤਾਵਾਦੀ ਸਬੰਧਾਂ ਦੇ ਨਾਲ-ਨਾਲ ਲੋਕਾਂ ਵਿਚਕਾਰ ਮਜ਼ਬੂਤ ਰਿਸ਼ਤੇ ਹਨ। ਦੋਵਾਂ ਦੇਸ਼ਾਂ ਦਾ ਸਹਿਯੋਗ ਵਪਾਰ, ਵਿਕਾਸ ਭਾਈਵਾਲੀ, ਊਰਜਾ, ਜਲ ਸਰੋਤ ਅਤੇ ਭੌਤਿਕ ਤੇ ਡਿਜੀਟਲ ਸੰਪਰਕ ਵਰਗੇ ਖੇਤਰਾਂ ਵਿੱਚ ਲਗਾਤਾਰ ਵਧ ਰਿਹਾ ਹੈ। ਇਸ ਤੋਂ ਇਲਾਵਾ ਸਟਾਰਟਅੱਪ, ਤਕਨਾਲੋਜੀ, ਨਵੀਨਤਾ ਅਤੇ ਖੇਡਾਂ ਦੇ ਖੇਤਰਾਂ ਵਿੱਚ ਵੀ ਸਹਿਯੋਗ ਦੇ ਨਵੇਂ ਮੌਕੇ ਪੈਦਾ ਹੋ ਰਹੇ ਹਨ।
ਇਹ ਦੌਰਾ ਦੋਵਾਂ ਦੇਸ਼ਾਂ ਵਿਚਕਾਰ ਉੱਚ ਪੱਧਰੀ ਸੰਪਰਕ ਦੀ ਲਗਾਤਾਰ ਚੱਲ ਰਹੀ ਪਰੰਪਰਾ ਦਾ ਹਿੱਸਾ ਹੈ। ਇਸ ਨੂੰ ਭਾਰਤ ਦੀ ‘ਗੁਆਂਢੀ ਪਹਿਲਾਂ’ ਨੀਤੀ ਤਹਿਤ ਨੇਪਾਲ ਨਾਲ ਸਬੰਧਾਂ ਨੂੰ ਦਿੱਤੀ ਜਾ ਰਹੀ ਤਰਜੀਹ ਵਜੋਂ ਵੀ ਦੇਖਿਆ ਜਾ ਰਿਹਾ ਹੈ। ਦੌਰੇ ਨਾਲ ਦੋਵਾਂ ਦੇਸ਼ਾਂ ਦੀ ਭਾਈਵਾਲੀ ਹੋਰ ਮਜ਼ਬੂਤ ਹੋਣ ਅਤੇ ਆਪਸੀ ਲਾਭ ਵਾਲੇ ਸਹਿਯੋਗ ਨੂੰ ਨਵੀਂ ਦਿਸ਼ਾ ਮਿਲਣ ਦੀ ਉਮੀਦ ਹੈ।