ਚੰਡੀਗੜ੍ਹ, 23 ਨਵੰਬਰ (ਸੰਦੀਪ ਕੁਮਾਰ ਮਾਹਨਾ) – ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਦਿਸ਼ਾ ਵਿਚ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਲਈ ਸੂਬਾ ਚੋਣ ਕਮੇਟੀ ਦਾ ਐਲਾਨ ਕੀਤਾ ਗਿਆ ਹੈ।
ਇਸ 16 ਮੈਂਬਰੀ ਕਮੇਟੀ ਵਿਚ ਪਾਰਟੀ ਦੇ ਸੀਨੀਅਰ ਆਗੂਆਂ, ਸਾਬਕਾ ਸੂਬਾ ਪ੍ਰਧਾਨਾਂ, ਸਾਬਕਾ ਕੇਂਦਰੀ ਮੰਤਰੀਆਂ ਅਤੇ ਵੱਖ-ਵੱਖ ਅਹਿਮ ਅਹੁਦਿਆਂ 'ਤੇ ਰਹੇ ਆਗੂਆਂ ਨੂੰ ਸ਼ਾਮਿਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਤਿੰਨ ਆਗੂਆਂ ਨੂੰ ਵਿਸ਼ੇਸ਼ ਸੱਦੇ ਵਾਲੇ ਮੈਂਬਰ ਵਜੋਂ ਕਮੇਟੀ ਵਿਚ ਥਾਂ ਦਿੱਤੀ ਗਈ ਹੈ।
ਐਲਾਨੀ ਗਈ ਸੂਬਾ ਚੋਣ ਕਮੇਟੀ ਵਿਚ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਚੇਅਰਮੈਨ ਵਜੋਂ ਸ਼ਾਮਿਲ ਕੀਤਾ ਗਿਆ ਹੈ, ਜਦਕਿ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ ਨੂੰ ਵੀ ਕਮੇਟੀ ਵਿਚ ਜਗ੍ਹਾ ਦਿੱਤੀ ਗਈ ਹੈ। ਇਸੇ ਤਰ੍ਹਾਂ ਭਾਜਪਾ ਦੇ ਕੇਂਦਰੀ ਦਫ਼ਤਰ ਦੇ ਇੰਚਾਰਜ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਨੂੰ ਵੀ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ।
ਕਮੇਟੀ ਵਿਚ ਸਾਬਕਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਸੁਨੀਲ ਜਾਖੜ, ਅਵਿਨਾਸ਼ ਰਾਏ ਖੰਨਾ, ਮਨੋਰੰਜਨ ਕਾਲੀਆ ਅਤੇ ਇੰਜੀਨੀਅਰ ਸ਼ਵੇਤ ਮਲਿਕ ਨੂੰ ਸ਼ਾਮਿਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸੂਬਾ ਜਨਰਲ ਸਕੱਤਰ (ਸੰਗਠਨ) ਮੰਥਰੀ ਸ੍ਰੀਨਿਵਾਸੁਲੂ, ਸਾਬਕਾ ਸੂਬਾ ਪ੍ਰਧਾਨ ਅਤੇ ਸਾਬਕਾ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ, ਸਾਬਕਾ ਕੇਂਦਰੀ ਰਾਜ ਮੰਤਰੀ ਪ੍ਰਨੀਤ ਕੌਰ ਅਤੇ ਰਵਨੀਤ ਸਿੰਘ ਬਿੱਟੂ ਵੀ ਕਮੇਟੀ ਦਾ ਹਿੱਸਾ ਹੋਣਗੇ।
ਇਸੇ ਤਰ੍ਹਾਂ ਸੂਬਾ ਸਕੱਤਰ ਮਨਜੀਤ ਸਿੰਘ ਮੰਨਾ, ਪੰਜਾਬ ਦੇ ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਪੰਜਾਬ ਦੇ ਸਾਬਕਾ ਡਿਪਟੀ ਸਪੀਕਰ ਦਿਨੇਸ਼ ਬੱਬੂ ਅਤੇ ਮੁਕੇਰੀਆਂ ਤੋਂ ਵਿਧਾਇਕ ਜੰਗੀ ਲਾਲ ਮਹਾਜਨ ਨੂੰ ਵੀ ਕਮੇਟੀ ਵਿਚ ਸ਼ਾਮਿਲ ਕੀਤਾ ਗਿਆ ਹੈ।
ਵਿਸ਼ੇਸ਼ ਸੱਦੇ ਵਾਲੇ ਮੈਂਬਰਾਂ ਵਿਚ ਭਾਜਪਾ ਦੇ ਕੌਮੀ ਜਨਰਲ ਸਕੱਤਰ, ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਰਾਜ ਸਭਾ ਮੈਂਬਰ ਡਾ. ਸਤੀਸ਼ ਪੂਨੀਆ, ਸੂਬਾ ਸਹਿ-ਇੰਚਾਰਜ ਵਰਿੰਦਰ ਸਚਦੇਵਾ ਅਤੇ ਡਾ. ਅਲਕਾ ਗੁਰਜਰ ਦੇ ਨਾਂਅ ਸ਼ਾਮਿਲ ਹਨ।
ਸਿਆਸੀ ਹਲਕਿਆਂ ਵਿਚ ਇਸ ਕਮੇਟੀ ਦੇ ਗਠਨ ਨੂੰ ਪੰਜਾਬ ਵਿਚ ਅਗਾਮੀ ਵਿਧਾਨ ਸਭਾ ਚੋਣਾਂ ਲਈ ਭਾਜਪਾ ਦੀ ਜਥੇਬੰਦਕ ਅਤੇ ਚੋਣ ਤਿਆਰੀਆਂ ਦੇ ਅਹਿਮ ਕਦਮ ਵਜੋਂ ਦੇਖਿਆ ਜਾ ਰਿਹਾ ਹੈ। ਕਮੇਟੀ ਵਿਚ ਪਾਰਟੀ ਦੇ ਪੁਰਾਣੇ ਆਗੂਆਂ ਦੇ ਨਾਲ-ਨਾਲ ਹੋਰਨਾਂ ਪਾਰਟੀਆਂ ਤੋਂ ਭਾਜਪਾ ਵਿਚ ਸ਼ਾਮਿਲ ਹੋਏ ਆਗੂਆਂ ਨੂੰ ਵੀ ਨੁਮਾਇੰਦਗੀ ਦਿੱਤੀ ਗਈ ਹੈ। ਹੁਣ ਦੇਖਣਾ ਹੋਵੇਗਾ ਕਿ ਇਹ ਕਮੇਟੀ ਆਉਣ ਵਾਲੇ ਸਮੇਂ ਵਿਚ ਚੋਣ ਰਣਨੀਤੀ ਅਤੇ ਉਮੀਦਵਾਰਾਂ ਦੀ ਚੋਣ ਸੰਬੰਧੀ ਪਾਰਟੀ ਦੀਆਂ ਤਿਆਰੀਆਂ ਨੂੰ ਕਿਸ ਤਰ੍ਹਾਂ ਅੱਗੇ ਵਧਾਉਂਦੀ ਹੈ।
ਤਾਜ਼ਾ ਖ਼ਬਰਾਂ
Free
2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ
ਚੰਡੀਗੜ੍ਹ, 23 ਨਵੰਬਰ (ਸੰਦੀਪ ਕੁਮਾਰ ਮਾਹਨਾ) – ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਪਣੀਆਂ...
ਅਜੀਤ ਡੈਸਕ
23-11-2026