ਅਜਨਾਲਾ (ਅੰਮ੍ਰਿਤਸਰ), 23 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਜੋ ਕਿ 2027 ਦੇ ਉਮੀਦਾਂ ਵੀ ਹਨ, ਵਲੋਂ ਅੱਜ ਅਜਨਾਲਾ ਸ਼ਹਿਰ ਵਿਚ ਪਾਰਟੀ ਦੀ ਨਵੀਂ ਮੁਹਿੰਮ 'ਤੁਹਾਡਾ ਭਰਾ ਤੁਹਾਡਾ ਬੇਟਾ' ਵਿਕਾਸ ਦਾ ਮੁਦਈ ਕੁਲਦੀਪ ਸਿੰਘ ਧਾਲੀਵਾਲ ਦੀ ਸ਼ੁਰੂਆਤ ਕਰਦਿਆਂ ਦੁਕਾਨਦਾਰਾਂ ਨਾਲ ਸਿੱਧਾ ਸੰਪਰਕ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਦੁਕਾਨਦਾਰਾਂ ਨੂੰ ਜਿੱਥੇ ਸਰਕਾਰ ਦੀਆਂ ਸਕੀਮਾਂ ਤੋਂ ਜਾਣੂੰ ਕਰਵਾਇਆ ਉੱਥੇ ਹੀ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ 'ਆਪ' ਦੇ ਹੱਕ ਵਿਚ ਵੋਟਾਂ ਪਾਉਣ ਦੀ ਅਪੀਲ ਕੀਤੀ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਸ. ਧਾਲੀਵਾਲ ਨੇ ਕਾਂਗਰਸ ਪਾਰਟੀ 'ਤੇ ਤਿੱਖੇ ਸਿਆਸੀ ਨਿਸ਼ਾਨੇ ਸਾਧਦਿਆਂ ਕਿਹਾ ਕਿ ਰਾਜਸਥਾਨ ਦੇ ਸਿਆਸੀ ਤਜਰਬਿਆਂ ਤੋਂ ਕਾਂਗਰਸ ਨੂੰ ਸਬਕ ਸਿੱਖਣਾ ਚਾਹੀਦਾ ਹੈ, ਪਰ ਪੰਜਾਬ ਵਿਚ ਕਾਂਗਰਸੀ ਆਗੂ ਇੱਕਜੁੱਟ ਹੋਣ ਦੀ ਬਜਾਏ ਆਪੋ-ਆਪਣੇ ਰਾਹ ਤੁਰੇ ਫਿਰ ਰਹੇ ਹਨ। ਉਨ੍ਹਾਂ ਤਨਜ਼ ਕੱਸਦਿਆਂ ਕਿਹਾ ਕਿ ਰਾਜਸਥਾਨ ਵਿਚ ਕਾਂਗਰਸ ਦਾ ਬੇੜਾ ਡੋਬਣ ਵਾਲੇ ਸਚਿਨ ਪਾਇਲਟ ਪੰਜਾਬ ਕਾਂਗਰਸ ਦੀ ਬੇੜੀ ਵੀ ਪਾਰ ਨਹੀਂ ਲਾ ਪਾਉਣਗੇ। ਧਾਲੀਵਾਲ ਨੇ ਅੱਗੇ ਕਿਹਾ ਕਿ ਸਚਿਨ ਪਾਇਲਟ ਦੇ ਸਿਆਸੀ ਤਜਰਬੇ ਤੋਂ ਕਾਂਗਰਸ ਪਾਰਟੀ ਨੂੰ ਸਿੱਖਣ ਦੀ ਲੋੜ ਹੈ, ਪਰ ਪੰਜਾਬ ਵਿਚ ਕਾਂਗਰਸ ਦੀ ਸਥਿਤੀ ਇਹ ਹੈ ਕਿ ਪਾਰਟੀ ਦੇ ਆਗੂਆਂ ਵਿਚ ਆਪਸੀ ਤਾਲਮੇਲ ਅਤੇ ਇੱਕਜੁੱਟਤਾ ਦੀ ਘਾਟ ਸਾਫ਼ ਦਿਖਾਈ ਦੇ ਰਹੀ ਹੈ।
ਉਨ੍ਹਾਂ ਰਾਜਾ ਵੜਿੰਗ, ਚਰਨਜੀਤ ਸਿੰਘ ਚੰਨੀ ਸਮੇਤ ਹੋਰਨਾਂ ਕਾਂਗਰਸੀ ਆਗੂਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਹਰ ਆਗੂ ਆਪਣੇ ਪੱਧਰ 'ਤੇ ਸਿਆਸਤ ਕਰ ਰਿਹਾ ਹੈ। ਜਦੋਂ ਪਾਰਟੀ ਦੇ ਆਗੂ ਹੀ ਇੱਕ ਮੰਚ 'ਤੇ ਇਕੱਠੇ ਨਹੀਂ ਹੋ ਸਕਦੇ ਤਾਂ ਉਹ ਪੰਜਾਬ ਵਿਚ ਪਾਰਟੀ ਦੀ ਬੇੜੀ ਕਿਵੇਂ ਪਾਰ ਲਾਉਣਗੇ। ਈ.ਡੀ ਵੱਲੋਂ ਮੋਗਾ ਤੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਧਰਮਕੋਟ ਤੋਂ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਤੇ ਹੋਰਨਾਂ ਨੂੰ ਸੰਮਨ ਜਾਰੀ ਕਰਨ ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਸ. ਧਾਲੀਵਾਲ ਨੇ ਕਿਹਾ ਕਿ ਚੋਣਾਂ ਨੇੜੇ ਆਉਂਦਿਆਂ ਹੀ ਕੇਂਦਰੀ ਜਾਂਚ ਏਜੰਸੀਆਂ ਦੀਆਂ ਕਾਰਵਾਈਆਂ ਤੇਜ਼ ਹੋ ਜਾਂਦੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਵੱਲੋਂ ਜਾਂਚ ਏਜੰਸੀਆਂ ਦੀ ਵਰਤੋਂ ਸਿਆਸੀ ਵਿਰੋਧੀਆਂ ਨੂੰ ਦਬਾਉਣ ਲਈ ਕੀਤੀ ਜਾ ਰਹੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸਮੇਤ ਪਾਰਟੀ ਦੇ ਕਈ ਆਗੂ ਅਜਿਹੀਆਂ ਕਾਰਵਾਈਆਂ ਦਾ ਸਾਹਮਣਾ ਕਰ ਚੁੱਕੇ ਹਨ, ਪਰ ਪਾਰਟੀ ਦਾ ਕੋਈ ਵੀ ਆਗੂ ਇਨ੍ਹਾਂ ਸੰਮਨਾਂ ਅਤੇ ਜਾਂਚ ਏਜੰਸੀਆਂ ਦੀ ਕਾਰਵਾਈ ਤੋਂ ਡਰਨ ਵਾਲਾ ਨਹੀਂ ਹੈ। ਉਨ੍ਹਾਂ ਇਹ ਵੀ ਕਿਹਾ ਕਿ ਈ.ਡੀ ਵਲੋਂ ਭਾਜਪਾ ਕਾਂਗਰਸ ਜਾਂ ਅਕਾਲੀ ਆਗੂ ਤੇ ਕਿਉਂ ਨਹੀਂ ਕੀਤੀ ਜਾਂਦੀ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਹੱਕ ਵਿਚ ਲੋਕਾਂ ਦਾ ਸਮਰਥਨ ਲਗਾਤਾਰ ਵਧ ਰਿਹਾ ਹੈ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੁੜ 'ਆਪ' ਦੀ ਸਰਕਾਰ ਬਣੇਗੀ।
ਇਸ ਦੌਰਾਨ ਸ਼ਹਿਰ ਦੇ ਦੁਕਾਨਦਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਧਾਲੀਵਾਲ ਨੇ ਕਿਹਾ ਕਿ ਪਾਰਟੀ ਵੱਲੋਂ ਪਹਿਲਾਂ ਸ਼ਹਿਰ ਦੇ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਗਿਆ ਸੀ ਅਤੇ ਹੁਣ ਬਾਜ਼ਾਰਾਂ ਵਿਚ ਦੁਕਾਨਦਾਰਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਲਈ ਰੋਜ਼ਾਨਾ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਲੋਕਾਂ ਨੂੰ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਅਤੇ ਪ੍ਰਾਪਤੀਆਂ ਬਾਰੇ ਜਾਣੂ ਕਰਵਾਉਣਾ ਅਤੇ ਅਗਲੇ ਪੰਜ ਸਾਲਾਂ ਲਈ ਵੀ ਲੋਕਾਂ ਦਾ ਸਮਰਥਨ ਹਾਸਲ ਕਰਨਾ ਹੈ।
ਸ. ਧਾਲੀਵਾਲ ਨੇ ਭਾਵੁਕ ਅੰਦਾਜ਼ ਵਿਚ ਕਿਹਾ ਕਿ ਉਹ ਆਪਣੇ ਆਪ ਨੂੰ ਲੋਕਾਂ ਦਾ ਆਗੂ ਨਹੀਂ, ਸਗੋਂ ਉਨ੍ਹਾਂ ਦਾ ਪੁੱਤਰ ਅਤੇ ਭਰਾ ਸਮਝਦੇ ਹਨ। ਸ਼ਹਿਰ ਦੇ ਵੱਡੇ-ਵਡੇਰਿਆਂ ਲਈ ਉਹ ਪੁੱਤਰ ਵਾਂਗ ਅਤੇ ਬਾਕੀ ਨਿਵਾਸੀਆਂ ਲਈ ਭਰਾ ਵਾਂਗ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਸ਼ਹਿਰ ਦੇ ਵਿਕਾਸ ਕਾਰਜਾਂ ਅਤੇ ਲੋਕਾਂ ਦੇ ਦੁੱਖ-ਸੁੱਖ ਵਿਚ ਉਹ ਪਹਿਲਾਂ ਵਾਂਗ ਹੀ ਸ਼ਾਮਲ ਰਹਿਣਗੇ।