ਅੰਮ੍ਰਿਤਸਰ, 26 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਅੰਮ੍ਰਿਤਸਰ ਉੱਤਰੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਆਗੂ ਅਤੇ ਸੰਭਾਵੀ ਉਮੀਦਵਾਰ ਅਕਸ਼ੈ ਸ਼ਰਮਾ ਆਪਣੇ ਵਿਕਾਸ ਅਤੇ ਲੋਕ ਭਲਾਈ ਦੇ ਕੰਮਾਂ ਦਾ ਰਿਪੋਰਟ ਕਾਰਡ ਲੈ ਕੇ ਲੋਕਾਂ ਵਿਚ ਪਹੁੰਚੇ। ਉਨ੍ਹਾਂ ਵਲੋਂ ਬਟਾਲਾ ਰੋਡ ਇਲਾਕੇ ਵਿੱਚ ਡੋਰ-ਟੂ-ਡੋਰ ਮੁਹਿੰਮ ਚਲਾ ਕੇ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਗਈ ਅਤੇ ਹਲਕੇ ਦੇ ਵਿਕਾਸ ਲਈ ਉਨ੍ਹਾਂ ਦੇ ਸੁਝਾਅ ਲਏ ਗਏ।
ਇਸ ਮੌਕੇ ਅਕਸ਼ੈ ਸ਼ਰਮਾ ਨੇ ਕਿਹਾ ਕਿ ਅੰਮ੍ਰਿਤਸਰ ਉੱਤਰੀ ਹਲਕੇ ਦਾ ਸਰਬਪੱਖੀ ਵਿਕਾਸ ਲੋਕਾਂ ਦੀਆਂ ਲੋੜਾਂ ਅਤੇ ਉਨ੍ਹਾਂ ਦੀ ਰਾਏ ਅਨੁਸਾਰ ਹੀ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਟੀਮ ਵਲੋਂ ਲੋੜਵੰਦ ਪਰਿਵਾਰਾਂ ਨੂੰ ਮੈਡੀਕਲ ਸਹੂਲਤਾਂ ਦਿਵਾਉਣ, ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ, ਬੱਚਿਆਂ ਦੀ ਮੁਫ਼ਤ ਸਿੱਖਿਆ, ਮਰੀਜ਼ਾਂ ਦੇ ਇਲਾਜ ਵਿੱਚ ਸਹਾਇਤਾ ਅਤੇ ਲੋੜਵੰਦ ਧੀਆਂ ਦੇ ਵਿਆਹਾਂ ਵਿਚ ਸਹਿਯੋਗ ਵਰਗੇ ਲੋਕ ਭਲਾਈ ਦੇ ਕਾਰਜ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਮੰਦਰਾਂ, ਗੁਰਦੁਆਰਿਆਂ ਅਤੇ ਚਰਚਾਂ ਨਾਲ ਸਬੰਧਤ ਧਾਰਮਿਕ ਤੇ ਸਮਾਜਿਕ ਗਤੀਵਿਧੀਆਂ ਵਿਚ ਵੀ ਸਹਿਯੋਗ ਦਿੱਤਾ ਜਾ ਰਿਹਾ ਹੈ।
ਪੁਰਾਣੇ ਵਿਕਾਸ ਕਾਰਜਾਂ ਦੇ ਨਾਂ ’ਤੇ ਲੋਕਾਂ ਨੂੰ ਗੁਮਰਾਹ ਕਰਨ ਵਾਲੇ ਆਗੂਆਂ ’ਤੇ ਸਵਾਲ ਚੁੱਕਦਿਆਂ ਅਕਸ਼ੈ ਸ਼ਰਮਾ ਨੇ ਕਿਹਾ ਕਿ ਕੁਝ ਆਗੂ 10 ਤੋਂ 15 ਸਾਲ ਪਹਿਲਾਂ ਕਰਵਾਏ ਕੰਮਾਂ ਦਾ ਹਵਾਲਾ ਦੇ ਕੇ ਮੁੜ ਲੋਕਾਂ ਕੋਲ ਪਹੁੰਚ ਰਹੇ ਹਨ। ਉਨ੍ਹਾਂ ਸਵਾਲ ਕੀਤਾ ਕਿ ਜਦੋਂ ਇਲਾਕੇ ਦੇ ਨੌਜਵਾਨ ਬੇਰੁਜ਼ਗਾਰੀ ਦਾ ਸਾਹਮਣਾ ਕਰ ਰਹੇ ਸਨ, ਗਰੀਬ ਪਰਿਵਾਰ ਆਰਥਿਕ ਤੰਗੀ ਵਿਚ ਸਨ ਅਤੇ ਬੱਚੇ ਸਿੱਖਿਆ ਤੋਂ ਵਾਂਝੇ ਸਨ, ਉਸ ਸਮੇਂ ਇਨ੍ਹਾਂ ਆਗੂਆਂ ਨੇ ਲੋਕਾਂ ਦੀ ਕਿੰਨੀ ਸਾਰ ਲਈ?
ਉਨ੍ਹਾਂ ਕਿਹਾ ਕਿ ਚੋਣਾਂ ਦੇ ਸਮੇਂ ਲੋਕਾਂ ਵਿਚ ਆਉਣ ਵਾਲੇ ਆਗੂਆਂ ਤੋਂ ਪਿਛਲੇ ਕੰਮਾਂ ਦਾ ਹਿਸਾਬ ਮੰਗਣਾ ਚਾਹੀਦਾ ਹੈ। ਲੋਕਾਂ ਨੂੰ ਪੁਰਾਣੇ ਵਾਅਦਿਆਂ ਅਤੇ ਦਾਅਵਿਆਂ ਦੀ ਬਜਾਏ ਕੰਮ ਕਰਨ ਦੀ ਸਮਰੱਥਾ, ਨਵੀਂ ਸੋਚ ਅਤੇ ਲੋਕਾਂ ਨਾਲ ਖੜ੍ਹਨ ਵਾਲੀ ਲੀਡਰਸ਼ਿਪ ਨੂੰ ਧਿਆਨ ਵਿਚ ਰੱਖ ਕੇ ਫੈਸਲਾ ਕਰਨਾ ਚਾਹੀਦਾ ਹੈ। ਅਕਸ਼ੈ ਸ਼ਰਮਾ ਨੇ ਦੁਹਰਾਇਆ ਕਿ ਉਨ੍ਹਾਂ ਦਾ ਉਦੇਸ਼ ਲੋਕਾਂ ਦੇ ਸੁਝਾਵਾਂ ਅਤੇ ਸਹਿਯੋਗ ਨਾਲ ਹਲਕੇ ਦਾ ਵਿਕਾਸ ਕਰਨਾ ਹੈ।