350ਵੇਂ ਸ਼ਹੀਦੀ ਦਿਹਾੜੇ ਮੌਕੇ ਲਾਲ ਕਿਲ੍ਹੇ ਵਿਖੇ ਸਮਾਗਮ 'ਚ ਭਰੀ ਹਾਜ਼ਰੀ
ਨਵੀਂ ਦਿੱਲੀ, 24 ਨਵੰਬਰ (ਜਗਤਾਰ ਸਿੰਘ)-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਗੁਰੂ ਤੇਗ ਬਹਾਦਰ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਹੈ ਕਿ ਗੁਰੂ ਸਾਹਿਬ ਧਰਮ ਦੀ ਰੱਖਿਆ ਲਈ ਆਪਣੀ ਜਾਨ ਦੇਣ ਤੋਂ ਵੀ ਨਹੀਂ ਝਿਜਕੇ | ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਨੇ ਜਿਸ ਹਿੰਮਤ ਤੇ ਬਹਾਦਰੀ ਨਾਲ ਅਨਿਆਂ ਦਾ ਸਾਹਮਣਾ ਕੀਤਾ, ਉਹ ਹਰ ਭਾਰਤੀ ਲਈ ਪ੍ਰੇਰਨਾ ਦਾ ਸਰੋਤ ਹੈ | ਉਨ੍ਹਾਂ ਦਾ ਜੀਵਨ ਭਾਰਤ ਦੀ ਅਧਿਆਤਮਿਕ ਚੇਤਨਾ, ਹਿੰਮਤ ਤੇ ਕੁਰਬਾਨੀ ਦੀ ਇਕ ਸਦੀਵੀ ਗਾਥਾ ਹੈ | ਲਾਲ ਕਿਲ੍ਹੇ ਵਿਖੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਸਮਾਗਮ ਦੇ ਦੂਜੇ ਦਿਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਹਾਜ਼ਰੀ ਭਰ ਕੇ ਗੁਰੂ ਸਾਹਿਬ ਨੂੰ ਸ਼ਰਧਾਂਜਲੀ ਭੇਟ ਕੀਤੀ | ਦਿੱਲੀ ਸਰਕਾਰ ਵਲੋਂ ਦਿੱਲੀ ਗੁਰਦੁਆਰਾ ਕਮੇਟੀ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਸਮਾਗਮ ਦੇ ਦੂਜੇ ਦਿਨ ਅਮਿਤ ਸ਼ਾਹ ਤੋਂ ਇਲਾਵਾ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ, ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ, ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ, ਦਿੱਲੀ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ, ਪ੍ਰਵੇਸ਼ ਵਰਮਾ, ਕਪਿਲ ਮਿਸ਼ਰਾ, ਆਸ਼ੀਸ਼ ਸੂਦ, ਦਿੱਲੀ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀ ਭਰੀ | ਸੰਗਤਾਂ ਨੂੰ ਸੰਬੋਧਨ ਕਰਦਿਆਂ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਕਿਹਾ ਕਿ ਜਿਸ ਪਿਛੋਕੜ 'ਚ ਜਿਸ ਲਾਲ ਕਿਲ੍ਹੇ ਤੋਂ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਦਾ ਫ਼ਰਮਾਨ ਜਾਰੀ ਹੋਇਆ ਸੀ ਤੇ ਲੋਕਾਂ 'ਤੇ ਜ਼ੁਲਮ ਹੁੰਦੇ ਸਨ, ਅੱਜ ਉਹੀ ਲਾਲ ਕਿਲ੍ਹੇ 'ਤੇ ਲੱਖਾਂ ਦੀ ਗਿਣਤੀ 'ਚ ਸੰਗਤ ਵਲੋਂ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਯਾਦ ਕੀਤਾ ਜਾ ਰਿਹਾ ਹੈ ¢ ਉਨ੍ਹਾਂ ਕਿਹਾ ਕਿ ਜਦੋਂ ਭਾਰੀ ਜ਼ੁਲਮ ਹੋ ਰਹੇ ਸਨ ਤੇ ਧਾਰਮਿਕ ਸੁਤੰਤਰਤਾ ਨੂੰ ਕੁਚਲਣ ਦੀ ਕੋਸ਼ਿਸ਼ ਹੋ ਰਹੀ ਸੀ ਉਸ ਸਮੇਂ ਗੁਰੂ ਸਾਹਿਬ ਨੇ ਆਪਣੀ ਸ਼ਹਾਦਤ ਦੇ ਕੇ ਧਾਰਮਿਕ ਸੁਤੰਤਰਤਾ ਨੂੰ ਬਚਾਇਆ ਤੇ ਅਜਿਹੀ ਸ਼ਹਾਦਤ ਦੀ ਮਿਸਾਲ ਦੁਨੀਆ 'ਚ ਕਿਧਰੇ ਨਹੀਂ ਮਿਲਦੀ | ਮੁੱਖ ਮੰਤਰੀ ਰੇਖਾ ਗੁਪਤਾ ਨੇ ਕਿਹਾ ਕਿ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਰਹਿੰਦੀ ਦੁਨੀਆ ਤਕ ਨਹੀਂ ਭੁਲਾਇਆ ਜਾ ਸਕਦਾ | ਕੈਬਨਿਟ ਮੰਤਰੀ ਸਿਰਸਾ ਨੇ ਦੱਸਿਆ ਕਿ ਦਿੱਲੀ ਸਰਕਾਰ ਵਲੋਂ ਸਾਲ ਭਰ ਦੇ ਪ੍ਰੋਗਰਾਮ ਉਲੀਕੇ ਗਏ ਹਨ, ਜਿਨ੍ਹਾਂ ਤਹਿਤ ਸਕੂਲੀ ਬੱਚਿਆਂ ਤੇ ਲੋਕਾਂ ਨੂੰ ਗੁਰੂ ਸਾਹਿਬ ਦੀ ਸ਼ਹਾਦਤ ਬਾਰੇ ਜਾਣੂ ਕਰਾਇਆ ਜਾਵੇਗਾ | ਇਸ ਮੌਕੇ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਯਾਤਰਾ ਬਾਰੇ ਜਾਣਕਾਰੀ ਦਿੰਦੀ ਇਕ ਕਿਤਾਬ ਵੀ ਰਿਲੀਜ਼ ਕੀਤੀ ਗਈ, ਜਿਸ ਨੂੰ ਕੈਬਨਿਟ ਮੰਤਰੀ ਆਸ਼ੀਸ਼ ਸੂਦ ਨੇ ਤਿਆਰ ਕਰਵਾਇਆ ਹੈ | ਸਮਾਗਮ 'ਚ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਖ਼ਾਲਸਾ ਸਮੇਤ ਹੋਰ ਧਾਰਮਿਕ ਸ਼ਖ਼ਸੀਅਤਾਂ ਨੇ ਵੀ ਹਾਜ਼ਰੀ ਭਰੀ |
ਗੁਰੂ ਸਾਹਿਬ ਦੀ ਬਹਾਦਰੀ ਤੇ ਹਿੰਮਤ ਹਰ ਭਾਰਤੀ ਲਈ ਪ੍ਰੇਰਨਾ ਸਰੋਤ-ਅਮਿਤ ਸ਼ਾਹ
ਅਜੀਤ ਡੈਸਕ
25-11-2025