ਸ੍ਰੀ ਅਨੰਦਪੁਰ ਸਾਹਿਬ/ਚੰਡੀਗੜ੍ਹ, 24 ਨਵੰਬਰ (ਅਜੀਤ ਬਿਊਰੋ)-350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਬਾਬਾ ਬੁੱਢਾ ਦਲ ਛਾਉਣੀ ਦੇ ਮੁੱਖ ਪੰਡਾਲ ਵਿਖੇ ਵਿਸ਼ੇਸ਼ ਕਵੀ, ਢਾਡੀ ਤੇ ਕਵੀਸ਼ਰ ਦਰਬਾਰ ਸਜਾਏ ਗਏ | ਇਸ ਮੌਕੇ ਉੱਘੇ ਕਵੀਆਂ, ਢਾਡੀਆਂ ਤੇ ਕਵੀਸ਼ਰਾਂ ਨੇ ਸੰਗਤ ਨੂੰ ਨਿਹਾਲ ਕੀਤਾ | ਕਵੀ ਦਰਬਾਰ 'ਚ ਰਛਪਾਲ ਸਿੰਘ ਪਾਲ, ਕਰਮਜੀਤ ਸਿੰਘ, ਮਨਜੀਤ ਕੌਰ, ਜ਼ਮੀਰ ਅਲੀ, ਸ਼ੁਭਮ ਮੰਗਲਾ ਤੇ ਹਰੀ ਸਿੰਘ ਨੇ ਹਾਜ਼ਰੀ ਲਗਵਾਈ | ਇਸੇ ਤਰ੍ਹਾਂ ਢਾਡੀ ਤੇ ਕਵੀਸ਼ਰ ਦਰਬਾਰ 'ਚ ਪ੍ਰਸਿੱਧ ਢਾਡੀ ਤੇ ਕਵੀਸ਼ਰੀ ਜਥਿਆਂ ਨੇ ਕਵੀਸ਼ਰੀ ਤੇ ਵਾਰਾਂ ਨਾਲ ਸੰਗਤ 'ਚ ਜੋਸ਼ ਭਰਿਆ | ਇਸ ਮੌਕੇ ਢਾਡੀ ਗੁਰਪ੍ਰੀਤ ਸਿੰਘ ਲਾਂਡਰਾ, ਕਵੀਸ਼ਰ ਗੁਰਜੰਟ ਸਿੰਘ ਬੈਂਕਾ ਤੇ ਢਾਡੀ ਤਰਸੇਮ ਸਿੰਘ ਮੋਰਾਂਵਾਲੀ ਦੇ ਜਥੇ ਸ਼ਾਮਿਲ ਸਨ | ਇਸ ਮੌਕੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ, ਸਕੱਤਰ ਡਾ. ਅਭਿਨਾਵ ਤਿ੍ਖਾ ਡਾਇਰੈਕਟਰ ਸੰਜੀਵ ਤਿਵਾੜੀ ਤੇ ਹੋਰ ਉੱਘੀਆਂ ਸ਼ਖਸੀਅਤਾਂ ਨੇ ਹਾਜ਼ਰੀ ਭਰੀ | ਸਟੇਜ ਸਕੱਤਰ ਦੀ ਸੇਵਾ ਗਿਆਨੀ ਭਗਵਾਨ ਸਿੰਘ ਜੌਹਲ ਤੇ ਭਾਈ ਪ੍ਰੀਤਮ ਸਿੰਘ ਨੇ ਨਿਭਾਈ | ਭਲਕੇ 25 ਨਵੰਬਰ ਨੂੰ ਇਸੇ ਪੰਡਾਲ 'ਚ ਆਤਮਰਸ ਕੀਰਤਨ ਦਰਬਾਰ ਤੇ ਸਰਬੱਤ ਦੇ ਭਲੇ ਲਈ ਇਕੱਤਰਤਾ ਹੋਵੇਗੀ |