ਵਿਦੇਸ਼ ਮੰਤਰੀ ਨੇ ਰਾਜ ਸਭਾ 'ਚ ਦਿੱਤੀ ਜਾਣਕਾਰੀ
ਨਵੀਂ ਦਿੱਲੀ, 4 ਦਸੰਬਰ (ਪੀ. ਟੀ. ਆਈ)-ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਰਾਜ ਸਭਾ 'ਚ ਦੱਸਿਆ ਕਿ ਦੇਸ਼ ਵਿਚ ਮਨੁੱਖੀ ਤਸਕਰੀ ਦੇ ਸਭ ਤੋਂ ਵੱਧ ਮਾਮਲੇ ਪੰਜਾਬ ਵਿਚ ਹਨ | ਪ੍ਰਸ਼ਨ ਕਾਲ ਦੌਰਾਨ ਇਕ ਸਵਾਲ ਦੇ ਜਵਾਬ 'ਚ ਜੈਸ਼ੰਕਰ ਨੇ ਉਕਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਨੇ ਮਨੁੱਖੀ ਤਸਕਰੀ ਦੇ ਮਾਮਲਿਆਂ ਦੀ ਜਾਂਚ ਲਈ ਇਕ ਐਸ. ਆਈ. ਟੀ. ਅਤੇ ਇੱਕ ਤੱਥ-ਖੋਜ ਕਮੇਟੀ ਦਾ ਗਠਨ ਕੀਤਾ ਹੈ | ਉਨ੍ਹਾਂ ਦੱਸਿਆ ਕਿ ਸਾਨੂੰ ਦਿੱਤੀ ਗਈ ਜਾਣਕਾਰੀ ਅਨੁਸਾਰ ਪੰਜਾਬ 'ਚ 58 ਗੈਰ-ਕਾਨੂੰਨੀ ਟਰੈਵਲ ਏਜੰਟਾਂ ਵਿਰੁੱਧ 25 ਐਫ. ਆਈ. ਆਰ. ਦਰਜ ਕੀਤੀਆਂ ਗਈਆਂ ਹਨ ਅਤੇ 16 ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਹਰਿਆਣਾ 'ਚ 2325 ਮਾਮਲੇ ਦਰਜ ਕੀਤੇ ਗਏ ਹਨ ਅਤੇ 44 ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ ਅਤੇ 27 ਲੋਕਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਗੁਜਰਾਤ 'ਚ ਇੱਕ ਵੱਡੇ ਤਸਕਰ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਅਮਰੀਕਾ ਵਲੋਂ ਡਿਪੋਰਟ ਕੀਤੇ ਵਿਅਕਤੀਆਂ ਬਾਰੇ ਇਕ ਸਵਾਲ ਦੇ ਜਵਾਬ ਵਿਚ ਜੈਸ਼ੰਕਰ ਨੇ ਕਿਹਾ ਕਿ ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ) ਨੇ ਕੁਝ ਸਾਲ ਪਹਿਲਾਂ ਇੱਕ ਮਨੁੱਖੀ ਤਸਕਰੀ ਵਿਰੋਧੀ ਡਿਵੀਜ਼ਨ ਸਥਾਪਤ ਕੀਤੀ ਸੀ | ਉਨ੍ਹਾਂ ਕਿਹਾ ਕਿ ਰਾਜ ਸਰਕਾਰਾਂ ਨੇ ਮਨੁੱਖੀ ਤਸਕਰੀ ਦੇ ਮਾਮਲਿਆਂ ਦੀ ਜਾਂਚ ਵੀ ਸ਼ੁਰੂ ਕੀਤੀ ਹੈ | ਐਨ.ਆਈ.ਏ ਨੇ ਮਨੁੱਖੀ ਤਸਕਰੀ ਦੇ 27 ਮਾਮਲੇ ਦਰਜ ਕੀਤੇ ਹਨ ਅਤੇ ਜਾਂਚ ਕੀਤੀ ਹੈ | ਜਿਸ ਦੇ ਨਤੀਜੇ ਵਜੋਂ 169 ਗਿ੍ਫ਼ਤਾਰੀਆਂ ਹੋਈਆਂ ਹਨ ਅਤੇ 132 ਵਿਅਕਤੀਆਂ ਵਿਰੁੱਧ ਦੋਸ਼ ਪੱਤਰ ਦਾਖ਼ਲ ਕੀਤੇ ਗਏ ਹਨ | ਐਨ. ਆਈ. ਏ. ਨੇ 7 ਅਗਸਤ ਨੂੰ ਹਰਿਆਣਾ ਅਤੇ ਪੰਜਾਬ 'ਚੋਂ ਦੋ ਵੱਡੇ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਅਤੇ ਫਿਰ ਹਿਮਾਚਲ ਪ੍ਰਦੇਸ਼ 'ਚ 2 ਅਕਤੂਬਰ ਨੂੰ ਦੋ ਹੋਰ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ |
ਪੰਜਾਬ 'ਚ ਮਨੁੱਖੀ ਤਸਕਰੀ ਦੇ ਮਾਮਲੇ ਸਭ ਤੋਂ ਵੱਧ-ਜੈਸ਼ੰਕਰ
ਅਜੀਤ ਡੈਸਕ
05-12-2025