19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਦਿੱਲੀ ਦੀ ਮੁੱਖ ਮੰਤਰੀ ਨੇ ਕੈਬਨਿਟ ਮੰਤਰੀਆਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ <br/>

ਅਜੀਤ ਡੈਸਕ 09-12-2025

ਹਰਮਿੰਦਰ ਸਿੰਘ
ਅੰਮਿ੍ਤਸਰ, 8 ਦਸੰਬਰ-ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਆਪਣੇ ਕੈਬਨਿਟ ਮੰਤਰੀਆਂ ਦੇ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਉਨ੍ਹਾਂ ਨੇ ਦਿੱਲੀ 'ਚ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਸੰਬੰਧੀ ਕਰਵਾਏ ਸਮਾਗਮਾਂ ਦੇ ਸਫਲਤਾ ਪੂਰਵਕ ਸੰਪੰਨ ਹੋਣ 'ਤੇ ਸ਼ੁਕਰਾਨਾ ਕੀਤਾ | ਇਸ ਦੌਰਾਨ ਰੇਖਾ ਗੁਪਤਾ ਨੇ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ 'ਚ ਸਥਿਤ ਛਬੀਲ 'ਤੇ ਬਰਤਨਾਂ ਦੀ ਸੇਵਾ ਕੀਤੀ | ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼ੋ੍ਰਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੈਨੇਜਰ ਸ੍ਰੀ ਦਰਬਾਰ ਸਾਹਿਬ ਭਗਵੰਤ ਸਿੰਧ ਧੰਗੇੜਾ, ਸੂਚਨਾ ਅਧਿਕਾਰੀ ਅੰਮਿ੍ਤਪਾਲ ਸਿੰਘ ਅਤੇ ਰਣਧੀਰ ਸਿੰਘ ਵਰਪਾਲ ਵਲੋਂ ਉਨ੍ਹਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਤੋਂ ਇਲਾਵਾ ਦਿੱਲੀ ਦੀ ਮੁੱਖ ਮੰਤਰੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਵੀ ਮੁਲਾਕਾਤ ਕੀਤੀ | ਇਸ ਮੌਕੇ ਉਨ੍ਹਾਂ ਨਾਲ ਦਿੱਲੀ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ, ਪ੍ਰਵੇਸ਼ ਵਰਮਾ, ਅਸ਼ੀਸ਼ ਸੂਦ ਤੇ ਕਪਿਲ ਮਿਸ਼ਰਾ ਵੀ ਮੌਜੂਦ ਸਨ | ਇਸ ਮੌਕੇ ਗੱਲਬਾਤ ਕਰਦੇ ਮੁੱਖ ਮੰਤਰੀ ਰੇਖਾ ਗੁਪਤਾ ਨੇ ਕਿਹਾ ਕਿ ਦਿੱਲੀ ਦੇ ਲਾਲ ਕਿਲ੍ਹਾ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸੰਬੰਧ ਵਿਚ ਕਰਵਾਏ ਗਏ ਗੁਰਮਤਿ ਸਮਾਗਮਾਂ ਦੀ ਸਫਲਤਾ ਪੂਰਵਕ ਸਮਾਪਤੀ ਹੋਣ 'ਤੇ ਉਹ ਆਪਣੇ ਕੈਬਨਿਟ ਮੰਤਰੀਆਂ ਦੇ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ੁਕਰਾਨਾ ਕਰਨ ਲਈ ਪਹੁੰਚੇ ਹਨ | ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਵਲੋਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਪੂਰਾ ਸਾਲ ਸਮਾਗਮ ਕਰਵਾਏ ਜਾਣਗੇ | ਇਸ ਤੋਂ ਇਲਾਵਾ ਦਿੱਲੀ ਸਰਕਾਰ ਵਲੋਂ ਗੁਰੂ ਸਾਹਿਬ ਨਾਲ ਸੰਬੰਧਿਤ ਪੁਸਤਕਾਂ ਪ੍ਰਕਾਸ਼ਿਤ ਕਰਵਾਈਆਂ ਗਈਆਂ ਹਨ, ਜੋ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਵੰਡੀਆਂ ਜਾਣਗੀਆਂ, ਤਾਂ ਜੋ ਬੱਚਿਆਂ ਨੂੰ ਗੁਰੂ ਸਾਹਿਬ ਦੀ ਸ਼ਹਾਦਤ ਤੋਂ ਜਾਣੂ ਕਰਵਾਇਆ ਜਾ ਸਕੇ | ਉਨ੍ਹਾਂ ਦੱਸਿਆ ਕਿ ਦਿੱਲੀ ਦੇ ਲਾਲ ਕਿਲ੍ਹਾ ਵਿਖੇ ਕਰਵਾਏ ਗਏ ਸਮਾਗਮਾਂ 'ਚ 6 ਲੱਖ ਤੋਂ ਵਧੇਰੇ ਸ਼ਰਧਾਲੂਆਂ ਨੇ ਹਾਜ਼ਰੀ ਭਰ ਕੇ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕੀਤਾ | ਇਸ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਪਲਾਜ਼ਾ ਵਿਖੇ ਮੁੱਖ ਮੰਤਰੀ ਰੇਖਾ ਗੁਪਤਾ ਦੇ ਪਹੁੰਚਣ 'ਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਸਥਾਨਕ ਭਾਜਪਾ ਆਗੂਆਂ ਅਤੇ ਵਰਕਰਾਂ ਵਲੋਂ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦਾ ਮਾਡਲ ਅਤੇ ਸ਼ਾਲ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਦੌਰਾਨ ਰੇਖਾ ਗੁਪਤਾ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ ਕੀਤੀ ਗਈ | ਉਹ ਕਰੀਬ 20 ਮਿੰਟ ਤੱਕ ਉੱਥੇ ਰਹੇ |

ਪਿਛਲੀ ਖ਼ਬਰ ਇੰਡੀਗੋ ਮਾਮਲੇ 'ਚ ਸੁਪਰੀਮ ਕੋਰਟ ਵਲੋਂ ਤੁਰੰਤ ਸੁਣਵਾਈ ਤੋਂ ਇਨਕਾਰ <br/> ਅਗਲੀ ਖ਼ਬਰ ਲੜਕੀ ਨਾਲ ਛੇੜਛਾੜ ਦਾ ਵਿਰੋਧ ਕਰਨ 'ਤੇ ਪਿਤਾ ਦਾ ਕਤਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।