ਹੁਸ਼ਿਆਰਪੁਰ, 4 ਦਸੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਹੁਸ਼ਿਆਰਪੁਰ ਦੇ ਸਕੱਤਰ-ਕਮ-ਸੀ.ਜੇ.ਐਮ. ਨੀਰਜ ਗੋਇਲ ਨੇ ਅੱਜ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐਸ.ਏ.ਐਸ ਨਗਰ (ਮੁਹਾਲੀ) ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਰਜਿੰਦਰ ਅਗਰਵਾਲ ਦੇ ਮਾਰਗਦਰਸ਼ਨ ਵਿਚ ਜ਼ਿਲ੍ਹੇ ਭਰ ਵਿਚ 6 ਦਸੰਬਰ 2025 ਤੋਂ 6 ਜਨਵਰੀ 2026 ਤੱਕ ਵਿਸ਼ੇਸ਼ ਨਸ਼ਾ ਮੁਕਤੀ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ | ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਆਪਣੇ ਦਫ਼ਤਰ 'ਚ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ, ਕਾਲਜ ਪਿ੍ੰਸੀਪਲਾਂ, ਪੈਰਾ ਲੀਗਲ ਵਲੰਟੀਅਰਾਂ ਅਤੇ ਸਮਾਜਿਕ ਸੰਗਠਨਾਂ ਦੇ ਨੁਮਾਇੰਦਿਆਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ | ਉਨ੍ਹਾਂ ਕਿਹਾ ਕਿ ਨਸ਼ਾ ਸਮਾਜ ਲਈ ਇੱਕ ਗੰਭੀਰ ਖ਼ਤਰਾ ਬਣ ਗਿਆ ਹੈ ਅਤੇ ਇਸ ਨੰੂ ਜੜ੍ਹ ਤੋਂ ਖ਼ਤਮ ਕਰਨ ਲਈ ਸਮੂਹਿਕ ਯਤਨਾਂ ਦੀ ਲੋੜ ਹੈ | ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਪੈਰਾ ਲੀਗਲ ਵਲੰਟੀਅਰਾਂ, ਪੈਨਲ ਐਡਵੋਕੇਟਾਂ, ਲੀਗਲ ਏਡ ਡਿਫੈਂਸ ਕੌਂਸਲ, ਡਾਕਟਰਾਂ, ਅਧਿਆਪਕਾਂ, ਐਨ.ਜੀ.ਓਜ਼, ਐਨ.ਐਸ.ਐਸ ਅਤੇ ਐਨ.ਸੀ.ਸੀ ਕੈਡਿਟਾਂ ਅਤੇ ਗ੍ਰਾਮ ਪੰਚਾਇਤਾਂ ਦੇ ਸਰਪੰਚਾਂ ਦੀ ਸਰਗਰਮ ਭਾਗੀਦਾਰੀ ਨੂੰ ਯਕੀਨੀ ਬਣਾਇਆ ਜਾਵੇਗਾ | ਨੀਰਜ ਗੋਇਲ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿਚ ਵਿਆਪਕ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ, ਜਿਸ ਵਿਚ ਸੈਮੀਨਾਰ, ਕੁਇਜ਼ ਮੁਕਾਬਲੇ, ਵਾਕਾਥੌਨ, ਜਾਗਰੂਕਤਾ ਰੈਲੀਆਂ, ਨੁੱਕੜ ਨਾਟਕ, ਪੋਸਟਰ ਮੇਕਿੰਗ ਅਤੇ ਪੇਂਟਿੰਗ ਮੁਕਾਬਲੇ, ਲੇਖ ਲਿਖਣ ਅਤੇ ਸਲੋਗਨ ਲਿਖਣ ਮੁਕਾਬਲੇ ਸ਼ਾਮਲ ਹਨ | ਸਕੂਲ ਅਤੇ ਕਾਲਜ ਦੇ ਵਿਦਿਆਰਥੀਆਂ, ਵੱਖ-ਵੱਖ ਪੇਸ਼ਿਆਂ ਨਾਲ ਜੁੜੇ ਲੋਕਾਂ ਅਤੇ ਆਮ ਲੋਕਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ, ਕਾਨੂੰਨੀ ਪ੍ਰਬੰਧਾਂ ਅਤੇ ਮੁੜ ਵਸੇਬੇ ਦੇ ਵਿਕਲਪਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਵੇਗੀ | ਇਸ ਮੌਕੇ ਹੋਰ ਅਧਿਕਾਰੀ ਵੀ ਮੌਜੂਦ ਸਨ |