ਗੜ੍ਹਸ਼ੰਕਰ, 8 ਦਸੰਬਰ (ਧਾਲੀਵਾਲ)- ਕਾਂਗਰਸੀ ਆਗੂ ਜਸਵੀਰ ਸਿੰਘ ਪੁਰਖੋਵਾਲ ਨੇ ਦਾਅਵਾ ਕੀਤਾ ਕਿ ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਕਾਂਗਰਸੀ ਉਮੀਦਵਾਰਾਂ ਦੀ ਸ਼ਾਨਦਾਰ ਜਿੱਤ ਹੋਵੇਗੀ ਤੇ ਇਹ ਚੋਣਾਂ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਦੀ ਜਿੱਤ ਦਾ ਮੁੱਢ ਬੰਨਣਗੀਆਂ | ਜਸਵੀਰ ਸਿੰਘ ਪੁਰਖੋਵਾਲ ਨੇ ਕਿਹਾ ਕਿ 'ਆਪ' ਸਰਕਾਰ ਨੇ ਲੋਕਾਂ ਨੂੰ ਝੂਠੇ ਲਾਰੇ ਲਗਾਉਣ ਤੋਂ ਸਿਵਾਏ ਕੁਝ ਨਹੀਂ ਕੀਤਾ ਤੇ ਆਮ ਆਦਮੀ ਪਾਰਟੀ ਲੋਕਾਂ ਦੇ ਮਨਾਂ ਤੋਂ ਉੱਤਰ ਚੁੱਕੀ ਹੈ | ਉਨ੍ਹਾਂ ਕਿਹਾ ਕਿ ਹਲਕਾ ਗੜ੍ਹਸ਼ੰਕਰ 'ਚ ਸੱਤਾਧਾਰੀ ਧਿਰ ਨੇ ਅਜਿਹਾ ਕੋਈ ਕੰਮ ਨਹੀਂ ਕੀਤਾ ਜਿਸਦੇ ਨਾਂਅ 'ਤੇ ਲੋਕਾਂ ਤੋਂ ਵੋਟਾਂ ਮੰਗੀਆਂ ਜਾਣ | ਪੁਰਖੋਵਾਲ ਨੇ ਕਿਹਾ ਕਿ ਹਲਕੇ 'ਚ ਨਜਾਇਜ਼ ਮਾਈਨਿੰਗ ਜਾਰੀ ਹੈ | ਲੋਕ ਦਿਨ ਰਾਤ ਚੱਲਣ ਵਾਲੇ ਟਿੱਪਰਾਂ ਦੀ ਦਹਿਸ਼ਤ ਤੋ ਪ੍ਰੇਸ਼ਾਨ ਹਨ | ਹਲਕੇ ਦੀਆਂ ਮੁੱਖ ਅਤੇ ਸੰਪਰਕ ਸੜਕਾਂ ਦਾ ਬੁਰਾ ਹਾਲ ਹੈ | ਪਿੰਡਾਂ ਵਿਚ ਨਵੀਆਂ ਪੰਚਾਇਤਾਂ ਬਣਨ ਤੋਂ ਬਾਅਦ ਸੂਬਾ ਸਰਕਾਰ ਨੇ ਕੋਈ ਗਰਾਂਟ ਜਾਰੀ ਨਹੀਂ ਕੀਤੀ | ਗੜ੍ਹਸ਼ੰਕਰ ਸ਼ਹਿਰ 'ਚ ਟ੍ਰੈਫਿਕ ਸਮੱਸਿਆ ਗੰਭੀਰ ਰੂਪ ਧਾਰਨ ਕਰ ਚੁੱਕੀ ਹੈ | ਉਨ੍ਹਾਂ ਕਿਹਾ ਕਿ ਹਲਕਾ ਗੜ੍ਹਸ਼ੰਕਰ 'ਚ ਕਾਂਗਰਸੀ ਉਮੀਦਵਾਰਾਂ ਦਾ ਜ਼ੋਰ ਸ਼ੋਰ ਨਾਲ ਪ੍ਰਚਾਰ ਚਲ ਰਿਹਾ ਹੈ ਤੇ ਲੋਕਾਂ ਵਿਚ ਕਾਂਗਰਸੀ ਉਮੀਦਵਾਰਾਂ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ |