ਹੁਸ਼ਿਆਰਪੁਰ, 8 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਕਮੇਟੀ ਚੋਣਾਂ ਲਈ ਚੱਬੇਵਾਲ ਵਿਧਾਨ ਸਭਾ ਹਲਕੇ ਵਿਚ ਚੋਣ ਪ੍ਰਚਾਰ ਤੇਜ਼ ਹੋ ਰਿਹਾ ਹੈ | ਇਸ ਸੰਬੰਧ 'ਚ ਸੰਸਦ ਮੈਂਬਰ ਡਾ. ਰਾਜਕੁਮਾਰ ਚੱਬੇਵਾਲ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਲਈ ਸਮਰਥਨ ਪ੍ਰਾਪਤ ਕਰਨ ਲਈ ਅੱਜ ਇਲਾਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ | ਉਨ੍ਹਾਂ ਨੇ ਡੀ.ਐਸ. ਢਾਬਾ ਵਿਖੇ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ, ਇਸ ਤੋਂ ਬਾਅਦ ਹੰਦੋਵਾਲ ਪਿੰਡ ਦੇ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ ਤੇ ਪਾਰਟੀ ਦੀਆਂ ਵਿਕਾਸ-ਮੁਖੀ ਨੀਤੀਆਂ ਦਾ ਵੇਰਵਾ ਦਿੱਤਾ | ਇਸ ਤੋਂ ਬਾਅਦ, ਸੰਸਦ ਮੈਂਬਰ ਨੇ ਬਾੜੀਆਂ ਕਲਾਂ 'ਚ ਵੀ ਜ਼ੋਰਦਾਰ ਚੋਣ ਪ੍ਰਚਾਰ ਕੀਤਾ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਵਿਕਾਸ ਯਾਤਰਾ ਨੂੰ ਜਾਰੀ ਰੱਖਣ ਲਈ 'ਆਪ' ਉਮੀਦਵਾਰਾਂ ਨੂੰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਕਮੇਟੀ ਚੋਣਾਂ 'ਚ ਭਾਰੀ ਵੋਟਾਂ ਨਾਲ ਜਿੱਤ ਦਿਵਾਉਣਾ ਯਕੀਨੀ ਬਣਾਇਆ ਜਾਵੇ |