ਦਸੂਹਾ, 9 ਦਸੰਬਰ (ਭੁੱਲਰ)- ਸਿੱਖਿਆ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਸਰਕਾਰੀ ਮਿਡਲ ਸਕੂਲ ਬੇਰਸ਼ਾ ਦੇ ਬੱਚਿਆਂ ਦਾ ਇਕ ਰੋਜ਼ਾ ਵਿੱਦਿਅਕ ਟੂਰ ਲਗਾਇਆ ਗਿਆ | ਇਸ ਮੌਕੇ ਬੱਚਿਆਂ ਨੂੰ ਢੋਲਵਾਹਾ ਡੈਮ, ਥਾਣਾ ਡੈਮ ਅਤੇ ਹੋਰ ਸਥਾਨਾਂ ਦਾ ਦੌਰਾ ਕਰਵਾਇਆ ਗਿਆ | ਇਸ ਮੌਕੇ ਨਿਰਮਲਜੀਤ ਕੌਰ ਭੁੱਲਰ, ਸੀਮਾ ਦੇਵੀ ਅਤੇ ਮਨਜੀਤ ਸਿੰਘ ਨੇ ਦੱਸਿਆ ਕਿ ਇਸ ਵਿੱਦਿਅਕ ਟੂਰ ਦੌਰਾਨ ਬੱਚਿਆਂ ਨੇ ਬਹੁਤ ਕੁੱਝ ਨਵਾਂ ਸਿੱਖਿਆ ਅਤੇ ਉਨ੍ਹਾਂ ਦੇ ਗਿਆਨ ਵਿਚ ਭਰਪੂਰ ਵਾਧਾ ਹੋਇਆ | ਉਨ੍ਹਾਂ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਦੇ ਲਈ ਕੀਤੇ ਅਜਿਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਬੱਚਿਆਂ ਦੇ ਗਿਆਨ ਵਿਚ ਵਾਧਾ ਕਰਨ ਲਈ ਉਨ੍ਹਾਂ ਦੀ ਵਿੱਦਿਅਕ ਟੂਰ ਲਗਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਜਿੱਥੇ ਪੜ੍ਹਾਈ ਦਾ ਪੱਧਰ ਉੱਚਾ ਹੋਇਆ ਹੈ ਉੱਥੇ ਹੀ ਸਕੂਲਾਂ ਦੀਆਂ ਇਮਾਰਤਾਂ ਨੂੰ ਵੀ ਨਵ੍ਹਾਇਆ ਗਿਆ ਹੈ ਜੋ ਕਿ ਆਉਣ ਵਾਲੇ ਸਮੇਂ ਵਿਚ ਬੱਚਿਆਂ ਲਈ ਲਾਹੇਵੰਦ ਸਾਬਤ ਹੋਣਗੀਆਂ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਅਜਿਹੇ ਉਪਰਾਲਿਆਂ ਦਾ ਭਰਪੂਰ ਫ਼ਾਇਦਾ ਲੈਣ ਲਈ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਦਾਖਲ ਕਰਵਾਉਣ ਤਾਂ ਜੋ ਉਨ੍ਹਾਂ ਦਾ ਵਧੀਆ ਭਵਿੱਖ ਸਿਰਜਿਆ ਜਾ ਸਕੇ | ਇਸ ਮੌਕੇ ਸਕੂਲ ਸਟਾਫ਼ ਤੋਂ ਇਲਾਵਾ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਨੇ ਵੀ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ | ਇਸ ਮੌਕੇ ਹੋਰ ਵੀ ਸ਼ਖ਼ਸੀਅਤਾਂ ਹਾਜ਼ਰ ਸਨ |