ਰਾਏਕੋਟ, 4 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਮੱਦੇਨਜ਼ਰ ਨਾਮਜ਼ਦਗੀਆਂ ਭਰਨ ਦੇ ਅੱਜ ਆਖਰੀ ਦਿਨ ਬਲਾਕ ਸੰਮਤੀ ਰਾਏਕੋਟ ਲਈ ਕੁੱਲ 115 ਉਮੀਦਵਾਰਾਂ ਵਲੋਂ ਆਪਣੀਆਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ | ਰਿਟਰਨਿੰਗ ਅਫ਼ਸਰ ਰਾਏਕੋਟ ਪਾਇਲ ਗੋਇਲ ਦੇ ਦਫ਼ਤਰ ਤੋਂ ਮਿਲੀ ਜਾਣਕਾਰੀ ਅਨੁਸਾਰ ਹੁਣ ਤੱਕ ਕੀਤੀਆਂ ਗਈਆਂ ਨਾਮਜ਼ਦਗੀਆਂ ਦੌਰਾਨ ਸੱਤ੍ਹਾਧਾਰੀ ਧਿਰ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਵਲੋਂ ਕੁੱਲ 30 ਨਾਮਜ਼ਦਗੀਆਂ ਅਤੇ ਕਾਂਗਰਸ ਪਾਰਟੀ ਵਲੋਂ ਕੁੱਲ 46 ਉਮੀਦਵਾਰਾਂ ਵਲੋਂ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਗਈਆਂ, ਜਿੰਨ੍ਹਾਂ ਵਿਚ 25 ਬਲਾਕ ਸੰਮਤੀ ਉਮੀਦਵਾਰ ਅਤੇ 21 ਕਵਰਿੰਗ ਉਮੀਦਵਾਰ ਵਜੋਂ ਨਾਮਜ਼ਦਗੀ ਪੇਪਰ ਦਾਖ਼ਲ ਕੀਤੇ ਗਏ ਹਨ, ਉਥੇ ਹੀ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਕੁੱਲ 24 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਜਮ੍ਹਾਂ ਕਰਵਾਏ, ਜਦਕਿ ਇਸ ਵਾਰ ਸੰਮਤੀ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ ਵਲੋਂ ਕੁੱਲ 8 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ | ਇਸੇ ਤਰ੍ਹਾਂ ਬਹੁਜਨ ਸਮਾਜ ਪਾਰਟੀ ਵਲੋਂ 1 ਉਮੀਦਵਾਰ ਨੇ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਹੈ, ਉਥੇ 6 ਆਜ਼ਾਦ ਉਮੀਦਵਾਰਾਂ ਨੇ ਆਪਣੀਆਂ ਨਾਮਜ਼ਦਗੀਆਂ ਦਾਖ਼ਲ ਕੀਤੀਆਂ | ਜਿਸ ਦੇ ਚੱਲਦੇ ਬਲਾਕ ਸੰਮਤੀ ਰਾਏਕੋਟ ਤੋਂ 115 ਉਮੀਦਵਾਰ ਨੇ ਆਪਣੇ ਨਾਮਜ਼ਦਗੀ ਪੱਤਰ ਜਮ੍ਹਾ ਕਰਵਾਏ, ਜਿੰਨ੍ਹਾਂ ਦੇ 5 ਦਸੰਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ 6 ਦਸੰਬਰ ਨੂੰ ਉਮੀਦਵਾਰਾਂ ਵਲੋਂ ਆਪਣੇ ਨਾਮ ਵਾਪਸ ਲਏ ਜਾ ਸਕਣਗੇ | ਜਿਸ ਉਪਰੰਤ ਬਾਕੀ ਰਹਿੰਦੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਜਾਣਗੇ |