ਨਵਾਂਸ਼ਹਿਰ, 4 ਦਸੰਬਰ (ਜਸਬੀਰ ਸਿੰਘ ਨੂਰਪੁਰ)-ਪਾਵਰਕਾਮ ਐਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵੱਲੋਂ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕਰਕੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ 'ਚ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਕੀਤੀ ਜਾ ਰਹੀ ਤਿੰਨ ਰੋਜ਼ਾ ਹੜਤਾਲ ਦੇ ਦੂਜੇ ਦਿਨ ਨਵਾਂਸ਼ਹਿਰ ਡਿਵੀਜ਼ਨ ਦਫ਼ਤਰ 'ਤੇ ਕੀਤੀ ਗਈ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਮੋਰਚੇ ਦੇ ਆਗੂ ਹਰਪ੍ਰੀਤ ਸਿੰਘ ਅਤੇ ਤਰਲੋਚਨ ਸਿੰਘ ਨੇ ਕਿਹਾ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕਰਨ ਦਾ ਵਾਅਦਾ ਕਰਕੇ ਸਤਾ 'ਚ ਆਈ ਆਪ ਸਰਕਾਰ ਨੇ ਆਪਣੇ ਕਾਰਜਕਾਲ ਦੇ ਪੌਣੇ ਚਾਰ ਸਾਲਾਂ 'ਚ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਸਬੰਧੀ ਅਜੇ ਤੱਕ ਕੋਈ ਵੀ ਨੀਤੀ ਨਹੀਂ ਬਣਾਈ | ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਦੀ ਕਿਰਤ ਦੀ ਕੀਤੀ ਜਾ ਰਹੀ ਅੰਨੀ-ਲੁੱਟ ਨੂੰ ਬੰਦ ਕਰਨ ਦੇ ਐਲਾਨ ਮਗਰੋਂ ਵੀ ਠੇਕਾ ਮੁਲਾਜ਼ਮਾਂ ਨੂੰ ਠੇਕਾ ਪ੍ਰਣਾਲੀ ਦੀ ਚੱਕੀ ਵਿੱਚ ਪਿਸਣ ਲਈ ਮਜ਼ਬੂਰ ਕੀਤਾ ਹੋਇਆ ਹੈ ਅਤੇ ਸਰਕਾਰੀ ਵਿਭਾਗਾਂ ਦੇ ਠੇਕਾਂ ਮੁਲਾਜ਼ਮਾਂ ਨੂੰ ਵਿਭਾਗਾਂ 'ਚ ਪੱਕਾ ਨਹੀਂ ਕੀਤਾ ਜਾ ਰਿਹਾ, ਜਿਸ ਤੋਂ ਸਿੱਧ ਹੁੰਦਾ ਹੈ ਕਿ ਆਪ ਸਰਕਾਰ ਵੀ ਪਿਛਲੀਆਂ ਸਰਕਾਰਾਂ ਦੀ ਤਰਾਂ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨਾਲ ਨੰਗਾ-ਚਿੱਟਾ ਧੋਖਾ ਕਰ ਰਹੀ ਹੈ ਅਤੇ ਪੰਜਾਬ ਸਰਕਾਰ ਵਲੋਂ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਕੇਂਦਰ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲੋਕਾਂ ਨੂੰ ਸਸਤੀਆਂ ਸੇਵਾਵਾਂ ਦੇਣ ਵਾਲੇ ਸਮੂਹ ਸਰਕਾਰੀ ਅਦਾਰਿਆਂ 'ਤੇ ਨਿੱਜੀਕਰਨ ਦਾ ਹੱਲਾ ਵਿੱਢਿਆ ਹੋਇਆ ਹੈ ਅਤੇ ਨਿੱਜੀਕਰਨ ਦੇ ਇਸ ਹੱਲੇ ਤਹਿਤ ਸਮੂਹ ਸਰਕਾਰੀ ਵਿਭਾਗਾਂ ਵਿੱਚੋਂ ਕੰਮ-ਭਾਰ ਨੀਤੀ ਮੁਤਾਬਿਕ ਤਹਿ ਕੀਤੀਆਂ ਪੱਕੀਆਂ ਅਸਾਮੀਆਂ ਦਾ ਖਾਤਮਾ ਕੀਤਾ ਜਾ ਰਿਹਾ ਹੈ ਅਤੇ ਸਰਕਾਰੀ ਵਿਭਾਗਾਂ ਦੀਆਂ ਜਮੀਨਾਂ ਨੂੰ ਵੇਚਿਆ ਜਾ ਰਿਹਾ ਹੈ ਅਤੇ ਨਿੱਜੀਕਰਨ ਦੇ ਇਸ ਹੱਲੇ ਤਹਿਤ ਹੀ ਆਊਟਸੋਰਸਡ/ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ 'ਚ ਪੱਕਾ ਨਹੀਂ ਕੀਤਾ ਜਾ ਰਿਹਾ | ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ, ਨਵੇਂ ਕਿਰਤ ਅਤੇ ਬਿਜਲੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ, ਇਸ ਸਮੇਂ ਹੋਰਨਾਂ ਤੋਂ ਇਲਾਵਾ ਪੈਨਸ਼ਨਰਜ਼ ਐਸੋਸੀਏਸ਼ਨ ਅਤੇ ਟੈਕਨੀਕਲ ਸਰਵਰ ਯੂਨੀਅਨ ਭੰਗਲ ਦੇ ਸਾਥੀ ਨੰਦ ਲਾਲ, ਅਸ਼ਵਨੀ ਕੁਮਾਰ, ਕਮਲ ਦੇਵ ਨੇ ਵੀ ਸੰਬੋਧਨ ਕੀਤਾ |