ਔੜ, 9 ਦਸੰਬਰ (ਗੁਰਨਾਮ ਸਿੰਘ ਸੈਣੀ) - ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਜੋ ਕਿ ਸਮੁੱਚੇ ਪੰਜਾਬ ਵਿੱਚ 14 ਦਸੰਬਰ ਨੂੰ ਹੋਣ ਜਾ ਰਹੀਆ ਹਨ ਨੂੰ ਲੈ ਕੇ ਵੱਖ-ਵੱਖ ਸਿਆਸੀ ਪਾਰਟੀਆਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ ਤੇ ਆਪਣੇ-ਆਪਣੇ ਉਮੀਦਵਾਰਾਂ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਦਿਨ-ਰਾਤ ਮਿਹਨਤ ਕਰ ਰਹੀਆਂ ਹਨ | ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸੋਖੀ ਰਾਮ ਬੱਜੋ ਵੱਲੋਂ ਬੀਤੇ ਕੱਲ੍ਹ ਜ਼ਿਲ੍ਹਾ ਪ੍ਰੀਸ਼ਦ ਖਟਕੜ ਕਲਾਂ ਜੋਨ ਦੇ ਉਮੀਦਵਾਰ ਕਮਲਜੀਤ ਕੰਵਰ ਰਾਜਪਾਲ ਅਤੇ ਬਲਾਕ ਸੰਮਤੀ ਔੜ ਦੇ ਉਮੀਦਵਾਰ ਵਿਸ਼ਾਲ ਸਿੰਘ ਅਨੰਦ ਦੇ ਗ੍ਰਹਿ ਪਿੰਡ ਔੜ ਵਿਖੇ ਕਾਂਗਰਸ ਪਾਰਟੀ ਦੇ ਆਗੂਆਂ ਤੇ ਵਰਕਰਾਂ ਨਾਲ ਵਿਸ਼ਾਲ ਮੀਟਿੰਗ ਕੀਤੀ ਗਈ | ਇਸ ਮੀਟਿੰਗ ਵਿੱਚ ਭਾਰੀ ਗਿਣਤੀ ਵਿੱਚ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਭਾਗ ਲਿਆ | ਇਸ ਮੌਕੇ ਆਪਣੇ ਸੰਬੋਧਨ ਵਿੱਚ ਸੀਨੀਅਰ ਕਾਂਗਰਸੀ ਆਗੂ ਸੋਖੀ ਰਾਮ ਬੱਜੋਂ ਨੇ ਕਿਹਾ ਕਿ ਸਾਡੀ ਪਾਰਟੀ ਨੇ ਜ਼ਿਲ੍ਹੇ ਦੇ ਸਮੂਹ ਜ਼ਿਲ੍ਹਾ ਪ੍ਰੀਸ਼ਦ ਜੋਨਾਂ ਤੇ ਬਲਾਕ ਸੰਮਤੀਆਂ ਦੀਆਂ ਸਾਰੇ ਜੋਨਾਂ 'ਤੇ ਬਹੁਤ ਯੋਗ ਉਮੀਦਵਾਰ ਖੜੇ੍ਹ ਕੀਤੇ ਹਨ, ਜੋ ਪਿੰਡਾਂ ਦੇ ਵਿਕਾਸ ਲਈ ਸਦਾ ਹੀ ਤੱਤਪਰ ਰਹਿਣਗੇ | ਉਨ੍ਹਾਂ ਪਿੰਡ ਔੜ ਅਤੇ ਜ਼ਿਲੇ੍ਹ ਦੇ ਸਮੂਹ ਕਾਂਗਰਸ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਕਾਂਗਰਸ ਪਾਰਟੀ ਵਲੋਂ ਖੜ੍ਹੇ ਕੀਤੇ ਹਰ ਉਮੀਦਵਾਰ ਨੂੰ ਜਿਤਾਉਣ ਲਈ ਪੂਰੀ ਤਨਦੇਹੀ ਨਾਲ ਮਿਹਨਤ ਕਰਨ | ਬੱਜੋਂ ਨੇ ਇਹ ਵੀ ਕਿਹਾ ਕਿ ਕਾਂਗਰਸ ਪਾਰਟੀ ਹੀ ਇਕਲੌਤੀ ਪਾਰਟੀ ਹੈ, ਜਿਸ ਨੇ ਹਮੇਸ਼ਾ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਸਦਾ ਹੀ ਗੰਭੀਰਤਾ ਨਾਲ ਕੰਮ ਕੀਤਾ ਹੈ | ਉਨ੍ਹਾਂ ਸੰਮਤੀਆਂ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਨੂੰ ਮਹੱਤਵਪੂਰਨ ਦੱਸਦਿਆਂ ਪਿੰਡ ਔੜ ਤੇ ਹਲਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਕਾਂਗਰਸ ਪਾਰਟੀ ਵਲੋਂ ਖੜੇ੍ਹ ਕੀਤੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਕਮਲਜੀਤ ਕੰਵਰ ਰਾਜਪਾਲ ਤੇ ਸੰਮਤੀ ਚੋਣ ਦੇ ਉਮੀਦਵਾਰ ਵਿਸ਼ਾਲ ਸਿੰਘ ਅਨੰਦ ਨੂੰ ਭਾਰੀ ਗਿਣਤੀ ਵਿੱਚ ਵੋਟਾਂ ਪਾ ਕੇ ਜਿਤਾਉਣ ਦੀ ਜੋਰਦਾਰ ਅਪੀਲ ਕੀਤੀ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਭੁਪਿੰਦਰ ਸਿੰਘ ਰਾਜਾ, ਜਸਵੰਤ ਕੁਮਾਰ ਸੋਨੂੰ ਨੰਬਰਦਾਰ ਸਮੇਤ ਹੋਰ ਵੀ ਅਨੇਕਾਂ ਕਾਂਗਰਸੀ ਵਰਕਰ ਤੇ ਆਗੂ ਹਾਜ਼ਰ ਸਨ |