ਫ਼ਤਹਿਗੜ੍ਹ ਸਾਹਿਬ, 21 ਅਕਤੂਬਰ (ਬਲਜਿੰਦਰ ਸਿੰਘ, ਮਨਪ੍ਰੀਤ ਸਿੰਘ)-ਪੁਲਿਸ ਲਾਈਨ ਮਹੱਦੀਆਂ ਵਿਖੇ ਅੱਜ ਕੌਮੀ ਪੁਲਿਸ ਯਾਦਗਾਰੀ ਦਿਵਸ ਮੌਕੇ ਜ਼ਿਲ੍ਹਾ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ-ਨਾਲ ਸ਼ਹੀਦਾਂ ਦੇ ਪਰਿਵਾਰਾਂ ਵਲੋਂ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ | ਸ਼ਰਧਾਂਜਲੀ ਸਮਾਗਮ ਦੌਰਾਨ ਜ਼ਿਲ੍ਹਾ ਤੇ ਸੈਸ਼ਨ ਜੱਜ ਅਰੁਣ ਗੁਪਤਾ, ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਅਤੇ ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ ਧਾਲੀਵਾਲ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਉਕਤ ਸ਼ਖ਼ਸੀਅਤਾਂ ਨੇ ਕਿਹਾ ਕਿ ਪੰਜਾਬ ਪੁਲਿਸ ਦੇ ਜਵਾਨਾਂ ਨੇ ਹਮੇਸ਼ਾ ਹੀ ਦੇਸ਼ ਤੇ ਸੂਬੇ ਦੀ ਅੰਦਰੂਨੀ ਹਿਫ਼ਾਜ਼ਤ ਕਰਨ ਲਈ ਬੇਮਿਸਾਲ ਕੁਰਬਾਨੀਆਂ ਦਿੱਤੀਆਂ ਹਨ | ਜਿਨ੍ਹਾਂ ਨੂੰ ਰਹਿੰਦੀ ਦੁਨੀਆ ਤੱਕ ਯਾਦ ਰੱਖਿਆ ਜਾਵੇਗਾ | ਇਸ ਮੌਕੇ ਪੁਲਿਸ ਦੇ ਹੋਰ ਅਧਿਕਾਰੀਆਂ ਤੇ ਸ਼ਹੀਦਾਂ ਦੇ ਪਰਿਵਾਰਾਂ ਵਲੋਂ ਸ਼ਹੀਦੀ ਯਾਦਗਾਰ 'ਤੇ ਫੁੱਲ ਮਾਲਾਵਾਂ ਭੇਟ ਕੀਤੀਆਂ ਗਈਆਂ | ਸਨਮਾਨ ਸਮਾਰੋਹ ਦੌਰਾਨ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ 'ਤੇ ਡੀ.ਐਸ.ਪੀ. ਖੁਸ਼ਪ੍ਰੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਦੀ ਟੁਕੜੀ ਵਲੋਂ ਸਲਾਮੀ ਦਿੱਤੀ ਗਈ ਅਤੇ ਦੋ ਮਿੰਟ ਦਾ ਮੌਨ ਵੀ ਧਾਰਿਆ ਗਿਆ | ਇਸ ਮੌਕੇ ਡੀ.ਐਸ.ਪੀ. (ਐਚ) ਹਰਤੇਸ਼ ਕੌਸ਼ਿਕ ਨੇ ਡਿਊਟੀ ਦੌਰਾਨ ਸ਼ਹੀਦ ਹੋਏ ਪੁਲਿਸ ਜਵਾਨਾਂ ਦੇ ਨਾਮ ਪੜ੍ਹ ਕੇ ਸੁਣਾਏ | ਇਸ ਮੌਕੇ 'ਤੇ ਹੋਰਨਾਂ ਅਧਿਕਾਰੀਆਂ ਤੋਂ ਇਲਾਵਾ ਸਿਹਤ ਵਿਭਾਗ ਸਮੇਤ ਵੱਡੀ ਗਿਣਤੀ 'ਚ ਸਿਵਲ ਤੇ ਪੁਲਿਸ ਦੇ ਅਧਿਕਾਰੀਆਂ ਅਤੇ ਪਰਿਵਾਰਕ ਮੈਂਬਰਾਂ ਨੇ ਸ਼ਹੀਦ ਹੋਏ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸ਼ਰਧਾਂਜਲੀਆਂ ਦਿੱਤੀਆਂ |