ਫ਼ਤਹਿਗੜ੍ਹ ਸਾਹਿਬ, 24 ਨਵੰਬਰ (ਮਨਪ੍ਰੀਤ ਸਿੰਘ)-ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਸਹਾਇਕ ਸਿਵਲ ਸਰਜਨ ਡਾ. ਕੰਵਲਦੀਪ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਬਲਜਿੰਦਰ ਸਿੰਘ ਅਤੇ ਡਿਪਟੀ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਅਮਨਪ੍ਰੀਤ ਸਿੰਘ ਦੀ ਟੀਮ ਵਲੋਂ ਸਰਹਿੰਦ, ਫ਼ਤਹਿਗੜ੍ਹ ਸਾਹਿਬ ਵਿਖੇ ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲੇ 09 ਦੁਕਾਨਦਾਰਾਂ ਦੇ ਚਲਾਨ ਕੀਤੇ ਗਏ | ਬੱਸ ਸਟੈਂਡ ਸਰਹਿੰਦ-ਫ਼ਤਹਿਗੜ੍ਹ ਸਾਹਿਬ ਵਿਖੇ ਜਨਤਕ ਥਾਵਾਂ ਤੇ ਤੰਬਾਕੂਨੋਸ਼ੀ ਕਰਨ ਵਾਲੇ 4 ਵਿਅਕਤੀਆਂ ਦੇ ਮੌਕੇ 'ਤੇ ਹੀ ਚਲਾਨ ਕੀਤੇ ਗਏ | ਜਾਣਕਾਰੀ ਦਿੰਦਿਆਂ ਸਹਾਇਕ ਸਿਵਲ ਸਰਜਨ ਡਾ. ਕੰਵਲਦੀਪ ਸਿੰਘ ਨੇ ਦੱਸਿਆ ਕਿ ਖਾਣ-ਪੀਣ ਦੀਆਂ ਵਸਤਾਂ ਦੇ ਨਾਲ ਤੰਬਾਕੂ ਪਦਾਰਥ ਵੇਚਣਾ ਕਾਨੰੂਨੀ ਅਪਰਾਧ ਹੈ ਤੇ ਜਨਤਕ ਥਾਵਾਂ ਤੇ ਤੰਬਾਕੂਨੋਸ਼ੀ ਕਰਨ ਦੀ ਮਨਾਹੀ ਹੈ | ਇਸ ਲਈ ਕੋਟਪਾ ਦੀ ਉਲੰਘਣਾ ਕਰਨ ਵਾਲੇ ਅਜਿਹੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਅਰੰਭੀ ਗਈ ਇਸ ਮੁਹਿੰਮ ਤਹਿਤ ਆਮ ਲੋਕਾਂ ਅਤੇ ਦੁਕਾਨਦਾਰਾਂ ਨੂੰ ਤੰਬਾਕੂ ਸੇਵਨ ਨਾਲ ਮਨੁੱਖੀ ਸਿਹਤ ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਤੰਬਾਕੂ ਦੀ ਕਿਸੇ ਵੀ ਰੂਪ ਵਿਚ ਵਰਤੋਂ ਕਰਨਾ ਮਨੁੱਖੀ ਸਿਹਤ ਲਈ ਹਾਨੀਕਾਰਕ ਹੁੰਦਾ ਹੈ ਕਿਉਂਕਿ ਤੰਬਾਕੂ ਸੇਵਨ ਨਾਲ ਮੂੰਹ, ਗਲ਼ੇ, ਫੇਫੜਿਆਂ ਤੇ ਸਰੀਰ ਦੇ ਹੋਰ ਅੰਗਾਂ ਦਾ ਕੈਂਸਰ ਹੋਣ ਦਾ ਖ਼ਤਰਾ ਹੁੰਦਾ ਹੈ | ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਬਲਜਿੰਦਰ ਸਿੰਘ ਨੇ ਕਿਹਾ ਕਿ ਤੰਬਾਕੂ ਕੰਟਰੋਲ ਐਕਟ ਅਨੁਸਾਰ ਜਨਤਕ ਥਾਵਾਂ ਤੇ ਤੰਬਾਕੂਨੋਸ਼ੀ ਕਰਨਾ ਅਤੇ ਵਿੱਦਿਅਕ ਸੰਸਥਾਵਾਂ ਦੇ ਸੌ ਗਜ਼ ਦੇ ਘੇਰੇ ਅੰਦਰ ਤੰਬਾਕੂ ਉਤਪਾਦ ਦੀ ਵਿੱਕਰੀ ਕਰਨ 'ਤੇ ਪੂਰਨ ਪਾਬੰਦੀ ਹੈ | ਇਸ ਦੀ ਉਲੰਘਣਾ ਕਰਨ ਵਾਲੇ ਵਿਅਕਤੀ/ਦੁਕਾਨਦਾਰ ਦਾ ਮੌਕੇ 'ਤੇ ਚਲਾਨ ਕਰਕੇ ਜ਼ੁਰਮਾਨਾ ਵਸੂਲ ਕੀਤਾ ਜਾਂਦਾ ਹੈ |