ਫ਼ਤਹਿਗੜ੍ਹ ਸਾਹਿਬ, 3 ਦਸੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵਲੋਂ ਅੱਜ ਜਥੇਬੰਦੀ ਦੇ ਨਵੇਂ ਐਲਾਨੇ ਅਹੁਦੇਦਾਰਾਂ ਵਿਚ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸਰਗਰਮ ਅਕਾਲੀ ਆਗੂ ਹਰਵੇਲ ਸਿੰਘ ਮਾਧੋਪੁਰ ਨੂੰ ਸੂਬਾ ਸੀਨੀਅਰ ਉਪ ਪ੍ਰਧਾਨ ਵਜੋਂ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ | ਇਸ ਨਿਯੁਕਤੀ ਦੇ ਐਲਾਨ ਮਗਰੋਂ ਰਿਟਾ. ਜ਼ਿਲ੍ਹਾ ਸਿੱਖਿਆ ਅਫ਼ਸਰ ਹਰਵੇਲ ਸਿੰਘ ਮਾਧੋਪੁਰ ਨੇ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਸਮੇਤ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਲੀਡਰਸ਼ਿਪ ਦੀਆਂ ਉਮੀਦਾਂ 'ਤੇ ਖਰਾ ਉੱਤਰਨਗੇ ਅਤੇ ਇਸ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਵਫ਼ਾਦਾਰੀ ਤੇ ਤਨਦੇਹੀ ਨਾਲ ਨਿਭਾਇਆ ਜਾਵੇਗਾ | ਉਨ੍ਹਾਂ ਕਿਹਾ ਕਿ 14 ਦਸੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿਚ ਵੀ ਸਰਗਰਮੀ ਨਾਲ ਹਿੱਸਾ ਲਿਆ ਜਾਵੇਗਾ | ਕਿਉਂਕਿ ਸੂਬੇ ਦੇ ਲੋਕ ਪੰਥਕ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਭਰਵਾਂ ਹੁੰਗਾਰਾ ਹੀ ਨਹੀਂ ਦੇ ਰਹੇ, ਸਗੋਂ ਅੱਗੇ ਹੋ ਕੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਵੀ ਕਰ ਰਹੇ ਹਨ | ਉਨ੍ਹਾਂ ਉਮੀਦ ਪ੍ਰਗਟਾਈ ਕਿ ਜਿਹੜੇ ਵੀ ਉਮੀਦਵਾਰ ਪਾਰਟੀ ਵਲੋਂ ਚੋਣ ਮੈਦਾਨ ਵਿਚ ਉਤਾਰੇ ਜਾਣਗੇ, ਲੋਕ ਉਨ੍ਹਾਂ ਨੂੰ ਵੱਡੇ ਬਹੁਮਤ ਨਾਲ ਜਿੱਤ ਦਰਜ ਕਰਵਾਉਣਗੇ | ਚੇਤੇ ਰਹੇ ਕਿ ਹਰਵੇਲ ਸਿੰਘ ਮਾਧੋਪੁਰ ਸ਼੍ਰੋਮਣੀ ਅਕਾਲੀ ਦਲ ਲਈ ਨਿਸੁਆਰਥ ਤੇ ਸਮਰਪਿਤ ਭਾਵਨਾ ਨਾਲ ਆਪਣੀਆਂ ਸੇਵਾਵਾਂ ਨਿਭਾਉਂਦੇ ਆ ਰਹੇ ਹਨ ਅਤੇ ਉਹ ਇਲਾਕੇ ਵਿਚ ਚੰਗਾ ਅਸਰ ਰਸੂਖ਼ ਰੱਖਦੇ ਹਨ | ਉਨ੍ਹਾਂ ਨੂੰ ਪਾਰਟੀ ਵਲੋਂ ਸੀਨੀਅਰ ਉਪ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਉਨ੍ਹਾਂ ਦੇ ਸਮਰਥਕਾਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ |