ਜਲ ਸਪਲਾਈ ਵਿਭਾਗ ਦੇ ਇਨਲਿਸਟਮੈਂਟ/ਆਊਟ ਸੋਰਸ ਕਾਮਿਆਂ ਨੇ ਹੜਤਾਲ ਦੇ ਤੀਜੇ ਦਿਨ ਕੀਤਾ ਰੋਸ ਮਾਰਚ
ਅਜੀਤ ਡੈਸਕ
05-12-2025
ਇਸ ਮੌਕੇ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੂਬਾ ਆਗੂ ਗੁਰਵਿੰਦਰ ਸਿੰਘ ਪੰਜੋਲੀ ਨੇ ਦੱਸਿਆ ਕਿ ਮੋਰਚੇ ਦੇ ਫ਼ੈਸਲੇ ਤਹਿਤ ਲਗਾਤਾਰ 3 ਦਿਨ ਵਿਭਾਗੀ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ | ਉਨ੍ਹਾਂ ਮੰਗ ਕੀਤੀ ਕਿ ਮੁੱਖ ਮੰਤਰੀ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੀ ਸੂਬਾਈ ਲੀਡਰਸ਼ਿਪ ਦੇ ਨਾਲ ਪੈਨਲ ਮੀਟਿੰਗ ਕਰਕੇ ਆਪਸੀ ਵਿਚਾਰ-ਵਟਾਂਦਰਾ ਕਰਨ ਉਪਰੰਤ ਇਸ ਮੰਗ-ਪੱਤਰ ਵਿਚ ਦਰਜ ਹੱਕੀ ਤੇ ਜਾਇਜ਼ ਮੰਗਾਂ ਦਾ ਨਿਪਟਾਰਾ ਕਰਵਾਉਣ | ਉਨ੍ਹਾਂ ਕਿਹਾ ਕਿ ਸੇਵਮੁਕਤੀ ਉਪਰੰਤ ਸਮੂਹ ਠੇਕਾ ਮੁਲਾਜ਼ਮਾਂ ਲਈ ਪੈਨਸ਼ਨ ਤੇ ਗਰੈਚੁਟੀ ਦੇ ਲਾਭ ਦੀ ਅਦਾਇਗੀ ਕੀਤੀ ਜਾਵੇ | ਇਸ ਵਿਉਂਤਬੰਦੀ ਨੂੰ ਲਾਗੂ ਕਰਨ ਸਮੇਂ ਤੱਕ ਹਰ ਰਿਟਾਇਰਡ ਮੁਲਾਜ਼ਮ ਨੂੰ 50 ਲੱਖ ਰੁਪਏ ਦੀ ਅਦਾਇਗੀ ਦੇ ਨਾਲ-ਨਾਲ ਪਰਿਵਾਰ ਦੇ ਇਕ ਜੀਅ ਲਈ ਨੌਕਰੀ ਦਾ ਪ੍ਰਬੰਧ ਕੀਤਾ ਜਾਵੇ | ਇੰਨਲਿਸਟਮੈਟ ਠੇਕਾ ਅਧਾਰਿਤ ਵਰਕਰਾਂ ਨੂੰ ਈ. ਪੀ. ਐਫ. ਤੇ ਈ. ਐਸ. ਆਈ. ਸਕੀਮ ਅਧੀਨ ਲਿਆਂਦਾ ਜਾਵੇ | ਇਸ ਮੌਕੇ ਪ੍ਰਦਰਸ਼ਨਕਾਰੀਆਂ ਵਲੋਂ ਐਲਾਨ ਕੀਤਾ ਗਿਆ ਕਿ ਜੇਕਰ ਪੰਜਾਬ ਸਰਕਾਰ ਨੇ ਮੰਗਾਂ ਦਾ ਜਲਦੀ ਹੱਲ ਨਾ ਕੀਤਾ ਤਾਂ ਸੂਬਾਈ ਕਮੇਟੀ ਵਲੋਂ ਉਲੀਕੇ ਜਾਣ ਵਾਲੇ ਤਿੱਖੇ ਸੰਘਰਸ਼ ਪ੍ਰੋਗਰਾਮਾਂ ਨੂੰ ਧਰਾਤਲ ਪੱਧਰ 'ਤੇ ਲਾਗੂ ਕੀਤਾ ਜਾਵੇਗਾ | ਇਸ ਮੌਕੇ ਪ੍ਰਦਰਸ਼ਨਕਾਰੀਆਂ 'ਚ ਮੀਤ ਪ੍ਰਧਾਨ ਬਲਵੀਰ ਸਾਹ, ਖ਼ਜ਼ਾਨਚੀ ਜਸਪਾਲ ਸਿੰਘ, ਕੁਲਦੀਪ ਸਿੰਘ ਹੁਸੈਨਪੁਰ, ਕੁਲਦੀਪ ਸਿੰਘ ਜੱਸੜ੍ਹਾਂ, ਅਮਰਜੀਤ ਸਿੰਘ, ਬਹਾਦਰ ਸਿੰਘ, ਗੁਰਪ੍ਰੀਤ ਸਿੰਘ, ਹਰਬੰਸ ਸਿੰਘ, ਸਤਨਾਮ ਸਿੰਘ, ਜਰਨੈਲ ਸਿੰਘ, ਨਿਰਮਲ ਸਿੰਘ, ਬਲਜੀਤ ਸਿੰਘ, ਹਰਭਿੰਦਰ ਸਿੰਘ ਅਤੇ ਸੋਹਣ ਸਿੰਘ ਸ਼ਾਮਿਲ ਸਨ |