ਫ਼ਤਹਿਗੜ੍ਹ ਸਾਹਿਬ, 8 ਦਸੰਬਰ (ਰਾਜਿੰਦਰ ਸਿੰਘ)-ਦੇਸ਼ ਦੀ ਸੁਰੱਖਿਆ ਲਈ ਬੇਮਿਸਾਲ ਕੁਰਬਾਨੀਆਂ ਦੇਣ ਵਾਲੇ ਸ਼ਹੀਦ ਸੈਨਿਕਾਂ ਦੀ ਯਾਦ ਵਿਚ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਵਿਭਾਗ ਵਲੋਂ ਜ਼ਿਲ੍ਹਾ ਪੱਧਰ 'ਤੇ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ ਗਿਆ | ਇਸ ਦੀ ਸ਼ੁਰੂਆਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੂੰ ਫਲੈਗ ਲਾ ਕੇ ਕੀਤੀ ਗਈ | ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹੀਦ ਫ਼ੌਜੀਆਂ ਦੇ ਪਰਿਵਾਰਾਂ ਦੀ ਭਲਾਈ ਲਈ ਇਕੱਤਰ ਕੀਤੇ ਝੰਡਾ ਦਿਵਸ ਫ਼ੰਡ ਵਿਚ ਹਰੇਕ ਨਾਗਰਿਕ ਨੂੰ ਵੱਧ ਚੜ੍ਹ ਕੇ ਯੋਗਦਾਨ ਪਾਉਣਾ ਚਾਹੀਦਾ ਹੈ, ਕਿਉਂਕਿ ਇਸ ਰਾਸ਼ੀ ਵਿਚੋਂ ਹੀ ਸ਼ਹੀਦਾਂ ਦੀਆਂ ਵਿਧਵਾਵਾਂ, ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਤੋਂ ਇਲਾਵਾ ਸੇਵਾ ਕਰ ਰਹੇ ਸੈਨਿਕਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ | ਡਾ. ਸੋਨਾ ਥਿੰਦ ਨੇ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਸਾਡੇ ਸੈਨਿਕ ਆਪਣੀਆਂ ਜਾਨਾਂ ਦੀ ਪ੍ਰਵਾਹ ਨਾ ਕਰਦੇ ਹੋਏ ਸਾਡੀ ਸੁਰੱਖਿਆ ਨੂੰ ਕਾਇਮ ਰੱਖਣ ਲਈ ਦਿਨ ਰਾਤ ਆਪਣੇ ਫ਼ਰਜ਼ ਨਿਭਾ ਰਹੇ ਹਨ ਉਸ ਤਰ੍ਹਾਂ ਸਾਡਾ ਵੀ ਇਹ ਫ਼ਰਜ਼ ਬਣਦਾ ਹੈ ਕਿ ਆਪਣੇ ਸੈਨਿਕਾਂ ਦੇ ਪਰਿਵਾਰਾਂ ਤੇ ਉਨ੍ਹਾਂ ਦੇ ਆਸ਼ਰਿਤਾਂ ਲਈ ਵੱਧ ਤੋਂ ਵੱਧ ਯੋਗਦਾਨ ਪਾਈਏ | ਇਸ ਮੌਕੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਸੇਵਾ ਮੁਕਤ ਕਮਾਂਡਰ ਬਲਜਿੰਦਰ ਸਿੰਘ ਵਿਰਕ, ਸੈਨਿਕ ਭਲਾਈ ਪ੍ਰਬੰਧਕ ਸ਼ੇਰ ਸਿੰਘ, ਸੂਬੇਦਾਰ ਗੁਰਦੀਪ ਸਿੰਘ, ਸੁਖਵੀਰ ਸਿੰਘ ਤੋਂ ਇਲਾਵਾ ਹੋਰ ਕਰਮਚਾਰੀ ਮੌਜੂਦ ਸਨ |