19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਸ਼ਹੀਦੀ ਸਭਾ ਦੌਰਾਨ ਸੰਗਤਾਂ ਨੂੰ 24 ਘੰਟੇ ਸਿਹਤ ਸੇਵਾਵਾਂ ਉਪਲਬਧ ਕਰਵਾਈਆਂ ਜਾਣਗੀਆਂ- ਸਿਵਲ ਸਰਜਨ

ਅਜੀਤ ਡੈਸਕ 09-12-2025
ਫ਼ਤਹਿਗੜ੍ਹ ਸਾਹਿਬ, 8 ਦਸੰਬਰ (ਮਨਪ੍ਰੀਤ ਸਿੰਘ)-ਫ਼ਤਹਿਗੜ੍ਹ ਸਾਹਿਬ ਵਿਖੇ ਭਰਨ ਵਾਲੀ ਸਭਾ ਤੇ ਸ਼ਹੀਦਾਂ ਨੂੰ ਨਤਮਸਤਕ ਹੋਣ ਲਈ ਆਉਣ ਵਾਲੀਆਂ ਸੰਗਤਾਂ ਲਈ ਸਿਹਤ ਵਿਭਾਗ ਵਲੋਂ ਇਸ ਸਾਲ ਵੀ 24 ਘੰਟੇ ਸਿਹਤ ਸੇਵਾਵਾਂ ਉਪਲਬਧ ਕਰਵਾਈਆਂ ਜਾਣਗੀਆਂ | ਇਨ੍ਹਾਂ ਸੇਵਾਵਾਂ ਦੇ ਪ੍ਰਬੰਧ ਕਰਨ ਲਈ ਸਿਹਤ ਵਿਭਾਗ ਵਲੋਂ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਅਰਵਿੰਦਪਾਲ ਸਿੰਘ ਨੇ ਦੱਸਿਆ ਕਿ ਸ਼ਰਧਾਲੂਆਂ ਨੂੰ 24 ਘੰਟੇ ਸਿਹਤ ਸੇਵਾਵਾਂ ਮੁਹੱਈਆ ਕਰਾਉਣ ਲਈ ਸੂਬੇ ਦੇ 10 ਜ਼ਿਲਿ੍ਹਆਂ ਵਿਚੋਂ ਐਂਬੂਲੈਂਸਾਂ, ਮੈਡੀਕਲ ਤੇ ਪੈਰਾਮੈਡੀਕਲ ਸਟਾਫ਼ ਮੰਗਵਾਇਆ ਜਾ ਰਿਹਾ ਹੈ ਅਤੇ ਜ਼ਿਲੇ੍ਹ ਵਿਚ ਤਾਇਨਾਤ ਸਟਾਫ਼ ਦੀ ਡਿਊਟੀ ਵੀ ਸਭਾ ਦੌਰਾਨ ਫ਼ਤਹਿਗੜ੍ਹ ਸਾਹਿਬ ਵਿਖੇ ਲਗਾਈ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਬਾਹਰਲੇ ਜ਼ਿਲਿ੍ਹਆਂ ਤੋਂ ਸਿਹਤ ਸੇਵਾਵਾਂ ਦੇਣ ਲਈ ਆਉਣ ਵਾਲੇ ਸਟਾਫ਼ ਨੂੰ ਜ਼ਿਲ੍ਹਾ ਹਸਪਤਾਲ ਵਿਚ ਠਹਿਰਨ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ | ਡਿਊਟੀ ਕਰਨ ਵਾਲੇ ਸਟਾਫ਼ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਤਾਂਕਿ ਉਨ੍ਹਾਂ ਨੂੰ 24 ਘੰਟੇ ਡਿਊਟੀ ਕਰਨ ਵਿਚ ਕੋਈ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵਲੋਂ ਸੰਗਤਾਂ ਨੂੰ ਮੁਫ਼ਤ ਦਵਾਈਆਂ ਉਪਲਬਧ ਕਰਵਾਈਆਂ ਜਾਣਗੀਆਂ ਇਸ ਲਈ ਇਨ੍ਹਾਂ ਦਵਾਈਆਂ ਅਤੇ ਲੋੜੀਂਦੇ ਸਟਾਫ਼ ਦੇ ਪ੍ਰਬੰਧ ਕੀਤੇ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਸਭਾ ਦੇ ਖੇਤਰ ਵਿਚ 7 ਆਰਜ਼ੀ ਡਿਸਪੈਂਸਰੀਆਂ ਜੋ ਦਿਨ -ਰਾਤ ਖੁੱਲ੍ਹੀਆਂ ਰਹਿਣਗੀਆਂ ਤੇ ਉਨ੍ਹਾਂ 'ਤੇ ਐਮਰਜੈਂਸੀ ਸੇਵਾਵਾਂ ਲਗਾਤਾਰ ਪ੍ਰਦਾਨ ਕੀਤੀਆਂ ਜਾਣਗੀਆਂ ਅਤੇ ਉਨ੍ਹਾਂ ਵਿਚ ਕੰਮ ਕਰਨ ਵਾਲੇ ਸਟਾਫ਼ ਲਈ ਠੰਢ ਤੋਂ ਬਚਣ ਲਈ ਹੀਟਰਾਂ ਦਾ ਪ੍ਰਬੰਧ ਵੀ ਕੀਤਾ ਜਾ ਰਿਹਾ ਹੈ | ਸੰਗਤਾਂ ਲਈ ਲੰਗਰ ਤੇ ਖਾਣ ਪੀਣ ਦੇ ਸਾਮਾਨ ਦੀ ਦੇਖ-ਰੇਖ ਲਈ 4 ਫੂਡ ਟੀਮਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ ਅਤੇ ਸਿਹਤ ਵਿਭਾਗ ਵਲੋਂ ਲੰਗਰਾਂ ਵਿਚ ਵਰਤਿਆ ਜਾਣ ਵਾਲਾ ਪੀਣ ਵਾਲਾ ਪਾਣੀ ਵੀ ਕਲੋਰੀਨੇਟ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਬਾਕੀ ਰਹਿੰਦੇ ਪ੍ਰਬੰਧ ਵੀ ਜਲਦੀ ਹੀ ਮੁਕੰਮਲ ਕਰ ਲਏ ਜਾਣਗੇ | ਇਸ ਮੌਕੇ ਸਹਾਇਕ ਸਿਵਲ ਸਰਜਨ ਡਾ ਕੰਵਲਦੀਪ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਰਿਤਾ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਬਲਜਿੰਦਰ ਸਿੰਘ, ਅਮਨਪ੍ਰੀਤ ਸਿੰਘ, ਨਰਸਿੰਗ ਸਿਸਟਰ ਜਸਪਾਲ ਕੌਰ ਤੇ ਹੋਰ ਅਧਿਕਾਰੀ/ਕਰਮਚਾਰੀ ਹਾਜ਼ਰ ਸਨ |
ਪਿਛਲੀ ਖ਼ਬਰ ਭੋਗ 'ਤੇ ਵਿਸ਼ੇਸ਼- ਸੁੱਚਾ ਸਿੰਘ ਰੰਧਾਵਾ ਅਗਲੀ ਖ਼ਬਰ ਡਿਵਾਈਨ ਲਾਈਟ ਸਕੂਲ ਨੇ ਬਾਸਕਟਬਾਲ ਮੁਕਾਬਲੇ 'ਚ ਜਿੱਤੇ ਸੋਨੇ ਦੇ ਤਗਮੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।