ਅਮਲੋਹ, 9 ਦਸੰਬਰ (ਕੇਵਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਬੁੱਗਾ ਕਲਾਂ ਤੋਂ ਪਾਰਟੀ ਉਮੀਦਵਾਰ ਹਰਸ਼ਦੀਪ ਸਿੰਘ ਵਿਰਕ ਵਲੋਂ ਆਪਣੇ ਸਾਥੀਆਂ ਸਮੇਤ ਵੱਖ-ਵੱਖ ਪਿੰਡਾਂ ਵਿਚ ਚੋਣ ਪ੍ਰਚਾਰ ਕੀਤਾ ਗਿਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਸ਼ਦੀਪ ਵਿਰਕ ਨੇ ਕਿਹਾ ਕਿ ਵੱਖ-ਵੱਖ ਪਿੰਡਾਂ ਵਿਚ ਚੋਣ ਪ੍ਰਚਾਰ ਕੀਤਾ ਗਿਆ ਹੈ ਅਤੇ ਲੋਕਾਂ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੇ ਉਮੀਦਵਾਰਾਂ ਨੂੰ ਜਿੱਤਾਂ ਦਰਜ਼ ਕਰਵਾਉਣ ਦਾ ਭਰੋਸਾ ਦਿੱਤਾ ਗਿਆ ਹੈ | ਲੋਕ ਅੱਜ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਭਾਰੀ ਉਤਸ਼ਾਹ ਦਿਖਾ ਰਹੇ ਹਨ | ਉਨ੍ਹਾਂ ਕਿਹਾ ਕਿ ਝੂਠ ਦਾ ਸਹਾਰਾ ਲੈ ਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਲੋਕ ਹੁਣ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਸਬਕ ਸਿਖਾਉਣਗੇ | ਉਨ੍ਹਾਂ ਅੱਗੇ ਕਿਹਾ ਕਿ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਲੋਂ ਵੀ ਪਾਰਟੀ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਜਾਰੀ ਹੈ ਅਤੇ ਮਿਹਨਤ ਰੰਗ ਲਿਆਏਗੀ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ 14 ਦਸੰਬਰ ਨੂੰ ਆਪਣੀ ਵੋਟ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿਚ ਪਾਉਣ | ਇਸ ਮੌਕੇ ਅਮੋਲਕ ਸਿੰਘ ਵਿਰਕ, ਗੁਰਕੀਰਤ ਸਿੰਘ ਪਨਾਗ, ਕੈਪਟਨ ਵਿਰਕ ਅਤੇ ਵੱਖ-ਵੱਖ ਪਿੰਡਾਂ ਦੇ ਲੋਕ ਮੌਜੂਦ ਸਨ |