ਧਾਰੀਵਾਲ, 24 ਨਵੰਬਰ (ਜੇਮਸ ਨਾਹਰ)- ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਕੇਂਦਰ ਸਰਕਾਰਾਂ ਵਿਚਕਾਰ ਇਕ ਗੰਭੀਰ ਟਕਰਾਅ ਪੈਦਾ ਹੁੰਦਾ ਜਾਪਦਾ ਹੈ | ਸੰਸਦ ਦੇ ਆਉਣ ਵਾਲੇ ਸਰਦ ਰੁੱਤ ਸੈਸ਼ਨ, ਜੋ ਕਿ 1 ਦਸੰਬਰ ਤੋਂ ਸ਼ੁਰੂ ਹੋ ਰਿਹਾ ਹੈ, ਕੇਂਦਰ ਸਰਕਾਰ (131ਵਾਂ ਸੋਧ) ਬਿੱਲ 2025 ਪੇਸ਼ ਕਰਨ ਵਾਲੀ ਹੈ, ਜੋ ਕਿ ਸੰਵਿਧਾਨ ਦੀ ਧਾਰਾ 240 ਦੇ ਤਹਿਤ ਚੰਡੀਗੜ੍ਹ ਨੂੰ ਸ਼ਾਮਲ ਕਰਨ ਦੀ ਕੋਸ਼ਿਸ਼ ਕਰਦਾ ਹੈ | ਕੇਂਦਰ ਸਰਕਾਰ ਦੇ ਇਸ ਕਦਮ ਨੇ ਪੰਜਾਬ ਵਿਚ ਰਾਜਨੀਤਿਕ ਉਥਲ-ਪੁਥਲ ਪੈਦਾ ਕਰ ਦਿੱਤੀ ਹੈ | ਪੰਜਾਬ ਕਿ੍ਸ਼ਚੀਅਨ ਯੂਥ ਫੈਲੋਸ਼ਿਪ ਦੇ ਸੰਸਥਾਪਕ ਸਰਬਜੀਤ ਰਾਜ ਤੇ ਸੂਬਾ ਪ੍ਰਧਾਨ ਡਾਕਟਰ ਸੁਭਾਸ਼ ਥੋਬਾ ਨੇ ਇਸ ਨੂੰ ਪੰਜਾਬ ਤੋਂ ਚੰਡੀਗੜ੍ਹ ਖੋਹਣ ਦੀ ਚਾਲ ਦੱਸਿਆ ਹੈ | ਉਨ੍ਹਾਂ ਨੇ ਬਿੱਲ ਦਾ ਸਖ਼ਤ ਵਿਰੋਧ ਕਰਦੇ ਹੋਏ ਕਿਹਾ ਕਿ ਇਸ ਦੇ ਪਾਸ ਹੋਣ ਨਾਲ ਚੰਡੀਗੜ੍ਹ 'ਤੇ ਪੰਜਾਬ ਦੇ ਅਧਿਕਾਰ ਕਮਜ਼ੋਰ ਹੋ ਜਾਣਗੇ | ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਅਜਿਹਾ ਕਰ ਕੇ ਚੰਡੀਗੜ੍ਹ ਨੂੰ ਹਰਿਆਣਾ ਨੂੰ ਸੌਂਪਣ ਦਾ ਇਰਾਦਾ ਰੱਖਦੀ ਹੈ ਪਰ ਪੰਜਾਬ ਅਜਿਹਾ ਨਹੀਂ ਹੋਣ ਦੇਵੇਗਾ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਅਨਿੱਖੜਵਾਂ ਅੰਗ ਸੀ, ਹੈ ਅਤੇ ਰਹੇਗਾ |