ਸੁਜਾਨਪੁਰ, 3 ਦਸੰਬਰ (ਜਗਦੀਪ ਸਿੰਘ)- 14 ਦਸੰਬਰ ਨੂੰ ਹੋਣ ਵਾਲੀਆਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਸਾਹਿਬ ਸਿੰਘ ਸਾਬਾ ਨੂੰ ਜ਼ਿਲ੍ਹਾ ਪ੍ਰੀਸ਼ਦ ਮਾਧੋਪੁਰ ਜ਼ੋਨ ਤੋਂ ਉਮੀਦਵਾਰ ਐਲਾਨਿਆ ਹੈ | ਸਾਹਿਬ ਸਿੰਘ ਸਾਬਾ ਨੂੰ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਉਨ੍ਹਾਂ ਦੇ ਸਮਰਥਕਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਸਾਹਿਬ ਸਿੰਘ ਸਾਬਾ ਆਮ ਆਦਮੀ ਪਾਰਟੀ ਦੇ ਇਕ ਜੁਝਾਰੂ ਆਗੂ ਹਨ ਅਤੇ ਉਨ੍ਹਾਂ ਨੇ ਵੱਖ-ਵੱਖ ਅਹੁਦਿਆਂ 'ਤੇ ਰਹਿ ਕੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਦਿਨ ਰਾਤ ਇਕ ਕੀਤਾ ਹੈ | ਪਾਰਟੀ ਹਾਈਕਮਾਂਡ ਵਲੋਂ ਪਾਰਟੀ ਪ੍ਰਤੀ ਉਨ੍ਹਾਂ ਦੀਆਂ ਸੇਵਾਵਾਂ ਨੂੰ ਦੇਖਦੇ ਹੋਏ ਹੀ ਉਨ੍ਹਾਂ 'ਤੇ ਭਰੋਸਾ ਜਤਾਇਆ ਹੈ | ਸਾਹਿਬ ਸਿੰਘ ਸਾਬਾ ਨੇ ਕਿਹਾ ਕਿ ਉਹ ਪਾਰਟੀ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ | ਉਨ੍ਹਾਂ ਕਿਹਾ ਕਿ ਸੂਬੇ ਦੀ ਸਰਕਾਰ ਨੇ ਸੂਬੇ ਦੇ ਵਿਕਾਸ ਲਈ ਕਈ ਇਤਿਹਾਸਿਕ ਫ਼ੈਸਲੇ ਲਏ ਹਨ ਤੇ ਸੂਬੇ ਦੇ ਵਿਕਾਸ ਲਈ ਅਹਿਮ ਯੋਗਦਾਨ ਰੱਖਿਆ ਹੈ | ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਖ਼ੁਸ਼ ਹਨ | ਹਰ ਚੋਣਾਂ ਵਿਚ ਆਮ ਆਦਮੀ ਪਾਰਟੀ ਦਾ ਸਾਥ ਦਿੰਦੇ ਹਨ ਤੇ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਦਾ ਮਜ਼ਬੂਤੀ ਨਾਲ ਸਾਥ ਦੇਣਗੇ |