ਫ਼ਾਜ਼ਿਲਕਾ, 21 ਅਕਤੂਬਰ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਪੱਧਰੀ ਸ਼ਹੀਦੀ (ਸਮ੍ਰਿਤੀ) ਦਿਵਸ ਪੁਲਿਸ ਲਾਈਨਜ਼ ਫ਼ਾਜ਼ਿਲਕਾ ਵਿਖੇ ਸ਼ਰਧਾਪੂਰਵਕ ਮਨਾਇਆ ਗਿਆ। ਇਸ ਮੌਕੇ ਜੁਡੀਸ਼ਰੀ, ਜ਼ਿਲ੍ਹਾ ਪੁਲਿਸ 'ਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ-ਨਾਲ ਸ਼ਹੀਦਾਂ ਦੇ ਪਰਿਵਾਰਾਂ ਵਲੋਂ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਸਮਾਗਮ ਦੌਰਾਨ ਐੱਸ.ਐੱਸ.ਪੀ ਗੁਰਮੀਤ ਸਿੰਘ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਅਜੀਤ ਪਾਲ, ਐੱਸ.ਡੀ.ਐਮ. ਕੰਵਰਜੀਤ ਸਿੰਘ ਮਾਨ, ਸਾਬਕਾ ਵਿਧਾਇਕ ਅਰੁਣ ਨਾਰੰਗ ਵਿਸ਼ੇਸ਼ ਤੌਰ 'ਤੇ ਪੁੱਜੇ। ਡੀ.ਐੱਸ.ਪੀ. ਲਵਦੀਪ ਸਿੰਘ ਗਿੱਲ ਨੇ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ ਸ਼ਹੀਦਾਂ ਦੇ ਨਾਮ ਪੜ੍ਹ ਕੇ ਸੁਣਾਏ। ਐੱਸ.ਐੱਸ.ਪੀ ਗੁਰਮੀਤ ਸਿੰਘ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਦੇਸ਼ ਖ਼ਾਤਰ ਆਪਣੀ ਜਾਨਾਂ ਗਵਾਉਣ ਵਾਲੇ ਸ਼ਹੀਦਾਂ 'ਤੇ ਸਾਨੂੰ ਮਾਣ ਹੈ ਜੋ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਸਰਹੱਦਾਂ 'ਤੇ ਰਹਿ ਕੇ ਦੇਸ਼ ਦੀ ਰੱਖਿਆ ਕਰਦੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਕੁਰਬਾਨੀ ਦੀ ਕੋਈ ਕੀਮਤ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਹੱਦਾਂ ਦੀ ਰਾਖੀ ਲਈ ਆਪਣੇ ਆਪ ਨੂੰ ਕੁਰਬਾਨ ਕਰਨ ਵਾਲੇ ਇਹ ਸ਼ਹੀਦ ਸਾਡੇ ਸੂਬੇ ਅਤੇ ਦੇਸ਼ ਦਾ ਸਰਮਾਇਆ ਹਨ। ਇਨ੍ਹਾਂ ਦੀਆਂ ਕੁਰਬਾਨੀਆਂ ਨੂੰ ਜਾਇਆ ਨਹੀਂ ਜਾਣ ਦਿੱਤਾ ਜਾਵੇਗਾ। ਉਨ੍ਹਾਂ ਇਨ੍ਹਾਂ ਮਹਾਨ ਸ਼ਹੀਦ ਨੂੰ ਨਮਨ ਕਰਦਿਆਂ ਕਿਹਾ ਕਿ ਉਨ੍ਹਾਂ ਕਰਕੇ ਹੀ ਅਸੀਂ ਬੇਖ਼ੌਫ ਘਰਾਂ ਵਿਚ ਆਪਣੀ ਜ਼ਿੰਦਗੀ ਬਤੀਤ ਕਰਦੇ ਹਾਂ। ਉਨ੍ਹਾਂ ਕਿਹਾ ਕਿ ਦੇਸ਼ ਦੀ ਏਕਤਾ, ਅਖੰਡਤਾ ਅਤੇ ਭਾਈਚਾਰਕ ਸਾਂਝ ਬਰਕਰਾਰ ਰੱਖਣ ਅਤੇ ਦੇਸ਼ ਵਿਚ ਅਮਨ ਸ਼ਾਂਤੀ ਨੂੰ ਬਣਾਈ ਰੱਖਣ ਲਈ ਮਹਾਨ ਸ਼ਖ਼ਸੀਅਤਾਂ ਨੇ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ, ਜਿਨ੍ਹਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਇਸ ਮੌਕੇ ਐੱਸ.ਐੱਸ.ਪੀ ਨੇ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਚਾਉਣ ਖ਼ਾਤਰ ਜਾਨਾਂ ਵਾਰਨ ਵਾਲਿਆਂ ਨੂੰ ਅਸੀਂ ਸਿੱਜਦਾ ਕਰਦੇ ਹਾਂ। ਉਨ੍ਹਾਂ ਕਿਹਾ ਕਿ ਮਹਾਨ ਪੁਲਿਸ ਜਵਾਨਾਂ ਦੀ ਯਾਦ ਵਿਚ ਸ਼ਹੀਦੀ ਯਾਦਗਾਰੀ ਦਿਵਸ ਹਰ ਸਾਲ ਮਨਾਇਆ ਜਾਂਦਾ ਹੈ, ਜਿੰਨਾ ਨੇ 21 ਅਕਤੂਬਰ, 1959 ਨੂੰ ਲਦਾਖ਼ ਦੇ ਹਾਟ ਸਪਰਿੰਗ ਵਿਖੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦੇ ਹੋਏ ਸ਼ਹਾਦਤਾਂ ਦਿੱਤੀਆਂ। ਉਨ੍ਹਾਂ ਦੱਸਿਆ ਕਿ ਚੀਨ ਦੀ ਫ਼ੌਜ ਵਲੋ ਜਵਾਨਾਂ 'ਤੇ ਅਚਾਨਕ ਹਮਲਾ ਕਰ ਦਿੱਤਾ ਗਿਆ ਸੀ, ਜਿਨ੍ਹਾਂ ਵਿਚੋਂ ਡੀ.ਐੱਸ.ਪੀ ਸਮੇਤ 10 ਜਵਾਨ ਸ਼ਹੀਦ ਹੋ ਗਏ ਸਨ ਅਤੇ ਬਾਕੀਆਂ ਨੂੰ ਬੰਦੀ ਬਣਾ ਲਿਆ ਗਿਆ ਸੀ। ਉਨ੍ਹਾਂ ਕਿਹਾ ਕਿ 21 ਅਕਤੂਬਰ, 1960 ਤੋਂ ਲਗਾਤਾਰ ਦੇਸ਼ ਭਰ ਵਿਚ ਇਨ੍ਹਾਂ ਮਹਾਨ ਸ਼ਹੀਦਾਂ ਅਤੇ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਖ਼ਾਤਰ ਦੇਸ਼ ਦੇ ਵੱਖ ਵੱਖ ਸੂਬਿਆਂ ਦੇ ਪੁਲਿਸ ਅਤੇ ਪੈਰਾ ਮਿਲਟਰੀ ਫੋਰਸਾਂ ਦੇ ਸ਼ਹੀਦ ਜਵਾਨਾਂ ਨੂੰ ਯਾਦ ਕਰਨ ਲਈ ਸ਼ਰਧਾਂਜਲੀ ਸਮਾਗਮ ਕੀਤੇ ਜਾਂਦੇ ਹਨ ਤਾਂ ਜੋ ਪੁਲਿਸ ਦੇ ਜਵਾਨ ਅਤੇ ਲੋਕ ਇਨ੍ਹਾਂ ਸ਼ਹੀਦਾਂ ਦੀਆਂ ਜੀਵਨੀਆਂ ਤੋ ਪ੍ਰੇਰਨਾ ਲੈ ਸਕਣ। ਉਨ੍ਹਾਂ ਕਿਹਾ ਕਿ ਅੱਤਵਾਦ ਦੌਰਾਨ ਫ਼ਾਜ਼ਿਲਕਾ ਪੁਲਿਸ ਦੇ ਵੱਖ-ਵੱਖ ਰੈਂਕਾਂ ਦੇ ਜਵਾਨ ਸ਼ਹੀਦ ਹੋਏ ਸਨ ਜਿਨ੍ਹਾਂ ਨੇ ਦੇਸ਼ ਵਿਚ ਅਮਨ ਕਾਨੂੰਨ ਨੂੰ ਬਰਕਰਾਰ ਰੱਖਣ ਵਿਚ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਸਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਹਮੇਸ਼ਾ ਇਨ੍ਹਾਂ ਦੇ ਪਰਿਵਾਰਾਂ ਨਾਲ ਖੜ੍ਹੀ ਹੈ। ਜ਼ਿਲ੍ਹਾ ਪੁਲਿਸ ਮੁਖੀ ਨੇ ਇਨ੍ਹਾਂ ਪਰਿਵਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਇਨ੍ਹਾਂ ਪਰਿਵਾਰਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਅਤੇ ਫ਼ਾਜ਼ਿਲਕਾ ਪੁਲਿਸ ਵਲੋ ਹਰ ਕਦਮ 'ਤੇ ਉਨ੍ਹਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਸ਼ਹੀਦ ਪਰਿਵਾਰਾਂ ਦੀ ਭਲਾਈ ਲਈ ਪੰਜਾਬ ਸਰਕਾਰ ਅਤੇ ਫ਼ਾਜ਼ਿਲਕਾ ਪੁਲਿਸ ਹਮੇਸ਼ਾ ਤਤਪਰ ਹੈ। ਇਸ ਮੌਕੇ ਪੁਲਿਸ ਦੇ ਹੋਰ ਅਧਿਕਾਰੀਆਂ ਅਤੇ ਸ਼ਹੀਦਾਂ ਦੇ ਪਰਿਵਾਰਾਂ ਵਲੋਂ ਸ਼ਹੀਦੀ ਯਾਦਗਾਰ 'ਤੇ ਫ਼ੁਲ ਮਾਲਾਵਾਂ ਵੀ ਭੇਟ ਕੀਤੀਆਂ ਗਈਆਂ। ਇਸ ਤੋਂ ਬਾਅਦ ਸਨਮਾਨ ਸਮਾਰੋਹ ਦੌਰਾਨ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਛੇਤੀ ਹੀ ਯੋਗ ਹੱਲ ਕਰਨ ਦਾ ਭਰੋਸਾ ਦਿਵਾਇਆ ਗਿਆ। ਇਸ ਮੌਕੇ ਪੁਲਿਸ ਦੀ ਟੁਕੜੀ ਵੱਲੋਂ ਸ਼ਹੀਦਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ ਅਤੇ 2 ਮਿੰਟ ਦਾ ਮੌਨ ਰੱਖ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ 'ਤੇ ਕਰਮਚਾਰੀ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।
ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਰਕਰਾਰ ਰੱਖਣ ਲਈ ਕੀਮਤੀ ਜਾਨਾਂ ਗਵਾਉਣ ਵਾਲਿਆਂ 'ਤੇ ਸਾਨੂੰ ਮਾਣ-ਐਸ. ਐੱਸ. ਪੀ.
ਅਜੀਤ ਡੈਸਕ
22-10-2025