ਫ਼ਾਜ਼ਿਲਕਾ, 8 ਦਸੰਬਰ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ 'ਚ ਡਿਊਟੀਆਂ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ ਜਿਸ ਨੂੰ ਲੈ ਕੇ ਬੀ.ਐਲ.ਓਜ ਵਲੋਂ ਪਿਛਲੇ ਕੁੱਝ ਦਿਨਾਂ ਤੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ | ਪਰ ਅੱਜ ਦੇ ਪ੍ਰਦਰਸ਼ਨ ਤੋਂ ਬਾਅਦ ਕੁੱਝ ਦਿਨਾਂ ਲਈ ਇਹ ਰੋਸ ਪ੍ਰਦਰਸ਼ਨ ਮੁਅੱਤਲ ਕਰ ਦਿੱਤਾ ਗਿਆ ਹੈ | ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ 'ਚ ਬੀ.ਐਲ.ਓਜ ਨੇ ਕਪਲ ਕੇਸ, ਅੰਗਹੀਣ ਕਰਮਚਾਰੀਆਂ ਨੂੰ ਛੋਟ ਨਾ ਦੇਣ ਅਤੇ ਕਰਮਚਾਰੀਆਂ ਦੀਆਂ ਚੋਣ ਡਿਊਟੀਆਂ ਆਪਣੇ ਪਿਤਰੀ ਬਲਾਕਾਂ ਤੋਂ ਦੂਰ ਲਗਾਉਣ ਦੇ ਵਿਰੋਧ ਵਿਚ ਇਹ ਰੋਸ ਪ੍ਰਦਰਸ਼ਨ ਕੀਤਾ | ਯੂਨੀਅਨ ਆਗੂਆਂ ਨੇ ਦੱਸਿਆ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਹੋਣ ਦੇ ਬਾਵਜੂਦ ਕੋਈ ਹੱਲ ਨਹੀਂ ਨਿਕਲਿਆ | ਜਿਸ ਕਾਰਨ ਉਨ੍ਹਾਂ ਨੂੰ ਮਜਬੂਰੀ ਵਿਚ ਆ ਕੇ ਸੰਘਰਸ਼ ਦੇ ਰਾਹ ਪੈਣਾ ਪਿਆ ਹੈ |ਉਨ੍ਹਾਂ ਦੱਸਿਆ ਕਿ ਪਿਛਲੇ ਕੁੱਝ ਮਹੀਨਿਆਂ ਤੋਂ ਇਲੈੱਕਸ਼ਨ ਕਮਿਸ਼ਨ ਆਫ਼ ਇੰਡੀਆ ਵਲੋਂ ਸਪੈਸ਼ਲ ਇੰਟਨਸਿਵ ਰਿਵੀਜ਼ਨ ਦਾ ਕੰਮ ਵੀ ਕਈ ਮੁਸ਼ਕਲਾਂ ਹੋਣ ਦੇ ਬਾਵਜੂਦ ਬੀ.ਐੱਲ.ਓਜ ਵਲੋਂ ਬੜੀ ਤਨਦੇਹੀ ਨਾਲ ਕੀਤਾ ਜਾ ਰਿਹਾ ਹੈ | ਇਸ ਦੇ ਬਾਵਜੂਦ ਇਨ੍ਹਾਂ ਚੋਣਾਂ 'ਚ ਵੀ ਬੀ.ਐੱਲ.ਓਜ ਦੀ ਚੋਣ ਡਿਊਟੀ ਲਗਾਉਣਾ ਸਰਾਸਰ ਧੱਕਾ ਹੈ | ਜਥੇਬੰਦੀ ਦੇ ਵੱਖ-ਵੱਖ ਆਗੂਆਂ ਨੇ ਪ੍ਰਸ਼ਾਸਨ ਵਲੋਂ ਬੀ ਐੱਲ ਓਜ ਦੀਆਂ ਇਲੈੱਕਸ਼ਨ ਡਿਊਟੀਆਂ ਲਗਾਉਣ ਦੀ ਨਿੰਦਾ ਕਰਦਿਆਂ ਬੀ ਐੱਲ ਓਜ ਨੂੰ ਇਨ੍ਹਾਂ ਚੋਣ ਡਿਊਟੀਆਂ ਤੋਂ ਫ਼ਾਰਗ ਕਰਨ ਦੀ ਮੰਗ ਕੀਤੀ | ਜਾਣਕਾਰੀ ਦਿੰਦਿਆਂ ਡੀ.ਟੀ.ਐਫ.ਦੇ ਆਗੂ ਮਹਿੰਦਰ ਕੌੜਿਆਂ ਵਾਲੀ ਨੇ ਦੱਸਿਆ ਕਿ ਧਰਨੇ ਨੂੰ ਕੁੱਝ ਦਿਨਾਂ ਲਈ ਮੁਅੱਤਲ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਦੌਰਾਨ ਵੱਡੀ ਗਿਣਤੀ ਵਿਚ ਅਧਿਆਪਕਾਂ ਦੀਆਂ ਚੋਣ ਡਿਊਟੀਆਂ ਲੱਗਣ ਤਹਿਤ ਰਿਹਰਸਲਾਂ ਕਾਰਨ ਬੱਚਿਆਂ ਦੀ ਪੜ੍ਹਾਈ 'ਤੇ ਵੀ ਬੁਰਾ ਅਸਰ ਪੈ ਰਿਹਾ ਹੈ | ਇਸ ਤਰ੍ਹਾਂ ਸਿੱਖਿਆ ਕ੍ਰਾਂਤੀ ਦਾ ਢੰਡੋਰਾ ਪਿੱਟਣ ਵਾਲੀ ਪੰਜਾਬ ਸਰਕਾਰ ਦਾ ਅਸਲ ਚਿਹਰਾ ਸਾਹਮਣੇ ਆਇਆ ਹੈ | ਇੱਥੇ ਜਥੇਬੰਦੀ ਦੇ ਆਗੂਆਂ ਵਲੋਂ ਸਪਸ਼ਟ ਕੀਤਾ ਗਿਆ ਕਿ ਜੇਕਰ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਮੂਹ ਬੀ.ਐੱਲ ਓਜ ਨੂੰ ਚੋਣ ਡਿਊਟੀਆਂ ਤੋਂ ਫ਼ਾਰਗ ਨਹੀਂ ਕੀਤਾ ਜਾਂਦਾ ਤਾਂ ਇਸ ਦੇ ਖ਼ਿਲਾਫ਼ ਬੀ ਐੱਲ ਓ ਯੂਨੀਅਨ ਫ਼ਾਜ਼ਿਲਕਾ ਤਿੱਖਾ ਸੰਘਰਸ਼ ਵਿੱਢਣ ਲਈ ਮਜਬੂਰ ਹੋਵੇਗੀ | ਇਸ ਮੌਕੇ ਕੈਪਟਨ ਸਿੰਘ, ਦਪਿੰਦਰ ਸਿੰਘ ਢਿੱਲੋਂ ਆਦਿ ਹਾਜ਼ਰ ਸਨ |