ਅੰਮਿ੍ਤਸਰ, 21 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਅੰਮਿ੍ਤਸਰ ਦੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਪ੍ਰਭਬੀਰ ਸਿੰਘ ਬਰਾੜ ਨੇ ਕਿਹਾ ਕਿ ਪਹਿਲੀ ਵਾਰ ਕਿਸਾਨਾਂ ਨੂੰ ਪ੍ਰਤੀ ਏਕੜ 20,000 ਰੁਪਏ ਮੁਆਵਜ਼ਾ ਦਿੱਤਾ ਗਿਆ ਹੈ ਜੋ ਕਿ ਪੂਰੇ ਦੇਸ਼ 'ਚ ਸਭ ਤੋਂ ਵੱਧ ਹੈ ਅਤੇ ਇਸ ਤਰ੍ਹਾਂ ਵਧਾ ਕੇ ਮੁਆਵਜ਼ਾ ਦੇਣ ਨਾਲ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ | ਪੰਜਾਬ ਸਰਕਾਰ ਲੋਕਾਂ ਦੇ ਹਰ ਦੁੱਖ-ਸੁੱਖ 'ਚ ਉਨ੍ਹਾਂ ਦੇ ਨਾਲ ਖੜ੍ਹੀ ਹੈ | ਬਰਾੜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹੜ੍ਹ ਪ੍ਰਭਾਵਿਤਾਂ ਨੂੰ ਦੀਵਾਲੀ ਤੋਂ ਪਹਿਲਾਂ (30 ਦਿਨਾਂ ਵਿਚ) ਮੁਆਵਜ਼ਾ/ਰਾਹਤ ਰਾਸ਼ੀ ਪ੍ਰਦਾਨ ਕਰਨ ਦਾ ਵਾਅਦਾ ਪੂਰਾ ਕਰਦਿਆਂ ਸੂਬੇ ਲਈ 209 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕਰ ਦਿੱਤੀ ਹੈ | ਬਰਾੜ ਨੇ ਕਿਹਾ ਕਿ ਬੀਤੇ ਦਿਨੀ ਪੰਜਾਬ ਭਰ ਦੇ 13 ਕੈਬਨਿਟ ਮੰਤਰੀ ਮਿਸ਼ਨ ਪੁਨਰਵਾਸ ਤਹਿਤ ਰਾਹਤ ਰਾਸ਼ੀ ਵੰਡਣ ਲਈ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਚੁੱਕੇ ਹਨ | ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨੀਂ ਅਜਨਾਲਾ ਵਿਚ 631 ਕਿਸਾਨਾਂ ਨੂੰ 5.70 ਕਰੋੜ ਰੁਪਏ ਦੇ ਚੈੱਕ ਵੰਡ ਕੇ ਮਿਸ਼ਨ ਪੁਨਰਵਾਸ ਦੀ ਸ਼ੁਰੂਆਤ ਕੀਤੀ ਸੀ | ਜ਼ਿਲ੍ਹਾ ਸੰਗਰੂਰ ਦੇ ਹੜ੍ਹ ਪ੍ਰਭਾਵਿਤਾਂ ਨੂੰ 3.50 ਕਰੋੜ ਰੁਪਏ ਵੰਡੇ ਗਏ | ਇਸ ਤਰ੍ਹਾ ਹਲਕਾ ਧੂਰੀ ਦੇ 8 ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਮਨਜ਼ੂਰੀ ਪੱਤਰ ਵੰਡ ਕੇ ਮੁਆਵਜ਼ਾ ਵੰਡਣ ਦੀ ਸ਼ੁਰੂਆਤ ਕੀਤੀ |