ਅੰਮਿ੍ਤਸਰ, 4 ਦਸੰਬਰ (ਰੇਸ਼ਮ ਸਿੰਘ)-ਕੌਮੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਵਿਜੈ ਰਹਾਟਕਰ ਨੇ ਜਲੰਧਰ ਡਿਵੀਜ਼ਨ ਦੇ ਪੁਲਿਸ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਵਿਚ ਪੁਲਿਸ ਨੂੰ ਨਿਰਦੇਸ਼ ਦਿੱਤੇ ਕਿ ਉਹ ਔਰਤਾਂ ਦੀਆਂ ਲੰਬਿਤ ਸ਼ਿਕਾਇਤਾਂ ਨਿਪਟਾਰਾ ਪਹਿਲ ਦੇ ਆਧਾਰ ਉੱਤੇ ਕਰਨ | ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਔਰਤਾਂ ਵਿਰੁੱਧ ਅੱਤਿਆਚਾਰ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਵੀ ਦਿੱਤੇ | ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਇਸ ਮੀਟਿੰਗ 'ਚ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਔਰਤਾਂ ਨੂੰ ਨਿਡਰ ਹੋ ਕੇ ਸ਼ਿਕਾਇਤਾਂ ਦਰਜ ਕਰਵਾਉਣੀਆਂ ਚਾਹੀਦੀਆਂ ਹਨ ਤੇ ਮਹਿਲਾ ਕਮਿਸ਼ਨ ਹਰ ਔਰਤ ਨੂੰ ਇਨਸਾਫ਼ ਦਿਵਾਉਣ ਲਈ ਵਚਨਬੱਧ ਹੈ | ਉਨ੍ਹਾਂ ਨੇ ਔਰਤਾਂ ਦੀ ਭਲਾਈ ਨੂੰ ਤਰਜੀਹ ਦੇਣ, ਉਨ੍ਹਾਂ ਦੀਆਂ ਚੁਣੌਤੀਆਂ ਨੂੰ ਤੁਰੰਤ ਹੱਲ ਕਰਨ ਅਤੇ ਸਹਾਇਤਾ ਪ੍ਰੋਗਰਾਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਦੀ ਹਦਾਇਤ ਵੀ ਕੀਤੀ | ਉਨ੍ਹਾਂ ਰਾਜ ਵਿਚ ਦਾਜ ਦੀ ਖਾਤਰ ਹੱਤਿਆ, ਜਬਰ ਜਨਾਹ , ਐੱਨ.ਆਰ.ਆਈ. ਮੈਰਿਜ ਦੇ ਕੇਸਾਂ ਦੇ ਵਾਧੇ ਉੱਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਇਨ੍ਹਾਂ ਕੇਸਾਂ ਨੂੰ ਪਹਿਲ ਦੇ ਅਧਾਰ ਉੱਤੇ ਨਿਆਂ ਦਵਾਉਣ ਲਈ ਅੱਗੇ ਆਉਣ ਦੀ ਹਦਾਇਤ ਕੀਤੀ | ਇਸ ਤੋਂ ਇਲਾਵਾ ਉਨ੍ਹਾਂ ਨੇ ਦੇਸ਼ ਭਰ ਵਿਚ ਵੱਧ ਰਹੇ ਸਾਈਬਰ ਅਪਰਾਧ ਲਈ ਚਿੰਤਾ ਜ਼ਾਹਿਰ ਕਰਦਿਆਂ ਕਮਿਸ਼ਨ ਵਲੋਂ ਪੁਲਿਸ ਨੂੰ ਇਸ ਬਾਰੇ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਚਲਾਉਣ ਲਈ ਅਗਵਾਈ ਦੇਣ ਬਾਰੇ ਵੀ ਭਰੋਸਾ ਦਿੱਤਾ | ਇਸ ਮੀਟਿੰਗ 'ਚ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ, ਡੀਸੀਪੀ ਜਗਜੀਤ ਸਿੰਘ ਵਾਲੀਆ, ਜ਼ਿਲ੍ਹਾ ਪੁਲਿਸ ਮੁਖੀ ਕਪੂਰਥਲਾ ਗੌਰਵ ਤੂਰਾ, ਜ਼ਿਲ੍ਹਾ ਪੁਲਿਸ ਮੁਖੀ ਹੁਸ਼ਿਆਰਪੁਰ ਸੰਦੀਪ ਕੁਮਾਰ ਮਲਿਕ, ਜ਼ਿਲ੍ਹਾ ਪੁਲਿਸ ਮੁਖੀ ਅੰਮਿ੍ਤਸਰ ਦਿਹਾਤੀ ਸੁਹੇਲ ਕਾਸਿਮ, ਐੱਸ.ਪੀ. ਜੁਗਰਾਜ ਸਿੰਘ, ਐੱਸ.ਪੀ. ਗੁਰਪ੍ਰਤਾਪ ਸਿੰਘ ਸਹੋਤਾ, ਐੱਸ.ਪੀ. ਅਦਿਤਿਆ ਵਾਰੀਅਰ, ਅਤੇ ਹੋਰ ਜ਼ਿਲਿ੍ਹਆਂ ਦੇ ਪੁਲਿਸ ਅਧਿਕਾਰੀ ਵੀ ਹਾਜ਼ਰ ਸਨ | ਇਸ ਤੋਂ ਪਹਿਲਾਂ ਕਮਿਸ਼ਨ ਦੇ ਅਧਿਕਾਰੀਆਂ ਨੇ ਵੱਖ-ਵੱਖ ਪਿਛੋਕੜ ਵਾਲੀਆਂ ਔਰਤਾਂ ਦੀਆਂ ਸ਼ਿਕਾਇਤਾਂ ਵੀ ਸੁਣੀਆਂ | ਪ੍ਰਾਪਤ ਹੋਈਆਂ 40 ਸ਼ਿਕਾਇਤਾਂ ਵਿਚ ਜ਼ਿਆਦਾਤਰ ਦਾ ਮੌਕੇ 'ਤੇ ਹੀ ਨਿਪਟਾਰਾ ਕਰ ਦਿੱਤਾ ਗਿਆ, ਬਾਕੀ ਮਾਮਲਿਆਂ 'ਚ ਕਾਰਵਾਈ ਲਈ ਸਖ਼ਤ ਆਦੇਸ਼ ਜਾਰੀ ਕੀਤੇ ਗਏ |
ਕੌਮੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵਲੋਂ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਿਹਾ, ਔਰਤਾਂ ਵਿਰੁੱਧ ਅੱਤਿਆਚਾਰ ਕਰਨ ਵਾਲਿਆਂ ਖ਼ਿਲਾਫ਼ ਹੋਵੇ ਸਖ਼ਤ ਕਾਰਵਾਈ
ਅਜੀਤ ਡੈਸਕ
05-12-2025