ਅੰਮਿ੍ਤਸਰ, 9 ਦਸੰਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ. ਰੋਡ ਵਿਖੇ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ 'ਗੁਰਬਾਣੀ 'ਤੇ ਇਕ ਸੰਵਾਦ' ਵਿਸ਼ੇ ਤਹਿਤ ਵਿਸੇਸ਼ ਸੈਮੀਨਾਰ ਕਰਵਾਇਆ ਗਿਆ | ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ ਅਤੇ ਦੀਵਾਨ ਦੀ ਧਰਮ ਪ੍ਰਚਾਰ ਕਮੇਟੀ ਦੀ ਦੇਖ-ਰੇਖ ਹੇਠ ਕਰਵਾਏ ਇਸ ਸੈਮੀਨਾਰ ਦਾ ਮੰਤਵ ਸਿੱਖਿਆ ਸੰਸਥਾਵਾਂ 'ਚ ਅਧਿਆਤਮਕ ਵਾਤਾਵਰਨ ਪੈਦਾ ਕਰ ਕੇ ਆਉਣ ਵਾਲੀ ਪੀੜ੍ਹੀ ਨੂੰ ਗੁਰਬਾਣੀ ਨਾਲ ਜੋੜਨ ਲਈ ਪ੍ਰੇਰਿਤ ਕਰਨਾ ਸੀ | ਸੈਮੀਨਾਰ 'ਚ ਸੰਤ ਬਾਬਾ ਜਸਪਾਲ ਸਿੰਘ ਅਮਰੀਕਾ ਵਾਲਿਆਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਸੰਤ ਬਾਬਾ ਜਸਪਾਲ ਸਿੰਘ ਨੇ ਗੁਰਬਾਣੀ ਦਾ ਹਵਾਲਾ ਦਿੰਦੇ ਹੋਏ ਪ੍ਰਮਾਤਮਾ ਦਾ ਨਿਰਾਕਾਰ ਸਰੂਪ, ਸੰਸਾਰ ਦੀ ਨਾਸ਼ਵਾਨਤਾ, ਗੁਰਬਾਣੀ ਦੇ ਉਪਦੇਸ਼ ਨੂੰ ਮੰਨ ਕੇ ਮਨ ਦੇ ਵਿਕਾਰਾਂ ਨੂੰ ਦੂਰ ਕਰਨ ਅਤੇ ਪ੍ਰਮਾਤਮਾ ਨਾਲ ਜੁੜ ਕੇ ਭਵ ਸਾਗਰ ਤੋਂ ਪਾਰ ਉਤਾਰੇ ਦੇ ਮਾਰਗ ਬਾਰੇ ਵਿਚਾਰ ਚਰਚਾ ਕੀਤੀ | ਇਸ ਮੌਕੇ ਡਾ: ਨਿੱਜਰ ਦੁਆਰਾ ਦੀਵਾਨ ਵਲੋਂ ਬਾਬਾ ਜਸਪਾਲ ਸਿੰਘ ਨੂੰ ਸਨਮਾਨਿਤ ਕੀਤਾ ਗਿਆ ਅਤੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਤਰਲੋਚਨ ਸਿੰਘ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ | ਇਸ ਮੌਕੇ ਮੀਤ ਪ੍ਰਧਾਨ ਸੰਤੋਖ ਸਿੰਘ ਸੇਠੀ, ਵਧੀਕ ਆਨਰੇਰੀ ਸਕੱਤਰ ਜਸਪਾਲ ਸਿੰਘ ਢਿੱਲੋਂ ਤੇ ਹਰਵਿੰਦਰਪਾਲ ਸਿੰਘ ਚੁੱਘ, ਏ. ਪੀ. ਐੱਸ. ਮਾਨ, ਗੁਰਭੇਜ ਸਿੰਘ, ਅਜਾਇਬ ਸਿੰਘ ਅਭਿਆਸੀ, ਹਰਪ੍ਰੀਤ ਸਿੰਘ, ਜਗਜੀਤ ਸਿੰਘ ਵਾਲੀਆ, ਸ਼੍ਰੋਮਣੀ ਕਮੇਟੀ ਵਧੀਕ ਸਕੱਤਰ ਸਿੰਘ ਤੇ ਪ੍ਰਚਾਰਕ ਹਰਪ੍ਰੀਤ ਸਿੰਘ ਮੱਖੂ ਵੀ ਹਾਜ਼ਰ ਸਨ |