ਤਰਨ ਤਾਰਨ, 21 ਅਕਤੂਬਰ (ਹਰਿੰਦਰ ਸਿੰਘ)-ਪੰਥਕ ਜਥੇਬੰਦੀਆਂ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਤਰਨ ਤਾਰਨ ਜ਼ਿਮਨੀ ਚੋਣ ਲਈ ਸਾਂਝੇ ਤੌਰ 'ਤੇ ਚੋਣ ਮੈਦਾਨ ਵਿਚ ਖੜੇ ਕੀਤੇ ਗਏ ਭਾਈ ਮਨਦੀਪ ਸਿੰਘ ਭਰਾਤਾ ਭਾਈ ਸੰਦੀਪ ਸਿੰਘ ਸੰਨੀ ਆਪਣੀ ਚੋਣ ਮੁਹਿੰਮ ਦੌਰਾਨ ਸਾਂਸਦ ਭਾਈ ਅੰਮਿ੍ਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਅਤੇ ਹੋਰਨਾਂ ਨਾਲ ਦਲ ਪੰਥ ਬਾਬਾ ਬਿਧੀ ਚੰਦ ਜੀ ਦੇ ਡੇਰੇ ਵਿਚ ਪਹੁੰਚੇ ਅਤੇ ਉਨ੍ਹਾਂ ਨੇ ਡੇਰੇ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲਿਆਂ ਪਾਸੋਂ ਆਸ਼ੀਰਵਾਦ ਹਾਸਲ ਕੀਤਾ | ਇਸ ਮੌਕੇ ਭਾਈ ਮਨਦੀਪ ਸਿੰਘ ਨੇ ਕਿਹਾ ਕਿ ਸਮੁੱਚੀਆਂ ਪੰਥਕ ਜਥੇਬੰਦੀਆਂ ਵਲੋਂ ਉਨ੍ਹਾਂ ਨੂੰ ਜੋ ਮਾਣ ਸਨਮਾਨ ਦਿੱਤਾ ਜਾ ਰਿਹਾ ਹੈ, ਉਸ ਤੋਂ ਇਹ ਗੱਲ ਸਪੱਸ਼ਟ ਹੈ ਕਿ ਮਾਝੇ ਦੇ ਇਸ ਹਲਕੇ ਦੇ ਲੋਕ ਸਾਰੀਆਂ ਸਿਆਸੀ ਧਿਰਾਂ ਨੂੰ ਨਕਾਰ ਦੇਣਗੇ | ਜਿਸ ਤਰ੍ਹਾਂ ਭਾਈ ਅੰਮਿ੍ਤਪਾਲ ਸਿੰਘ ਦੇ ਹੱਕ ਵਿਚ ਲੋਕਾਂ ਨੇ ਫਤਵਾ ਦਿੱਤਾ ਸੀ, ਉਸੇ ਤਰ੍ਹਾਂ ਉਨ੍ਹਾਂ ਨੂੰ ਵੀ ਫ਼ਤਵਾ ਦੇਣਗੇ | ਉਨ੍ਹਾਂ ਕਿਹਾ ਕਿ ਸਮੂਹ ਪੰਥਕ ਜਥੇਬੰਦੀਆਂ ਵੀ ਇਕ ਧਿਰ ਹੋ ਕੇ ਉਨ੍ਹਾਂ ਦੀ ਚੋਣ ਮੁਹਿੰਮ ਨੂੰ ਬਹੁਤ ਹੀ ਸੁਚੱਜੇ ਢੰਗ ਨਾਲ ਚਲਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਉਹ ਸੰਤ ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲਿਆਂ ਦਾ ਆਸ਼ੀਰਵਾਦ ਪ੍ਰਾਪਤ ਕਰਨ ਲਈ ਸੁਰ ਸਿੰਘ ਵਿਖੇ ਪਹੁੰਚੇ ਸਨ, ਜਿਥੇ ਸੰਤ ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲਿਆਂ ਨੇ ਉਨ੍ਹਾਂ ਨੂੰ ਜੋ ਪਿਆਰ ਦਿੱਤਾ ਹੈ, ਉਹ ਉਸ ਦੇ ਸਦਾ ਰਿਣੀ ਰਹਿਣਗੇ |