ਤਰਨ ਤਾਰਨ, 3 ਦਸੰਬਰ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਅਧੀਨ ਆਉਂਦੀ ਬਲਾਕ ਸੰਮਤੀ ਖਡੂਰ ਸਾਹਿਬ ਦੇ ਜ਼ੋਨ ਕੱਦਗਿੱਲ ਕਲਾਂ (ਜਨਰਲ) ਤੋਂ ਪਾਰਟੀ ਵਲੋਂ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਸਰਪੰਚ ਜਸਵੰਤ ਸਿੰਘ ਜੱਟਾ ਨੂੰ ਉਮੀਦਵਾਰ ਐਲਾਨਿਆ | ਇਸ ਮੌਕੇ ਬ੍ਰਹਮਪੁਰਾ ਨੇ ਜਸਵੰਤ ਸਿੰਘ ਜੱਟਾ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਅਤੇ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬ੍ਰਹਮਪੁਰਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤਿੱਖੇ ਹਮਲੇ ਕੀਤੇ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਚੋਣਾਂ ਵਿਚ ਜਿੱਤ ਹਾਸਲ ਕਰਨ ਲਈ ਸਰਕਾਰੀ ਮਸ਼ੀਨਰੀ ਦੀ ਵੱਡੇ ਪੱਧਰ 'ਤੇ ਦੁਰਵਰਤੋਂ ਕਰ ਰਹੀ ਹੈ, ਜੋ ਕਿ ਲੋਕਤੰਤਰ ਦਾ ਘਾਣ ਹੈ | ਉਨ੍ਹਾਂ ਮੁੱਖ ਮੰਤਰੀ 'ਤੇ ਵਰ੍ਹਦਿਆਂ ਕਿਹਾ ਕਿ ਭਗਵੰਤ ਮਾਨ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ਦੀ ਬਜਾਏ ਦਿੱਲੀ ਬੈਠੇ ਅਰਵਿੰਦ ਕੇਜਰੀਵਾਲ ਦਾ ਸਿਰਫ਼ 'ਪਿੱਠੂ' ਬਣ ਕੇ ਰਹਿ ਗਿਆ ਹੈ ਅਤੇ ਦਿੱਲੀ ਦੇ ਇਸ਼ਾਰਿਆਂ 'ਤੇ ਪੰਜਾਬ ਨੂੰ ਬਰਬਾਦ ਕਰ ਰਿਹਾ ਹੈ | ਬ੍ਰਹਮਪੁਰਾ ਨੇ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਸ਼ਬਦਾਂ ਵਿਚ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਸੱਤਾਧਾਰੀ ਧਿਰ ਦੇ ਦਬਾਅ ਹੇਠ ਆ ਕੇ ਕੰਮ ਨਾ ਕਰਨ | ਇਸ ਮੌਕੇ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਮੁਰਾਦਪੁਰਾ, ਸਾਬਕਾ ਸਰਪੰਚ ਗੁਰਬਿੰਦਰ ਸਿੰਘ ਕਲੇਰ, ਹਰਵੰਤ ਸਿੰਘ, ਸਾਬਕਾ ਸਰਪੰਚ ਅਮਰਜੀਤ ਸਿੰਘ ਸੋਨਾ, ਅੰਤਰਪ੍ਰੀਤ ਸਿੰਘ, ਜੰਗ ਸਿੰਘ, ਸਰਪੰਚ ਦੇ ਭਰਾ ਬਲਵਿੰਦਰ ਸਿੰਘ ਬਿੱਲਾ, ਹਰਪ੍ਰੀਤ ਸਿੰਘ ਨੰਬਰਦਾਰ, ਸਰਦਾਰ ਗਿਆਨ ਸਿੰਘ ਅਤੇ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਹਾਜ਼ਰ ਸਨ |