ਭਿੱਖੀਵਿੰਡ, 4 ਦਸੰਬਰ (ਬੌਬੀ)ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ 14 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਸੰਬੰਧੀ ਨਾਮਜ਼ਦਗੀਆਂ ਦਾਖ਼ਲ ਕਰਨ ਦਾ ਅੱਜ ਆਖਰੀ ਦਿਨ ਸੀ ਅਤੇ ਆਖਰੀ ਦਿਨ ਤਰਨ ਤਾਰਨ ਵਿਖੇ ਜੋ ਲੋਕਤੰਤਰ ਦਾ ਘਾਣ ਕੀਤਾ ਗਿਆ ਇਹ ਬਹੁਤ ਹੀ ਸ਼ਰਮਨਾਕ ਗੱਲ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਫਿਰੋਜਪੁਰ ਦੇ ਉਪ ਇੰਚਾਰਜ ਅਨੂਪ ਸਿੰਘ ਭੁੱਲਰ ਨੇ ਗੱਲਬਾਤ ਕਰਦਿਆਂ ਕੀਤਾ | ਉਹਨਾਂ ਕਿਹਾ ਕਿ ਸਾਡੇ ਉਮੀਦਵਾਰਾਂ ਦੀਆਂ ਫਾਈਲਾਂ ਜਮਾਂ ਹੀ ਨਹੀਂ ਕੀਤੀਆਂ ਗਈਆਂ ਕਿਉਂਕਿ ਮੌਜੂਦਾ ਸਰਕਾਰ ਨੇ ਆਪਣੇ ਸੈਂਕੜੇ ਬੋਗਸ ਉਮੀਦਵਾਰ ਕਤਾਰਾਂ ਵਿਚ ਖੜੇ ਕਰਕੇ ਉਨ੍ਹਾਂ ਨੂੰ ਟੋਕਨ ਦਿੱਤੇ ਹੋਏ ਸਨ ਅਤੇ ਬਾਕੀ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਟੋਕਨ ਤੱਕ ਨਹੀਂ ਦਿੱਤੇ ਗਏ | ਉਨ੍ਹਾਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਜ਼ਿਲੇ੍ਹ ਅੰਦਰ ਚੋਣਾਂ ਕਰਾਉਣ ਤੋਂ ਪੂਰੀ ਤਰ੍ਹਾਂ ਭੱਜ ਚੁੱਕੀ ਹੈ, ਕਿਉਂਕਿ ਆਮ ਆਦਮੀ ਪਾਰਟੀ ਜੋ ਝੂਠ ਬੋਲ ਕੇ ਸੱਤਾ ਵਿਚ ਆਈ ਸੀ | ਉਨ੍ਹਾਂ ਦਾ ਝੂਠ ਪਿਛਲੇ ਚਾਰ ਸਾਲਾਂ ਦੌਰਾਨ ਲੋਕਾਂ ਸਾਹਮਣੇ ਨੰਗਾ ਹੋ ਚੁੱਕਾ ਹੈ |