ਤਰਨ ਤਾਰਨ, 4 ਦਸੰਬਰ (ਪਰਮਜੀਤ ਜੋਸ਼ੀ)-ਪੰਜਾਬ ਵਿਚ ਹੋਣ ਜਾ ਰਹੀਆਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਸੱਤਾਧਾਰੀ ਆਮ ਆਦਮੀ ਪਾਰਟੀ ਵਲੋਂ ਆਪਣੀ ਨਿਕੰਮੀ ਕਾਰਗੁਜ਼ਾਰੀ ਦੇ ਚੱਲਦਿਆਂ ਹੋਣ ਵਾਲੀ ਹਾਰ ਨੂੰ ਵੇਖ ਕੇ ਬੁਖਲਾਹਟ 'ਚ ਆ ਕੇ ਸਰਕਾਰੀ ਮਸ਼ੀਨਰੀ ਅਤੇ ਗੁੰਡਿਆਂ ਦਾ ਸਹਾਰਾ ਲੈ ਕੇ ਲੋਕਤੰਤਰ ਦਾ ਕਤਲ ਕੀਤਾ ਗਿਆ ਹੈ | ਲੇਕਿਨ ਸਰਕਾਰ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਹੁਣ ਸਿਰਫ਼ ਇਕ ਸਾਲ ਬਾਕੀ ਰਹਿ ਗਿਆ ਹੈ ਅਤੇ ਅਗਲੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਇਸ ਧੱਕੇਸ਼ਾਹੀ ਦਾ ਖਮਿਆਜ਼ਾ ਭੁਗਤਣਾ ਪਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਨੇ 'ਆਪ' ਸਰਕਾਰ ਦੇ ਇਸ਼ਾਰੇ 'ਤੇ ਚੋਣਾਂ ਵਿਚ ਧੱਕੇ ਨਾਲ ਜਿੱਤ ਪ੍ਰਾਪਤ ਕਰਨ ਲਈ ਕੀਤੀ ਗਈ ਕਾਰਵਾਈ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ 'ਆਪ' ਦੇ ਪੰਜਾਬ ਇੰਚਾਰਜ ਅਤੇ ਦਿੱਲੀ ਦੇ ਸਾਬਕਾ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵਲੋਂ ਪਹਿਲਾਂ ਹੀ ਚੋਣਾਂ ਜਿੱਤਣ ਲਈ 'ਸਾਮ-ਦਾਮ-ਦੰਢ-ਭੇਦ-ਸੱਚ-ਝੂਠ-ਲੜਾਈ-ਝਗੜਾ' ਆਦਿ ਹਰ ਰਸਤਾ ਅਖਤਿਆਰ ਕਰਨ ਦਾ ਪਾਠ ਪੜ੍ਹਾਇਆ ਜਾ ਚੁੱਕਾ ਹੈ ਅਤੇ ਪੰਜਾਬ ਸਰਕਾਰ ਇਸ ਰਸਤੇ 'ਤੇ ਬਾਖੂਬੀ ਚੱਲ ਰਹੀ ਹੈ | ਉਨ੍ਹਾਂ ਕਿਹਾ ਕਿ ਇਸ ਧੱਕੇਸ਼ਾਹੀ ਤੋਂ ਸਪੱਸ਼ਟ ਹੋ ਗਿਆ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੀ ਹਾਰ ਮੰਨ ਚੁੱਕੀ ਹੈ ਕਿਉਂਕਿ ਚੋਣਾਂ ਸਮੇਂ ਵੱਡੀਆਂ-ਵੱਡੀਆਂ ਡੀਂਗਾਂ ਮਾਰਨ ਵਾਲੀ ਆਮ ਆਦਮੀ ਪਾਰਟੀ ਨੇ ਪਿਛਲੇ ਚਾਰ ਸਾਲ ਦੇ ਕਾਰਜਕਾਲ ਵਿਚ ਪੰਜਾਬ ਦੀ ਤਰੱਕੀ ਜਾਂ ਖੁਸ਼ਹਾਲੀ ਲਈ ਕੋਈ ਕਦਮ ਨਹੀਂ ਚੁੱਕਿਆ |